ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 13 ਸਤੰਬਰ
ਪਿੰਡ ਖੇੜੀ ਭਾਈ ਕੀ ਦੇ ਕਿਸਾਨ ਪਵਿੱਤਰ ਸਿੰਘ ਦੀ ਝੋਨੇ ਦੀ ਫ਼ਸਲ ਚੀਨੀ ਬਿਮਾਰੀ ਕਾਰਨ ਨੁਕਸਾਨੀ ਗਈ, ਜਿਸ ਕਾਰਨ ਅੱਜ ਕਿਸਾਨ ਵੱਲੋਂ ਆਪਣੀ 10 ਏਕੜ ਝੋਨੇ ਦੀ ਫ਼ਸਲ ਨੂੰ ਵਾਹ ਦਿੱਤਾ ਗਿਆ। ਕਿਸਾਨ ਪਵਿੱਤਰ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਨੇ 10 ਏਕੜ ਜ਼ਮੀਨ ਠੇਕੇ ‘ਤੇ ਲਈ ਸੀ, ਜਿਸ ਵਿੱਚ ਝੋਨਾ ਤਿਆਰ ਕਰਨ ਲਈ ਉਸ ਦਾ ਪ੍ਰਤੀ ਏਕੜ 20 ਹਜ਼ਾਰ ਰੁਪਏ ਖਰਚਾ ਹੁਣ ਤੱਕ ਆ ਚੁੱਕਾ ਸੀ ਅਤੇ ਫ਼ਸਲ ਨੂੰ ਬਿਮਾਰੀ ਤੋਂ ਬਚਾਉਣ ਲਈ 2 ਵਾਰ ਸਪਰੇਅ ਵੀ ਕੀਤੀ ਗਈ ਸੀ, ਪਰ ਕੋਈ ਵਧੀਆ ਨਤੀਜਾ ਸਾਹਮਣੇ ਨਹੀਂ ਆਇਆ। ਉਸ ਨੇ ਦੱਸਿਆ ਕਿ ਖੇਤੀਬਾੜੀ ਮਹਿਕਮੇ ਦੇ ਕਿਸੇ ਵੀ ਅਧਿਕਾਰੀ ਨੇ ਫ਼ਸਲ ਨੂੰ ਲੱਗੀ ਬਿਮਾਰੀ ਬਾਰੇ ਸਾਰ ਨਹੀਂ ਲਈ। ਉਸ ਨੇ ਦੱਸਿਆ ਕਿ ਪਹਿਲਾਂ ਕਣਕ ਦੀ ਫ਼ਸਲ ਸਮੇਂ ਵੀ ਉਸ ਦਾ ਝਾੜਾ ਬਹੁਤ ਘੱਟ ਨਿਕਲਿਆ ਸੀ। ਉਸ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਜਲਦ ਹੀ ਡਿਪਟੀ ਕਮਿਸ਼ਨਰ ਨੂੰ ਮਿਲਿਆ ਜਾਵੇਗਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਬਿਮਾਰੀ ਨਾਲ ਨੁਕਸਾਨੀ ਫ਼ਸਲ ਦੀ ਗਿਰਦਾਵਰੀ ਕਰਵਾ ਕੇ ਪ੍ਰਤੀ ਏਕੜ 50 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ।
ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਕੁਲਵਿੰਦਰ ਸਿੰਘ ਨੇ ਕਿਹਾ ਕਿ ਜਿੱਥੇ ਵੀ ਕਿਸਾਨਾਂ ਦੀ ਫ਼ਸਲ ਦੀ ਬਿਮਾਰੀ ਸਬੰਧੀ ਜਾਣਕਾਰੀ ਮਿਲਦੀ ਹੈ, ਉੱਥੇ ਵਿਭਾਗ ਦੇ ਅਧਿਕਾਰੀਆਂ ਨੂੰ ਭੇਜ ਕੇ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਮੁਤਾਬਕ ਕਿਸਾਨਾਂ ਨੂੰ ਜਾਣਕਾਰੀ ਅਤੇ ਮਦਦ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿੱਚ ਵੀ ਵਿਭਾਗ ਦੇ ਅਧਿਕਾਰੀ ਗਏ ਸਨ ਅਤੇ ਉੱਚ ਅਧਿਕਾਰੀਆਂ ਨੂੰ ਵੀ ਸੂਚਿਤ ਕੀਤਾ ਗਿਆ ਹੈ।