ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਵਰਕਰਜ਼ ਯੂਨੀਅਨ ਵੱਲੋਂ ਦੋ ਦਿਨਾਂ ਹੜਤਾਲ ਆਰੰਭ

ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਵਰਕਰਜ਼ ਯੂਨੀਅਨ ਵੱਲੋਂ ਦੋ ਦਿਨਾਂ ਹੜਤਾਲ ਆਰੰਭ


ਜੋਗਿੰਦਰ ਸਿੰਘ ਮਾਨ

ਮਾਨਸਾ, 27 ਜੂਨ

ਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਵੱਲੋਂ ਅੱਜ ਤੋਂ ਦੋ ਦਿਨਾਂ (27 ਅਤੇ 28 ਜੂਨ) ਲਈ ਹੜਤਾਲ ਆਰੰਭ ਕਰ ਦਿੱਤੀ ਗਈ ਹੈ।

ਪੰਜਾਬ ਰੋਡਵੇਜ਼,ਪਨਬਸ ਪੀਆਰਟੀਸੀ ਕੰਟਰੈਕਟਰ ਵਰਕਰਜ਼ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਮਨੇਸ਼ ਨੇ ਦੱਸਿਆ ਕਿ ਇਹ ਹੜਤਾਲ ਦੋ ਦਿਨਾਂ ਲਈ ਕੀਤੀ ਗਈ ਹੈ, ਜਿਸ ਦਾ ਬਕਾਇਦਾ ਪਹਿਲਾਂ ਪੰਜਾਬ ਸਰਕਾਰ ਨੂੰ ਦੱਸਿਆ ਗਿਆ ਸੀ,ਪਰ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਲਾਗੂ ਨਾ ਕਰਨ ਕਰਕੇ ਇਸ ਹੜਤਾਲ ਨੂੰ ਮਜ਼ਬੂਰਨ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੀਆਰਟੀਸੀ ਵਿੱਚ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਕੱਢਕੇ ਵਿਭਾਗ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ, ਜਿਸ ਦਾ ਜਥੇਬੰਦੀ ਵੱਲੋਂ ਹੋਰ ਲਟਕਦੀਆਂ ਮੰਗਾਂ ਸਮੇਤ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਜਥੇਬੰਦੀ ਵੱਲੋਂ ਭਲਕੇ 28 ਜੂਨ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਮੁਕੰਮਲ ਘਿਰਾਓ ਵੀ ਕੀਤਾ ਜਾਵੇਗਾ।

ਉਧਰ ਇਸ ਹੜਤਾਲ ਨਾਲ ਰਾਜ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਰਾਜ ਦੇ ਬਹੁਤ ਖੇਤਰਾਂ ਵਿੱਚ ਪ੍ਰਾਈਵੇਟ ਬੱਸਾਂ ਦੀ ਬਜਾਏ ਸਰਕਾਰੀ ਬੱਸਾਂ ਹੀ ਸੇਵਾ ਨਿਭਾਉਂਦੀਆਂ ਹਨ। ਸਭ ਤੋਂ ਵੱਧ ਪ੍ਰੇਸ਼ਾਨੀ ਔਰਤਾਂ ਨੂੰ ਹੋ ਰਹੀ ਹੈ , ਜਿੰਨਾਂ ਨੂੰ ਸਰਕਾਰੀ ਬੱਸਾਂ ਵਿੱਚ ਬਿਲਕੁਲ ਮੁਫ਼ਤ ਸਫ਼ਰ ਦੀ ਸੁਵਿਧਾ ਹੈ।

ਇਸੇ ਦੌਰਾਨ ਹੀ ਪੀਆਰਟੀਸੀ ਇੱਕ ਡਿਪੂ ਦੇ ਜਨਰਲ ਮੈਨੇਜਰ ਨੇ ਦਾਅਵਾ ਕੀਤਾ ਹੈ ਕਿ ਲੋਕ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਕਾਰਪੋਰੇਸ਼ਨ ਵਲੋਂ ਬਹੁਤੇ ਰੂਟਾਂ ਉਤੇ ਬੱਸਾਂ ਨੂੰ ਚਲਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਸਵਾਰੀਆਂ ਨੂੰ ਖੱਜਲਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਬਕਾਇਦਾ ਬਦਲਵੇਂ ਬੰਦੋਬਸਤ ਕੀਤੇ ਗਏ ਹਨ।



Source link