ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 20 ਅਕਤੂਬਰ
ਡਾ. ਸਤਬੀਰ ਸਿੰਘ ਗੋਸਲ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਵਜੋਂ ਨਿਯੁਕਤੀ ਬਾਰੇ ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਿਚਾਲੇ ਟਕਰਾਅ ਵਧਦਾ ਨਜ਼ਰ ਆ ਰਿਹਾ ਹੈ। ਰਾਜਪਾਲ ਵੱਲੋਂ ਡਾ. ਗੋਸਲ ਦੀ ਨਿਯੁਕਤੀ ਨੂੰ ਗੈਰ-ਕਾਨੂੰਨੀ ਦੱਸਦਿਆਂ ਅਹੁਦੇ ਤੋਂ ਹਟਾਉਣ ਲਈ ਕਹਿਣ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਨਿਯੁਕਤੀ ਨੂੰ ਜਾਇਜ਼ ਠਹਿਰਾਉਂਦਿਆਂ ਰਾਜਪਾਲ ਨੂੰ ਪੱਤਰ ਲਿਖਿਆ ਹੈ। ਸ੍ਰੀ ਮਾਨ ਨੇ ਕਿਹਾ ਕਿ ਡਾ. ਸਤਬੀਰ ਸਿੰਘ ਗੋਸਲ ਦੀ ਨਿਯੁਕਤੀ ਪੰਜਾਬ ਅਤੇ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਐਕਟ 1970 ਅਨੁਸਾਰ ਕੀਤੀ ਗਈ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਦੱਸਿਆ ਕਿ ਇਸ ਅਹੁਦੇ ‘ਤੇ ਨਿਯੁਕਤੀ ਪੀਏਯੂ ਬੋਰਡ ਦਾ ਅਧਿਕਾਰ ਹੈ। ਇਸ ਲਈ ਮੁੱਖ ਮੰਤਰੀ ਜਾਂ ਰਾਜਪਾਲ ਦੀ ਕੋਈ ਭੂਮਿਕਾ ਨਹੀਂ ਹੈ।