ਯੂਨੀਵਰਸਿਟੀ ਵਿਦਿਆਰਥੀ ਪ੍ਰਦਰਸ਼ਨ: ਕੌਮੀ ਮਹਿਲਾ ਕਮਿਸ਼ਨ ਨੇ ਲਿਆ ਘਟਨਾ ਦਾ ਨੋਟਿਸ

ਯੂਨੀਵਰਸਿਟੀ ਵਿਦਿਆਰਥੀ ਪ੍ਰਦਰਸ਼ਨ: ਕੌਮੀ ਮਹਿਲਾ ਕਮਿਸ਼ਨ ਨੇ ਲਿਆ ਘਟਨਾ ਦਾ ਨੋਟਿਸ


ਨਵੀਂ ਦਿੱਲੀ, 18 ਸਤੰਬਰ

ਪੰਜਾਬ ਦੇ ਮੁਹਾਲੀ ਵਿੱਚ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਇਤਰਾਜ਼ਯੋਗ ਵੀਡੀਓ ਲੀਕ ਹੋਣ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀਆਂ ਵਿਦਿਆਰਥਣਾਂ ‘ਚੋਂ ਕਥਿਤ ਤੌਰ ‘ਤੇ ਕੁਝ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੇ ਜਾਣ ਦੀ ਘਟਨਾ ਦਾ ਕੌਮੀ ਮਹਿਲਾ ਕਮਿਸ਼ਨ ਨੇ ਨੋਟਿਸ ਲੈਂਦਿਆਂ ਇਸ ਸਬੰਧ ਵਿੱਚ ਐੱਫਆਈਆਰ ਦਰਜ ਕਰਨ ਲਈ ਕਿਹਾ ਹੈ। ਕਮਿਸ਼ਨ ਨੇ ਕਿਹਾ ਕਿ ਉਸ ਨੂੰ ਮੀਡੀਆਂ ਦੀਆਂ ਖ਼ਬਰਾਂ ਤੇ ਟਵਿੱਟਰ ਦੀਆਂ ਪੋਸਟਾਂ ਤੋਂ ਪਤਾ ਲੱਗਾ ਹੈ ਕਿ ਚੰਡੀਗੜ੍ਹ ਯੂਨੀਵਰਸਿਟੀ ਦੇ ਇਕ ਹੋਸਟਲ ਵਿੱਚ ਰਹਿੰਦੀਆਂ ਲੜਕੀਆਂ ਦੀਆਂ ਇਤਰਾਜ਼ਯੋਗ ਵੀਡੀਓਜ਼ ਲੀਕ ਹੋਣ ਤੋਂ ਬਾਅਦ ਉਨ੍ਹਾਂ ਲੜਕੀਆਂ ‘ਚੋਂ ਕੁਝ ਨੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।

ਕੌਮੀ ਮਹਿਲਾ ਕਮਿਸ਼ਨ ਵੱਲੋਂ ਜਾਰੀ ਇਕ ਬਿਆਨ ਵਿੱਚ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਡੀਜੀਪੀ ਪੰਜਾਬ ਨੂੰ ਮਾਮਲੇ ‘ਚ ਤੁਰੰਤ ਐੱਫਆਈਆਰ ਦਰਜ ਕਰਨ ਅਤੇ ਕੋਈ ਢਿੱਲ ਨਾ ਵਰਤਣ ਲਈ ਲਿਖਿਆ ਹੈ। ਕਮਿਸ਼ਨ ਨੇ ਕਿਹਾ ਕਿ ਪੀੜਤਾਂ ਦੀ ਢੁਕਵੀਂ ਕਾਊਂਸਲਿੰਗ ਕੀਤੀ ਜਾਵੇ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਕਮਿਸ਼ਨ ਨੇ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਵੀ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖਤ ਕਾਰਵਾਈ ਕਰਨ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਨ ਲਈ ਲਿਖਿਆ ਹੈ। ਇਸ ਤੋਂ ਇਲਾਵਾ ਕਮਿਸ਼ਨ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਮਾਮਲੇ ਦੀ ਤੱਥਾਂ ਦੇ ਆਧਾਰ ‘ਤੇ ਤੁਰੰਤ ਜਾਂਚ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਪੁਲੀਸ ਬਿਨਾਂ ਕਿਸੇ ਦਬਾਅ ਤੋਂ ਨਿਰਪੱਖ ਢੰਗ ਨਾਲ ਮਾਮਲੇ ਦੀ ਜਾਂਚ ਕਰੇ। -ਪੀਟੀਆਈSource link