ਟ੍ਰਿਬਿਊਨ ਨਿਊਜ਼ ਸਰਵਿਸ/ਪੱਤਰ ਪ੍ਰੇਰਕ
ਚੰਡੀਗੜ੍ਹ/ਮੁਹਾਲੀ, 17 ਦਸੰਬਰ
ਪੰਜਾਬ ਸਰਕਾਰ ਨੇ ਡਿਊਟੀ ‘ਚ ਲਾਪ੍ਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ 42 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਤਿੰਨ ਅਧਿਕਾਰੀਆਂ ਨੂੰ ਚਾਰਜਸ਼ੀਟ ਕੀਤਾ ਹੈ। ਇਹ ਕਾਰਵਾਈ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਹੈ। ਵਿਭਾਗ ਵੱਲੋਂ ਜਿਹੜੇ ਤਿੰਨ ਅਧਿਕਾਰੀਆਂ ਨੂੰ ਚਾਰਜਸ਼ੀਟ ਕੀਤਾ ਹੈ, ਉਨ੍ਹਾਂ ਵਿੱਚ ਜਸਪਾਲ ਕੌਰ ਸਹਾਇਕ ਅਸਟੇਟ ਅਫ਼ਸਰ ਪਟਿਆਲਾ ਵਿਕਾਸ ਅਥਾਰਿਟੀ, ਰਾਜੇਸ਼ ਕੁਮਾਰ ਸੀਨੀਅਰ ਸਹਾਇਕ (ਲੇਖਾ) ਅੰਮ੍ਰਿਤਸਰ ਵਿਕਾਸ ਅਥਾਰਿਟੀ ਅਤੇ ਪਰਮਿੰਦਰ ਸਿੰਘ ਸੀਨੀਅਰ ਸਹਾਇਕ ਅਸਟੇਟ ਦਫ਼ਤਰ ਗਮਾਡਾ ਸ਼ਾਮਲ ਹਨ। ਇਸੇ ਤਰ੍ਹਾਂ 42 ਅਧਿਕਾਰੀਆਂ ਵਿੱਚ ਅੰਮ੍ਰਿਤਸਰ ਵਿਕਾਸ ਅਥਾਰਿਟੀ ਦਾ ਇੱਕ ਜੂਨੀਅਰ ਇੰਜਨੀਅਰ (ਸਿਵਲ), ਜਲੰਧਰ ਵਿਕਾਸ ਅਥਾਰਿਟੀ ਦੇ ਚਾਰ ਜੂਨੀਅਰ ਇੰਜਨੀਅਰ, ਬਠਿੰਡਾ ਵਿਕਾਸ ਅਥਾਰਿਟੀ ਦਾ ਇਕ ਸੈਕਸ਼ਨ ਅਫ਼ਸਰ (ਐੱਸਓ) ਅਤੇ ਇਕ ਸੀਨੀਅਰ ਸਹਾਇਕ (ਲੇਖਾ) ਅਤੇ ਗਲਾਡਾ ਦੇ ਚਾਰ ਸੀਨੀਅਰ ਸਹਾਇਕ (ਲੇਖਾ), ਇੱਕ ਸਹਾਇਕ ਅਸਟੇਟ ਅਫ਼ਸਰ, ਇੱਕ ਸਬ-ਡਿਵੀਜ਼ਨ ਇੰਜਨੀਅਰ (ਸਿਵਲ), ਇੱਕ ਸੁਪਰਡੈਂਟ ਅਤੇ ਇੱਕ ਐੱਸਓ ਸ਼ਾਮਲ ਹੈ। ਗਮਾਡਾ ਦੇ ਅਧਿਕਾਰੀਆਂ ਵਿਚ ਇੱਕ ਅਸਟੇਟ ਅਫ਼ਸਰ (ਮਕਾਨ ਉਸਾਰੀ), ਇਕ ਅਸਟੇਟ ਅਫ਼ਸਰ (ਪਲਾਟ), ਤਿੰਨ ਸਹਾਇਕ ਅਸਟੇਟ ਅਫ਼ਸਰ, ਚਾਰ ਸੁਪਰਡੈਂਟ (ਅਸਟੇਟ ਦਫ਼ਤਰ), ਦੋ ਸੀਨੀਅਰ ਸਹਾਇਕ (ਲੇਖਾ), ਸੱਤ ਕਲਰਕ, ਸੱਤ ਸੀਨੀਅਰ ਸਹਾਇਕ ਤੇ ਦੋ ਜੇਈ (ਸਿਵਲ) ਸ਼ਾਮਲ ਹਨ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਆਪਣੇ ਫ਼ਰਜ਼ ਪ੍ਰਤੀ ਲੋਕ-ਸੇਵਕਾਂ ਦੀ ਟਾਲ-ਮਟੋਲ ਵਾਲੀ ਪਹੁੰਚ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਮੁੱਢਲੀਆਂ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਮਕਾਨ ਵਿਭਾਗ ਨੇ ਆਨਲਾਈਨ ਪ੍ਰਣਾਲੀ ਸਥਾਪਿਤ ਕੀਤੀ ਹੈ।