ਪੱਤਰ ਪ੍ਰੇਰਕ
ਗੜ੍ਹਸ਼ੰਕਰ, 11 ਮਾਰਚ
ਕਸਬਾ ਮਾਹਿਲਪੁਰ ਦੇ ਵਾਰਡ ਨੰਬਰ-11 ਦੇ ਮੁਹੱਲਾ ਸੈਂਹਸਿਆਂ ਕੋਲ ਅੱਜ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਉਸ ਦੀ ਲਾਸ਼ ਨੇੜਿਓਂ ਸਰਿੰਜ ਵੀ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਅਬਦੁੱਲ ਖਾਨ (32) ਵਾਸੀ ਪਿੰਡ ਬਜਰੌਰ (ਹੁਸ਼ਿਆਰਪੁਰ) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਅੱਜ ਸਵੇਰੇ ਕੁਝ ਰਾਹਗੀਰਾਂ ਨੇ ਮੁਹੱਲਾ ਸੈਂਹਸਿਆਂ ਵਿੱਚ ਇੱਕ ਨੌਜਵਾਨ ਦੀ ਲਾਸ਼ ਦੇਖਣ ਮਗਰੋਂ ਪੁਲੀਸ ਨੂੰ ਇਸ ਬਾਰੇ ਸੂਚਿਤ ਕੀਤਾ। ਪੁਲੀਸ ਵੱਲੋਂ ਮੌਕੇ ‘ਤੇ ਪਹੁੰਚ ਕੇ ਕੀਤੀ ਗਈ ਮੁੱਢਲੀ ਜਾਂਚ ਤੋਂ ਪਤਾ ਲੱਗਾ ਕਿ ਅਬਦੁਲ ਨਸ਼ਾ ਕਰਨ ਦਾ ਆਦੀ ਸੀ। ਪੁਲੀਸ ਨੇ ਦੱਸਿਆ ਕਿ ਨੌਜਵਾਨ ਦੀ ਲਾਸ਼ ਕੋਲੋਂ ਇੱਕ ਸਰਿੰਜ ਵੀ ਬਰਾਮਦ ਹੋਈ ਹੈ, ਜਿਸ ਤੋਂ ਲੱਗਦਾ ਹੈ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਪੁਲੀਸ ਨੇ ਨੌਜਵਾਨ ਦੇ ਵਾਰਸਾਂ ਨੂੰ ਇਸ ਦੀ ਸੂਚਨਾ ਦੇ ਕੇ ਲਾਸ਼ ਪੋਸਟਮਾਰਟਮ ਲਈ ਗੜ੍ਹਸ਼ੰਕਰ ਦੇ ਸਿਵਲ ਹਸਪਤਾਲ ਭੇਜ ਦਿੱਤੀ ਹੈ।