ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਦਸੰਬਰ
ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਆਖਰੀ ਦਿਨ ਗੰਨੇ ਦੀਆਂ ਕੀਮਤਾਂ, ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਅਤੇ ਸੂਬੇ ਵਿੱਚ ਸੀਵਰੇਜ ਦੀ ਸਫ਼ਾਈ ਦੌਰਾਨ ਹੋਈਆਂ ਮੌਤਾਂ ਦੇ ਮੁੱਦੇ ‘ਤੇ ਭਾਰੀ ਹੰਗਾਮਾ ਹੋਇਆ। ਅੱਜ ਵਿਧਾਨ ਸਭਾ ਵਿੱਚ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਸੂਬੇ ਵਿੱਚ ਗੰਨੇ ਦੀਆਂ ਕੀਮਤਾਂ ਵਧਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਗੰਨੇ ਦਾ ਭਾਅ ਪੰਜਾਬ ਦੇ ਬਰਾਬਰ ਕੀਤਾ ਜਾਣਾ ਚਾਹੀਦਾ ਹੈ। ਇਸ ‘ਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਮੇਟੀ ਬਣਾਉਣ ਅਤੇ 15 ਦਿਨਾਂ ਵਿੱਚ ਰਿਪੋਰਟ ਦੇਣ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਫ਼ੈਸਲਾ ਕੀਤਾ ਜਾਵੇਗਾ। ਮੁੱਖ ਮੰਤਰੀ ਦੇ ਫ਼ੈਸਲੇ ਦੀ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਸਣੇ ਸਮੂਹ ਕਾਂਗਰਸੀ ਵਿਧਾਇਕਾਂ ਨੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ, ਜਿਸ ਕਰ ਕੇ ਸਦਨ ਦੀ ਕਾਰਵਾਈ ਇਕ ਘੰਟਾ ਪ੍ਰਭਾਵਿਤ ਰਹੀ। ਇਸੇ ਤਰ੍ਹਾਂ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੀ ਮਾਂ ਅਤੇ ਵਿਧਾਇਕ ਨੈਨਾ ਚੌਟਾਲਾ ਨੇ ਆਪਣੀ ਹੀ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕਰਦਿਆਂ ਸੂਬੇ ਦੇ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਦਾ ਮੁੱਦਾ ਚੁੱਕਿਆ। ਇਨੈਲੋ ਵਿਧਾਇਕ ਅਭੈ ਚੌਟਾਲਾ ਨੇ ਸੋਨੀਪਤ ਵਿੱਚ ਕਥਿਤ ਸ਼ਰਾਬ ਘੁਟਾਲੇ ਨੂੰ ਲੈ ਕੇ ਧਿਆਨ ਦਿਵਾਊ ਮਤਾ ਦਿੱਤਾ ਸੀ। ਸਪੀਕਰ ਨੇ ਇਸ ‘ਤੇ ਚਰਚਾ ਨਹੀਂ ਕਰਵਾਈ ਤਾਂ ਉਹ ਗਿਆਨਚੰਦ ਗੁਪਤਾ ਨਾਲ ਭਿੜ ਗਏ। ਅਭੈ ਨੇ ਵਾਕਆਊਟ ਕਰਦਿਆਂ ਦੋਸ਼ ਲਾਇਆ ਕਿ ਸਪੀਕਰ ਸਰਕਾਰ ਨਾਲ ਮਿਲੇ ਹੋਏ ਹਨ।
ਨਵੀਨ ਜੈਹਿੰਦ ਗ੍ਰਿਫ਼ਤਾਰ
ਹਰਿਆਣਾ ਵਿੱਚ ਵਧ ਰਹੀ ਬੇਰੁਜ਼ਗਾਰੀ ਤੋਂ ਨਾਰਾਜ਼ ‘ਆਪ’ ਦੇ ਸਾਬਕਾ ਪ੍ਰਧਾਨ ਨਵੀਨ ਜੈਹਿੰਦ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਆਖਰੀ ਦਿਨ ਵਿਧਾਇਕਾਂ ਨੂੰ ਬੇਰੁਜ਼ਗਾਰਾਂ ਦੀ ਬਰਾਤ ਦਾ ਸੱਦਾ ਦੇਣ ਜਾ ਰਹੇ ਸੀ, ਜਿਨ੍ਹਾਂ ਨੂੰ ਚੰਡੀਗੜ੍ਹ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ। ਨਵੀਨ ਜੈਹਿੰਦ ਨੇ ਕਿਹਾ ਕਿ ਸੂਬੇ ਵਿੱਚ ਬੇਰੁਜ਼ਗਾਰੀ ਵਧਦੀ ਜਾ ਰਹੀ ਹੈ ਪਰ ਸਰਕਾਰ ਬੇਰੁਜ਼ਗਾਰੀ ਨੂੰ ਖਤਮ ਕਰਨ ਵੱਲ ਧਿਆਨ ਨਹੀਂ ਦੇ ਰਹੀ ਹੈ।