ਮੁਹਾਲੀ: ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਮਰ ਕੈਂਪ ਦਾ ਦੌਰਾ ਕਰਕੇ ਬੱਚਿਆਂ ਨਾਲ ਗੱਲਬਾਤ ਕੀਤੀ

ਮੁਹਾਲੀ: ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਮਰ ਕੈਂਪ ਦਾ ਦੌਰਾ ਕਰਕੇ ਬੱਚਿਆਂ ਨਾਲ ਗੱਲਬਾਤ ਕੀਤੀ


ਦਰਸ਼ਨ ਸਿੰਘ ਸੋਢੀ
ਮੁਹਾਲੀ, 4 ਜੁਲਾਈ
ਪੰਜਾਬ ਦੇ ਸਕੂਲ ਅਤੇ ਉੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਦੇ ਬਰਾਬਰ ਲਿਆਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਸਮਾਰਟ ਮਿਡਲ ਸਕੂਲ, ਫੇਜ਼-2, ਮੁਹਾਲੀ ਦੇ ਦੌਰੇ ਦੌਰਾਨ ਸਕੂਲਾਂ ਵਿੱਚ ਚੱਲ ਰਹੇ ਸਮਰ ਕੈਂਪਾਂ ਦਾ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਵੱਲੋਂ ਸਿੱਖੀਆਂ ਜਾ ਰਹੀਆਂ ਗਤੀਵਿਧੀਆਂ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਸਕੂਲ ਕੰਪਲੈਕਸ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਬੱਚਿਆਂ ਨੂੰ ਗਤੀਵਿਧੀਆਂ ਰਾਹੀਂ ਸਿੱਖਣ ਅਤੇ ਉਨ੍ਹਾਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਕਿਸ ਤਰ੍ਹਾਂ ਬਿਤਾਈਆਂ ਗਈਆਂ ਬਾਰੇ ਪੁੱਛਿਆ। ਉਨ੍ਹਾਂ ਨੂੰ ਇਹ ਦੇਖ ਕੇ ਬਹੁਤ ਖੁਸ਼ੀ ਹੋਈ ਕਿ ਵਿਦਿਆਰਥੀਆਂ ਦੀ ਸਮਰ ਕੈਂਪਾਂ ਵਿੱਚ ਡੂੰਘੀ ਦਿਲਚਸਪੀ ਹੈ ਅਤੇ ਉਹ ਨਵੀਆਂ ਚੀਜ਼ਾਂ ਸਿੱਖਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਤੋਂ ਮਿਡਲ ਤੱਕ ਦੇ ਵਿਦਿਆਰਥੀਆਂ ਲਈ 3 ਤੋਂ 15 ਜੁਲਾਈ ਤੱਕ ਸਮਰ ਕੈਂਪ ਸ਼ੁਰੂ ਕੀਤੇ ਗਏ ਹਨ ਤਾਂ ਜੋ ਗਤੀਵਿਧੀਆਂ ਅਤੇ ਹੋਰ ਤਰੀਕਿਆਂ ਨਾਲ ਸਿੱਖਣ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਸਿੱਖਣ ਦੀਆਂ ਤਕਨੀਕਾਂ ਨੂੰ ਹੋਰ ਵਿਕਸਿਤ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਹਨ ਅਤੇ ਪਾਠਕ੍ਰਮ ਨੂੰ ਵਧੇਰੇ ਦਿਲਚਸਪ ਬਣਾਉਣ ਲਈ ਨਵੇਂ ਤਰੀਕੇ ਅਪਣਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਪੰਜਾਬ ਦੇ ਸਿੱਖਿਆ ਦੇ ਇਤਿਹਾਸ ਵਿੱਚ ਇੱਕ ਵੱਡੀ ਸਫਲਤਾ ਸਾਬਤ ਹੋਵੇਗਾ ਕਿਉਂਕਿ ਵਿਦਿਆਰਥੀਆਂ ਦਾ ਸਖਸ਼ੀ ਅਤੇ ਅਕਾਦਮਿਕ ਵਿਕਾਸ ਇਸ ਢੰਗ ਨਾਲ ਤਜਰਬੇਕਾਰ ਅਤੇ ਸਮਰਪਿਤ ਅਧਿਆਪਕਾਂ ਦੁਆਰਾ ਕੀਤਾ ਜਾਵੇਗਾ ਕਿ ਉਹ ਕਿਤਾਬੀ ਗਿਆਨ ਤੋਂ ਇਲਾਵਾ ਹੋਰ ਵੀ ਬਹੁਤ ਕੁਝ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵੀ ਤਿਆਰ ਕੀਤੇ ਜਾਣਗੇ।
ਸਿੱਖਿਆ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਇਨ੍ਹਾਂ ਸਮਰ ਕੈਂਪਾਂ ਲਈ 5.06 ਕਰੋੜ ਰੁਪਏ ਦਾ ਬਜਟ ਵਿਦਿਆਰਥੀਆਂ ਲਈ ਸਮੱਗਰੀ ਦੀ ਖਰੀਦ ਲਈ ਰੱਖਿਆ ਗਿਆ ਹੈ। ਇਹ ਕੈਂਪ ਉਨ੍ਹਾਂ ਦੇ ਆਤਮ-ਵਿਸ਼ਵਾਸ ਦੇ ਪੱਧਰ ਨੂੰ ਉਤਸ਼ਾਹਿਤ ਕਰਨਗੇ ਅਤੇ ਅੰਦਰ ਲੁਕੀ ਪ੍ਰਤਿਭਾ ਨੂੰ ਬਾਹਰ ਲਿਆਉਣ ਦੇ ਨਾਲ-ਨਾਲ ਰਚਨਾਤਮਕਤਾ ਦੀ ਭਾਵਨਾ ਪੈਦਾ ਕਰਨਗੇ। ਉਨ੍ਹਾਂ ਕਿਹਾ, ‘ਸਮਰ ਕੈਂਪਾਂ ਵਿੱਚ ਵਿਦਿਆਰਥੀਆਂ ਨੂੰ ਬੌਧਿਕ ਗਤੀਵਿਧੀਆਂ, ਸਿਹਤ ਸੰਭਾਲ, ਖੇਡਾਂ, ਕਲਾ, ਬੁਨਿਆਦੀ ਕਦਰਾਂ-ਕੀਮਤਾਂ, ਗਣਿਤ, ਵਾਤਾਵਰਣ ਸਿੱਖਿਆ ਅਤੇ ਭਾਸ਼ਾ ਦੇ ਹੁਨਰ ਨਾਲ ਸਬੰਧਤ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।’

The post ਮੁਹਾਲੀ: ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਮਰ ਕੈਂਪ ਦਾ ਦੌਰਾ ਕਰਕੇ ਬੱਚਿਆਂ ਨਾਲ ਗੱਲਬਾਤ ਕੀਤੀ appeared first on punjabitribuneonline.com.



Source link