ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਅੱਜ ਵੀ ਸਾਰਥਕ: ਸੁਖਬੀਰ

ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਅੱਜ ਵੀ ਸਾਰਥਕ: ਸੁਖਬੀਰ


ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 4 ਫਰਵਰੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਹੁਮਤਵਾਦੀ ਸਿਧਾਂਤਾਂ ‘ਤੇ ਚੱਲ ਰਹੀ ਸਰਕਾਰ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਦੇ ਅਨੁਰੂਪ ਨਹੀਂ ਹੈ, ਜਿਨ੍ਹਾਂ ਨੇ ਸਾਰਿਆਂ ਲਈ ਸਮਾਨਤਾ ਦਾ ਪ੍ਰਚਾਰ ਕੀਤਾ ਸੀ। ਅਕਾਲੀ ਦਲ ਦੇ ਪ੍ਰਧਾਨ ਗੁਰੂ ਰਵਿਦਾਸ ਦੇ ਜਨਮ ਅਸਥਾਨ (ਵਾਰਾਣਸੀ) ਵਿੱਚ ਮੱਥਾ ਟੇਕਣ ਮਗਰੋਂ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਨਾਲ ਸੰਬੋਧਨ ਕਰ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਅਤੇ ਬਸਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਅਕਾਲੀ ਦਲ ਤੇ ਬਸਪਾ ਦਾ ਵਫ਼ਦ ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਦੀ ਪੂਰਬਲੀ ਸੰਧਿਆ ਉਨ੍ਹਾਂ ਦੇ ਜਨਮ ਸਥਾਨ ਪਹੁੰਚਿਆ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਅੱਜ ਵੀ ਓਨੀਆਂ ਹੀ ਸਾਰਥਕ ਹਨ ਜਿੰਨੀਆਂ ਉਹ 500 ਸਾਲ ਪਹਿਲਾਂ ਸਨ ਅਤੇ ਅੱਜ ਦੇ ਸਮੇਂ ਵਿੱਚ ਵੀ ਇਨ੍ਹਾਂ ਦੀ ਬਹੁਤ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਿੱਖ ਧਰਮ ਦੇ ਨਾਲ-ਨਾਲ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਦੀ ਵੀ ਪਾਲਣਾ ਕਰਦਾ ਹੈ ਜੋ ਕਿ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਡੇਰਾ ਬੱਲਾਂ ਨਾਲ ਲੰਬੀ ਸਾਂਝ ਦਾ ਜ਼ਿਕਰ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹ (ਪ੍ਰਕਾਸ਼ ਸਿੰਘ ਬਾਦਲ) ਸਾਰੇ ਧਰਮਾਂ ਨੂੰ ਸਤਿਕਾਰ ਦੇਣ ਵਿੱਚ ਵਿਸ਼ਵਾਸ ਰੱਖਦੇ ਹਨ, ਇਸੇ ਕਰਕੇ ਉਨ੍ਹਾਂ ਨੇ ਨਿੱਜੀ ਤੌਰ ‘ਤੇ ਸਾਰੇ ਧਰਮਾਂ ਦੇ ਪਵਿੱਤਰ ਸਥਾਨਾਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਇਆ। ਸੁਖਬੀਰ ਬਾਦਲ ਨੇ ਜਨਮ ਅਸਥਾਨ ਵਿਖੇ ਪੰਜਾਬ ਤੋਂ ਮੱਥਾ ਟੇਕਣ ਲਈ ਪਹੁੰਚੀ ਸੰਗਤ ਨਾਲ ਵੀ ਮੁਲਾਕਾਤ ਕੀਤੀ। ਵਫ਼ਦ ਵਿੱਚ ਡਾ. ਸੁਖਵਿੰਦਰ ਕੁਮਾਰ ਸੁੱਖੀ, ਪਵਨ ਕੁਮਾਰ ਟੀਨੂੰ, ਬਲਦੇਵ ਖਹਿਰਾ, ਗੁਰਪ੍ਰਤਾਪ ਵਡਾਲਾ, ਕਬੀਰ ਦਾਸ ਤੇ ਬਸਪਾ ਵਿਧਾਇਕ ਨਛੱਤਰ ਪਾਲ ਹਾਜ਼ਰ ਸਨ।



Source link