‘ਆਪ’ ਸਰਕਾਰ ਦਾ ਪਲੇਠਾ ਬਜਟ ਅੱਜ

‘ਆਪ’ ਸਰਕਾਰ ਦਾ ਪਲੇਠਾ ਬਜਟ ਅੱਜ


ਚੰਡੀਗੜ੍ਹ (ਆਤਿਸ਼ ਗੁਪਤਾ): ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਤੀ ਵਰ੍ਹੇ 2022-23 ਲਈ 27 ਜੂਨ ਨੂੰ ਪਲੇਠਾ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਜਾਣ ਵਾਲੇ ਇਸ ਬਜਟ ਵਿੱਚ ਸਿਹਤ ਅਤੇ ਸਿੱਖਿਆ ਖੇਤਰ ਨੂੰ ਤਰਜੀਹ ਮਿਲੇਗੀ ਤੇ ਉਮੀਦ ਹੈ ਕਿ ਸਰਕਾਰ ਪੰਜਾਬ ਵਾਸੀਆਂ ‘ਤੇ ਨਵੇਂ ਟੈਕਸਾਂ ਦਾ ਬੋਝ ਨਹੀਂ ਪਾਏਗੀ। ਬਜਟ ਸੈਸ਼ਨ ਦਾ ਇਲੈਕਟ੍ਰਾਨਿਕ ਮੀਡੀਆ ‘ਤੇ ਸਿੱਧਾ ਪ੍ਰਸਾਰਨ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਾਸੀਆਂ ਨੂੰ ਕਈ ਗਾਰੰਟੀਆਂ ਦਿੱਤੀਆਂ ਸਨ ਜਿਸ ਕਰਕੇ ਲੋਕਾਂ ਨੂੰ ‘ਆਪ’ ਸਰਕਾਰ ਤੋਂ ਵੱਡੀਆਂ ਆਸਾਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਸਿੱਖਿਆ ਬਜਟ ਵਿੱਚ 30 ਤੋਂ 40 ਫ਼ੀਸਦ ਤਕ ਵਾਧਾ ਕਰ ਸਕਦੀ ਹੈ ਤੇ ਸਿਹਤ ਬਜਟ ਨੂੰ ਵੀ ਵਧਾਇਆ ਜਾਵੇਗਾ ਤਾਂ ਕਿ ਸੂਬੇ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਜਾ ਸਕਣ ਅਤੇ ਡਿਸਪੈਂਸਰੀਆਂ ਅਤੇ ਹੋਰਨਾਂ ਸਿਹਤ ਸਹੂਲਤਾਂ ‘ਚ ਸੁਧਾਰ ਕੀਤਾ ਜਾ ਸਕੇ। ਇਸ ਤੋਂ ਇਲਾਵਾ ਸਰਕਾਰ ਵੱਲੋਂ ਸੂਬੇ ਵਿੱਚ ਪਹਿਲੀ ਜੁਲਾਈ ਤੋਂ ਸ਼ੁਰੂ ਕੀਤੀ ਜਾਣ ਵਾਲੀ 300 ਯੂਨਿਟ ਮੁਫ਼ਤ ਬਿਜਲੀ ਯੋਜਨਾ ਲਈ ਵੀ ਬਜਟ ਵਿੱਚ ਵਿਸ਼ੇਸ਼ ਵਿਵਸਥਾ ਕੀਤੀ ਜਾ ਸਕਦੀ ਹੈ।

ਗੌਰਤਲਬ ਹੈ ਕਿ ਪੰਜਾਬ ‘ਤੇ ਕਰਜ਼ੇ ਦਾ ਬੋਝ ਲਗਾਤਾਰ ਵਧਦਾ ਜਾ ਰਿਹਾ ਹੈ। ਅਜਿਹੇ ਹਾਲਾਤ ਵਿੱਚ ਦੇਖਣਾ ਹੋਵੇਗਾ ਕਿ ਪੰਜਾਬ ਸਰਕਾਰ ਇਸ ਕਰਜ਼ੇ ਨੂੰ ਘਟਾਉਣ ਲਈ ਕਿਸ ਤਰ੍ਹਾਂ ਦੀ ਵਿਉਂਤਬੰਦੀ ਕਰਦੀ ਹੈ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਨੇ ਨਵੀਂ ਆਬਕਾਰੀ ਨੀਤੀ ਰਾਹੀਂ ਸੂਬੇ ਦੀ ਆਮਦਨ ਵਧਾਉਣ ਲਈ ਯੋਜਨਾ ਉਲੀਕੀ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਨਿਵੇਸ਼ ਅਤੇ ਉਦਯੋਗ ਨੂੰ ਹੁਲਾਰਾ ਦੇਣ ਲਈ ਵੀ ਸਰਕਾਰ ਯਤਨਸ਼ੀਲ ਹੈ।



Source link