ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 22 ਮਈ
ਵਿਜੀਲੈਂਸ ਬਿਊਰੋ ਨੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਪੰਜ ਦਿਨ ਦਾ ਪੁਲੀਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਇੱਥੇ ਚੀਫ਼ ਜੁਡੀਸ਼ਲ ਮੈਜਿਸਟਰੇਟ ਲਵਦੀਪ ਸਿੰਘ ਹੁੰਦਲ ਦੀ ਅਦਾਲਤ ਵਿੱਚ ਪੇਸ਼ ਕੀਤਾ।
ਵਿਜੀਲੈਂਸ ਨੇ ਅਦਾਲਤ ਨੂੰ ਦੱਸਿਆ ਕਿ ਸਾਬਕਾ ਵਿਧਾਇਕ ਖਿਲਾਫ਼ ਚੱਲ ਰਹੀ ਜਾਂਚ ਹਾਲੇ ਅਧੂਰੀ ਹੈ ਅਤੇ ਮੁਲਜ਼ਮ ਤੋਂ ਹੋਰ ਪੁੱਛ-ਪੜਤਾਲ ਕਰਨ ਦੀ ਜ਼ਰੂਰਤ ਹੈ। ਅਦਾਲਤ ਨੇ ਸਾਬਕਾ ਵਿਧਾਇਕ ਦੇ ਪੁਲੀਸ ਰਿਮਾਂਡ ਵਿੱਚ ਦੋ ਦਿਨ ਦਾ ਵਾਧਾ ਕਰਦਿਆਂ ਵਿਜੀਲੈਂਸ ਨੂੰ ਆਦੇਸ਼ ਦਿੱਤਾ ਕਿ ਸਾਬਕਾ ਵਿਧਾਇਕ ਨੂੰ 24 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਵਿਜੀਲੈਂਸ ਅਨੁਸਾਰ ਸਾਬਕਾ ਵਿਧਾਇਕ ਨੇ ਆਪਣੇ ਸਰੋਤਾਂ ਤੋਂ 8 ਕਰੋੜ ਤੋਂ ਵੱਧ ਰਾਸ਼ੀ ਖਰਚ ਕੀਤੀ ਹੈ ਅਤੇ ਕਥਿਤ ਤੌਰ ‘ਤੇ ਪਿੰਡ ਮੁਮਾਰਾ ਵਿੱਚ 42 ਏਕੜ ਬੇਨਾਮੀ ਜਾਇਦਾਦ ਬਣਾਈ ਹੈ। ਇਸ ਤੋਂ ਇਲਾਵਾ ਨਿਊ ਚੰਡੀਗੜ੍ਹ ਦੇ ਮਾਣਕਪੁਰ ਵਿਚ ਬਣਾਏ ਗਏ ਫਾਰਮ ਹਾਊਸ ਉੱਪਰ ਵੀ ਦੱਸਣ ਨਾਲੋਂ ਵੱਧ ਰਕਮ ਖਰਚੀ ਗਈ ਹੈ। ਦੱਸਣਾ ਬਣਦਾ ਹੈ ਕਿ ਵਿਜੀਲੈਂਸ ਨੇ 16 ਮਈ ਨੂੰ ਸਾਬਕਾ ਵਿਧਾਇਕ ਨੂੰ ਗ੍ਰਿਫ਼ਤਾਰ ਕੀਤਾ ਸੀ। ਅੱਜ ਪੇਸ਼ੀ ਸਮੇਂ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ, ਬਲਦੇਵ ਸਿੰਘ ਤਖਾਣਬੱਧ ਅਤੇ ਸਥਾਨਕ ਕਾਂਗਰਸੀ ਆਗੂ ਵੀ ਹਾਜ਼ਰ ਸਨ।