ਸਤਵਿੰਦਰ ਬਸਰਾ
ਲੁਧਿਆਣਾ, 23 ਸਤੰਬਰ
ਗਡਵਾਸੂ ਦੇ ਨਾਨ-ਟੀਚਿੰਗ ਕਰਮਚਾਰੀਆਂ ਦੀ ਯੂਨੀਅਨ ਨੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੀਟਿੰਗ ਮਗਰੋਂ ਯੂਨੀਵਰਸਿਟੀ ਵਿੱਚ ਅਣਮਿੱਥੇ ਸਮੇਂ ਲਈ ਦਿੱਤਾ ਜਾ ਰਿਹਾ ਧਰਨਾ ਮੁਲਤਵੀ ਕਰ ਦਿੱਤਾ ਹੈ। ਯੂਨੀਅਨ ਦੇ ਪ੍ਰਧਾਨ ਦੀਦਾਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਨੇ ਦੱਸਿਆ ਕਿ ਵਿਧਾਇਕ ਗੁਰਪ੍ਰੀਤ ਗੋਗੀ ਦੀ ਅਗਵਾਈ ਹੇਠ ਯੂਨੀਅਨ ਦਾ ਵਫ਼ਦ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਮਿਲਿਆ ਸੀ। ਇਸ ਮੀਟਿੰਗ ਵਿੱਚ ਮੰਤਰੀ ਨਾਲ ਛੇਵੇਂ ਪੇਅ ਕਮਿਸ਼ਨ ਸਬੰਧੀ ਗੱਲਬਾਤ ਹੋਈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਫੋਨ ‘ਤੇ ਗੱਲ ਕੀਤੀ ਅਤੇ ਇਸ ਮਸਲੇ ਨੂੰ ਅਗਲੇ ਹਫ਼ਤੇ ਮੀਟਿੰਗ ਕਰਕੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ।
ਮੰਤਰੀ ਨੇ ਮੁਲਾਜ਼ਮਾਂ ਨੂੰ ਅਣਮਿੱਥੇ ਸਮੇਂ ਦੀ ਹੜਤਾਲ ਵੀ ਖਤਮ ਕਰਨ ਲਈ ਆਖਿਆ। ਵਿਧਾਇਕ ਅਤੇ ਮੰਤਰੀ ਦੇ ਭਰੋਸੇ ਮਗਰੋਂ ਗਡਵਾਸੂ ਯੂਨੀਅਨ ਨੇ ਅਣਮਿੱਥੇ ਸਮੇਂ ਦੀ ਹੜਤਾਲ ਮੁਲਤਵੀ ਕਰ ਦਿੱਤੀ ਹੈ।