ਸਿੰਗਾਪੁਰ ਟ੍ਰੇਨਿੰਗ ਲਈ 4 ਨੂੰ ਰਵਾਨਾ ਹੋਵੇਗਾ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ: ਮਾਨ

ਸਿੰਗਾਪੁਰ ਟ੍ਰੇਨਿੰਗ ਲਈ 4 ਨੂੰ ਰਵਾਨਾ ਹੋਵੇਗਾ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ: ਮਾਨ


ਆਤਿਸ਼ ਗੁਪਤਾ

ਚੰਡੀਗੜ੍ਹ, 2 ਫਰਵਰੀ

ਪੰਜਾਬ ਦੇ ਲੋਕਾਂ ਨੂੰ ਦਿੱਤੀ ਇਕ ਹੋਰ ਗਾਰੰਟੀ ਪੂਰੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਆਪਣੇ ਪੇਸ਼ੇਵਰ ਹੁਨਰ ਨੂੰ ਹੋਰ ਨਿਖਾਰਨ ਲਈ ਸਿੰਗਾਪੁਰ ਜਾਵੇਗਾ। ਲੋਕਾਂ ਨਾਲ ਆਨਲਾਈਨ ਵਿਧੀ ਜ਼ਰੀਏ ਰਾਬਤਾ ਕਾਇਮ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਾਸੀਆਂ ਨੂੰ ਗਾਰੰਟੀ ਦਿੱਤੀ ਗਈ ਸੀ ਕਿ ਸੂਬੇ ਵਿਚ ਸਿੱਖਿਆ ਖੇਤਰ ਦੀ ਮੁਕੰਮਲ ਤੌਰ ਉਤੇ ਕਾਇਆ ਕਲਪ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹਨ, ਜੋ ਸਿੱਖਿਆ ਦਾ ਪੱਧਰ ਉੱਚਾ ਚੁੱਕ ਸਕਦੇ ਹਨ, ਜਿਸ ਕਰਕੇ ਇਹ ਗਾਰੰਟੀ ਦਿੱਤੀ ਗਈ ਸੀ ਕਿ ਅਧਿਆਪਕਾਂ ਨੂੰ ਵਿਦੇਸ਼ਾਂ ਵਿਚ ਉਚ ਪੱਧਰ ਦੀ ਟ੍ਰੇਨਿੰਗ ਦੇ ਕੇ ਉਨ੍ਹਾਂ ਦੇ ਅਧਿਆਪਨ ਹੁਨਰ ਨੂੰ ਹੋਰ ਨਿਖਾਰਿਆ ਜਾਵੇਗਾ। ਸ੍ਰੀ ਭਗਵੰਤ ਮਾਨ ਨੇ ਕਿਹਾ ਕਿ ਇਸੇ ਗਾਰੰਟੀ ਦੇ ਆਧਾਰ ਉਤੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਪੇਸ਼ੇਵਰ ਟ੍ਰੇਨਿੰਗ ਲਈ 4 ਫਰਵਰੀ ਨੂੰ ਸਿੰਗਾਪੁਰ ਰਵਾਨਾ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਿੰਸੀਪਲ 6 ਤੋਂ 10 ਫਰਵਰੀ ਤੱਕ ਹੋ ਰਹੇ ‘ਪ੍ਰੋਫੈਸ਼ਨਲ ਟੀਚਰਜ਼ ਟ੍ਰੇਨਿੰਗ ਸੈਮੀਨਾਰ’ ਵਿਚ ਸ਼ਿਰਕਤ ਕਰਨਗੇ। ਇਹ ਬੈਚ ਸੈਮੀਨਾਰ ਵਿਚ ਹਿੱਸਾ ਲੈਣ ਤੋਂ ਬਾਅਦ 11 ਫਰਵਰੀ ਨੂੰ ਪਰਤੇਗਾ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਸ ਇਨਕਲਾਬੀ ਕਦਮ ਨਾਲ ਸੂਬੇ ਦੇ ਲੱਖਾਂ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ।



Source link