ਦਰਸ਼ਨ ਸਿੰਘ ਸੋਢੀ
ਮੁਹਾਲੀ, 21 ਜਨਵਰੀ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਐਮੀਨੈਂਸ ਸਕੂਲ ਪ੍ਰਾਜੈਕਟ ਨੂੰ ਅੱਜ ਮੁਹਾਲੀ ਵਿੱਚ ਲਾਂਚ ਕੀਤਾ ਗਿਆ ਹੈ। ਇਸ ਸਬੰਧੀ ਇੱਥੋਂ ਦੇ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐੱਸਬੀ) ਵਿੱਚ ਸੂਬਾ ਪੱਧਰੀ ਸਮਾਗਮ ਕੀਤਾ ਗਿਆ, ਜਿਸ ਦੇ ਮੁੱਖ ਮਹਿਮਾਨ ਮੁੱਖ ਮੰਤਰੀ ਭਗਵੰਤ ਮਾਨ ਸਨ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ ਸਪਾਟਾ ਮੰਤਰੀ ਮੰਤਰੀ ਅਨਮੋਲ ਗਗਨ ਮਾਨ, ਵਿਧਾਇਕ ਕੁਲਵੰਤ ਸਿੰਘ, ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਹੋਰ ਉੱਚ ਅਧਿਕਾਰੀ ਮੌਜੂਦ ਸਨ। ਸ੍ਰੀ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਲਈ ਇਤਿਹਾਸਕ ਹੈ। ਪੰਜਾਬ ਦੇ ਸਕੂਲਾਂ ਨੂੰ ਵਿਸ਼ਵ ਪੱਧਰ ਦਾ ਬਣਾਉਣ ਦਾ ਸੁਫ਼ਨਾ ਉਨ੍ਹਾਂ ਨੂੰ ਸੌਣ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਐਮੀਨੈਂਸ ਸਕੂਲ ਨੂੰ ਜੇ ਪੰਜਾਬੀ ਵਿੱਚ ਕਹਿਣਾ ਹੋਵੇ ਤਾਂ ਹੁਨਰ ਨੂੰ ਤਲਾਸ਼ਣ ਵਾਲਾ ਸਕੂਲ ਹੈ। ਹੁਨਰ ਕੋਈ ਅਮੀਰੀ ਗਰੀਬੀ ਨਹੀਂ ਦੇਖਦਾ। ਇਸ ਸਮਾਗਮ ਵਿੱਚ 117 ਐਮੀਨੈਂਸ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਿੰਗਾਪੁਰ ਜਾ ਰਹੇ 36 ਪ੍ਰਿੰਸੀਪਲ ਵੀ ਹਾਜ਼ਰ ਸਨ। ਮੁੱਖ ਮੰਤਰੀ ਨੇ ਕਿਹਾ, ‘ਮੇਰਾ ਪਹਿਲਾਂ ਤੋਂ ਹੀ ਇਹ ਸੁਫ਼ਨਾ ਸੀ ਕਿ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕੀਤੀ ਜਾਵੇ ਅਤੇ ਪੰਜਾਬ ਦੇ ਨੌਜਵਾਨਾਂ, ਖਾਸ ਕਰਕੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾਵੇ ਤਾਂ ਜੋ ਉਹ ਸ਼ਹੀਦਾਂ ਦੇ ਸੁਫ਼ਨਿਆਂ ਦਾ ਮੋਹਰੀ ਦੇਸ਼ ਬਣਾਉਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਅ ਸਕਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਮਜ਼ਦੂਰ, ਡੀਸੀ ਅਤੇ ਮੰਤਰੀਆਂ ਦੇ ਬੱਚੇ ਇੱਕੋ ਬੈਂਚ ਉੱਤੇ ਬੈਠ ਕੇ ਪੜ੍ਹਨਗੇ। ਬਾਕੀ ਮਾਪਿਆ ਦੀ ਆਪਣੀ ਮਰਜ਼ ਹੋਵੇਗੀ ਕਿ ਉਹ ਆਪਣੇ ਬੱਚਿਆਂ ਨੂੰ ਮਹਿੰਗੀਆਂ ਫੀਸਾਂ ਵਾਲੇ ਸਕੂਲਾਂ ਵਿੱਚ ਪੜ੍ਹਾਉਣਾ ਚਾਹੁੰਦੇ ਹਨ ਜਾਂ ਮੁਫ਼ਤ ਸਿੱਖਿਆ ਵਾਲੇ ਸਕੂਲ ਵਿੱਚ। ਮੁੱਖ ਮੰਤਰੀ ਨੇ ਕਿਹਾ ਕਿ ਐਮੀਨੈਂਸ ਸਕੂਲਾਂ ਦੇ ਨਾਮ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਮ ਉੱਤੇ ਰੱਖੇ ਜਾਣਗੇ।