ਸ਼੍ਰੋਮਣੀ ਕਮੇਟੀ ਤੋੜਨ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ

ਸ਼੍ਰੋਮਣੀ ਕਮੇਟੀ ਤੋੜਨ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ
ਸ਼੍ਰੋਮਣੀ ਕਮੇਟੀ ਤੋੜਨ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ


ਜਗਤਾਰ ਸਿੰਘ ਲਾਂਬਾ

ਮੁੱਖ ਅੰਸ਼

  • ਕੇਂਦਰੀ ਗ੍ਰਹਿ ਮੰਤਰੀ ਨੂੰ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ ਦੀ ਕੀਤੀ ਮੰਗ
  • ਵੱਖਰੀ ਕਮੇਟੀ ਬਣਾਉਣ ਸਬੰਧੀ ਫ਼ੈਸਲਾ ਸਿਆਸਤ ਤੋਂ ਪ੍ਰੇਰਿਤ ਦੱਸਿਆ

ਅੰਮ੍ਰਿਤਸਰ, 30 ਸਤੰਬਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ‘ਚ ਵੱਖਰੀ ਗੁਰਦੁਆਰਾ ਕਮੇਟੀ ਬਣਾਏ ਜਾਣ ਖ਼ਿਲਾਫ਼ ਸੰਘਰਸ਼ ਦਾ ਐਲਾਨ ਕਰਦਿਆਂ ਭਾਰਤ ਦੇ ਚੀਫ਼ ਜਸਟਿਸ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਫ਼ੈਸਲੇ ‘ਤੇ ਮੁੜ ਵਿਚਾਰ ਕਰਨ ਲਈ ਪੰਜ ਮੈਂਬਰੀ ਬੈਂਚ ਕਾਇਮ ਕਰਨ ਦਾ ਹੁਕਮ ਦੇਣ। ਸ਼੍ਰੋਮਣੀ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਕਮੇਟੀ ਦੇ ਹੱਕ ਵਿੱਚ ਭਾਰਤ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ।

ਇਹ ਫ਼ੈਸਲੇ ਅੱਜ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਈ ਮੀਟਿੰਗ ਦੌਰਾਨ ਲਏ ਗਏ। ਮੀਟਿੰਗ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਗਿਆਨੀ ਜਸਵੰਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਮੈਂਬਰ, ਅਧਿਕਾਰੀਆਂ ਤੇ ਹੋਰਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮਤਾ ਪਾਸ ਕਰਕੇ ਇਸ ਫ਼ੈਸਲੇ ਖ਼ਿਲਾਫ਼ ਕਰੜਾ ਸੰਘਰਸ਼ ਕਰਨ ਦਾ ਵੀ ਐਲਾਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਅੱਜ ਮੀਟਿੰਗ ਦੌਰਾਨ ਭਾਰਤ ਦੇ ਚੀਫ਼ ਜਸਟਿਸ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਹਰਿਆਣਾ ਕਮੇਟੀ ਸਬੰਧੀ ਫ਼ੈਸਲੇ ਬਾਰੇ ਇਕ ਪੰਜ ਮੈਂਬਰੀ ਸੰਵਿਧਾਨਕ ਬੈਂਚ ਦਾ ਗਠਨ ਕਰਕੇ ਇਸ ਮਾਮਲੇ ‘ਤੇ ਮੁੜ ਵਿਚਾਰ ਕਰਨ ਲਈ ਆਖਣ। ਉਨ੍ਹਾਂ ਦੋਸ਼ ਲਾਇਆ ਕਿ ਇਹ ਫ਼ੈਸਲਾ ਸਿਆਸਤ ਤੋਂ ਪ੍ਰੇਰਿਤ ਸੀ ਜਿਸ ਨੂੰ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਮੁੱਢੋਂ ਰੱਦ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਭਾਰਤ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਹੱਕ ਵਿੱਚ ਸੁਪਰੀਮ ਕੋਰਟ ਵਿੱਚ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ ਅਤੇ ਹਰਿਆਣਾ ਕਮੇਟੀ ਐਕਟ ਨੂੰ ਰੱਦ ਕਰਨ ਲਈ ਸੰਸਦ ਵਿੱਚ ਮਤਾ ਪਾਸ ਕੀਤਾ ਜਾਵੇ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਕੋਲੋਂ ਮੰਗ ਕੀਤੀ ਕਿ ਉਹ ਆਲ ਇੰਡੀਆ ਗੁਰਦੁਆਰਾ ਐਕਟ ਦੀ ਸਥਾਪਨਾ ਲਈ ਵੀ ਲੋੜੀਂਦੀ ਕਾਰਵਾਈ ਅੱਗੇ ਵਧਾਉਣ। ਇਸ ਮੌਕੇ ਇੱਕ ਮਤੇ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਸਮੁੱਚੀ ਸਿੱਖ ਕੌਮ ਨੂੰ ਇਕਜੁੱਟ ਕਰਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਇਹ ਸੰਘਰਸ਼ ਲੜਿਆ ਜਾਵੇਗਾ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਤੋੜਨ ਵਾਲੀਆਂ ਕਾਰਵਾਈਆਂ ਬਿਲਕੁਲ ਗਲਤ ਹਨ। ਉਨ੍ਹਾਂ ਆਖਿਆ ਕਿ ਇਸ ਮਾਮਲੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਵਿਸ਼ੇਸ਼ ਬੈਠਕ ਜਲਦ ਸੱਦੀ ਜਾਵੇਗੀ ਅਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਮੀਟਿੰਗ ਨੂੰ ਸੰਬੋਧਨ ਕਰਨ ਵਾਲਿਆਂ ‘ਚ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਗੋਬਿੰਦ ਸਿੰਘ ਲੌਂਗੋਵਾਲ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਸਰਵਨ ਸਿੰਘ ਕੁਲਾਰ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਬਲਦੇਵ ਸਿੰਘ ਕਾਇਮਪੁਰ, ਬੀਬੀ ਕਿਰਨਜੋਤ ਕੌਰ, ਕੁਲਵੰਤ ਸਿੰਘ ਮੰਨਣ, ਸੁਰਿੰਦਰ ਸਿੰਘ ਭੁਲੇਵਾਲ ਰਾਠਾਂ, ਹਰਪਾਲ ਸਿੰਘ ਜੱਲਾ, ਗੁਰਬਚਨ ਸਿੰਘ ਕਰਮੂਵਾਲਾ, ਭਾਈ ਅਜਾਇਬ ਸਿੰਘ ਅਭਿਆਸੀ, ਗੁਰਪ੍ਰੀਤ ਸਿੰਘ ਝੱਬਰ ਸ਼ਾਮਲ ਸਨ। ਇਸ ਤੋਂ ਇਲਾਵਾ ਐਡੋਵਕੇਟ ਭਗਵੰਤ ਸਿੰਘ ਸਿਆਲਕਾ, ਜਰਨੈਲ ਸਿੰਘ ਡੋਗਰਾਂਵਾਲਾ, ਗੁਰਮੀਤ ਸਿੰਘ ਬੂਹ, ਸਤਵਿੰਦਰ ਸਿੰਘ ਟੌਹੜਾ, ਭੁਪਿੰਦਰ ਸਿੰਘ ਭਲਵਾਨ, ਬਲਜੀਤ ਸਿੰਘ ਜਲਾਲਉਸਮਾਂ ਨੇ ਮਤੇ ਪੇਸ਼ ਕੀਤੇ, ਜਿਨ੍ਹਾਂ ਨੂੰ ਸਮੂਹ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ।

ਸ਼੍ਰੋਮਣੀ ਕਮੇਟੀ ਵੱਲੋਂ ਕੱਢੇ ਜਾਣਗੇ ਰੋਸ ਮਾਰਚ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ 4 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਇੱਕ ਰੋਸ ਮਾਰਚ ਕੱਢਿਆ ਜਾਵੇਗਾ। ਇਸ ਰੋਸ ਮਾਰਚ ਰਾਹੀਂ ਹਰਿਆਣਾ ਕਮੇਟੀ ਵਿਰੁੱਧ ਤੇ ਆਰਐੱਸਐੱਸ ਖ਼ਿਲਾਫ਼ ਮੈਮੋਰੰਡਮ ਡਿਪਟੀ ਕਮਿਸ਼ਨਰ ਰਾਹੀਂ ਸਰਕਾਰ ਨੂੰ ਦਿੱਤਾ ਜਾਵੇਗਾ। 7 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਤੱਕ ਸੰਗਤ ਨੂੰ ਜਾਗਰੂਕ ਕਰਨ ਲਈ ਮਾਰਚ ਕੱਢੇ ਜਾਣਗੇ। ਹਰਿਆਣਾ ਦੀ ਸੰਗਤ ਦੇ ਸਹਿਯੋਗ ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਘਿਰਾਓ ਦਾ ਪ੍ਰੋਗਰਾਮ ਵੀ ਉਲੀਕਿਆ ਜਾਵੇਗਾ।



Source link