ਨਵੀਂ ਦਿੱਲੀ, 4 ਜੂਨ
ਉੜੀਸਾ ਰੇਲ ਹਾਦਸੇ ਦੀ ਜਾਂਚ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਖ਼ਲ ਕੀਤੀ ਗਈ ਹੈ। ਐਡਵੋਕੇਟ ਵਿਸ਼ਾਲ ਤਿਵਾੜੀ ਵੱਲੋਂ ਦਾਇਰ ਪਟੀਸ਼ਨ ਵਿੱਚ ਸੁਪਰੀਮ ਕੋਰਟ ਦੇ ਕਿਸੇ ਸੇਵਾਮੁਕਤ ਜੱਜ ਦੀ ਅਗਵਾਈ ਹੇਠ ਕਮਿਸ਼ਨ ਬਣਾਏ ਜਾਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨਰ ਨੇ ਕਿਹਾ ਕਿ ਇਸ ਜਾਂਚ ਕਮਿਸ਼ਨ ਵਿੱਚ ਤਕਨੀਕੀ ਮੈਂਬਰਾਂ ਨੂੰ ਵੀ ਸ਼ਾਮਲ ਕੀਤਾ ਜਾਵੇ, ਜੋ ਰੇਲਵੇ ਸਿਸਟਮ ਵਿੱਚ ਜੋਖਮ ਤੇ ਸੁਰੱਖਿਆ ਮਾਪਦੰਡਾਂ ਦੀ ਸਮੀਖਿਆ ਕਰਨ ਅਤੇ ਰੇਲਵੇ ਦੇ ਸੁਰੱਖਿਆ ਚੌਖਟੇ ਨੂੰ ਮਜ਼ਬੂਤ ਕਰਨ ਲਈ ਸਿਸਟਮੈਟਿਕ ਸੁਰੱਖਿਆ ਤਰਮੀਮਾਂ ਦਾ ਸੁਝਾਅ ਦੇਣ। ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਕਿ ‘ਕਵਚ’ ਸਿਸਟਮ ਨੂੰ ਅਮਲ ਵਿੱਚ ਨਾ ਲਿਆਂਦੇ ਜਾਣ ਕਰਕੇ ਹੀ ਇੰਨਾ ਵੱਡਾ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। -ਪੀਟੀਆਈ