ਚੰਡੀਗੜ੍ਹ, 29 ਜੁਲਾਈ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਸਾਈਬਰ ਸੈੱਲ ਪਟਿਆਲਾ ਵਿਖੇ ਤਾਇਨਾਤ ਸਿਪਾਹੀ ਕਰਮਬੀਰ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ‘ਚ ਸਬ-ਇੰਸਪੈਕਟਰ (ਐੱਸਆਈ) ਅਤੇ ਪੱਤਰਕਾਰ ਖਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਪਰਦੀਪ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ ’ਤੇ ਕੀਤੀ ਹੈ। ਅੱਜ ਇਥੇ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਪਰਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਅਤੇ ਉਸ ਦੀ ਪਤਨੀ ਦਾ ਝਗੜਾ ਚੱਲ ਰਿਹਾ ਹੈ, ਜਿਸ ਦੀ ਜਾਂਚ ਸਾਈਬਰ ਸੈੱਲ ਪਟਿਆਲਾ ਦੇ ਇੰਚਾਰਜ ਸਬ ਇੰਸਪੈਕਟਰ (ਐੱਸਆਈ) ਪ੍ਰਿਤਪਾਲ ਸਿੰਘ ਨੂੰ ਸੌਂਪੀ ਗਈ ਸੀ। ਉਸ ਦੀ ਮੁਲਾਕਾਤ ਪ੍ਰਿਤਪਾਲ ਸਿੰਘ ਨਾਲ ਪ੍ਰੈਸ ਰਿਪੋਰਟਰ ਐੱਸਐੱਸ ਮਲਹੋਤਰਾ ਰਾਹੀਂ ਹੋਈ। ਐੱਸਆਈ ਨੇ ਉਸ ਨੂੰ ਕਿਹਾ ਕਿ ਉਸ ਨਾਲ ਤਾਇਨਾਤ ਸਿਪਾਹੀ ਕਰਮਬੀਰ ਸਿੰਘ ਕੋਲ ਪਹੁੰਚ ਕਰਕੇ ਉਹ ਉਸ ਨੂੰ ਸਾਰੇ ਮਾਮਲੇ ਦੀ ਜਾਣਕਾਰੀ ਦੇਵੇ। ਇਸ ਤੋਂ ਬਾਅਦ ਜਦੋਂ ਸ਼ਿਕਾਇਤਕਰਤਾ ਕਰਮਬੀਰ ਸਿੰਘ ਨੂੰ ਮਿਲਿਆ ਤਾਂ ਉਸ ਨੇ ਸ਼ਿਕਾਇਤਕਰਤਾ ਦੇ ਪੱਖ ਵਿੱਚ ਰਿਪੋਰਟ ਤਿਆਰ ਕਰਨ ਬਦਲੇ ਉਸ ਤੋਂ 20 ਹਜ਼ਾਰ ਰੁਪਏ ਦੀ ਕਥਿਤ ਰਿਸ਼ਵਤ ਮੰਗੀ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਕਾਂਸਟੇਬਲ ਕਰਮਬੀਰ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੇ ਤੌਰ ’ਤੇ 10,000 ਰੁਪਏ ਦੀ ਪਹਿਲੀ ਕਿਸ਼ਤ ਲੈਂਦੇ ਹੋਏ ਮੌਕੇ ’ਤੇ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ ਐੱਸਆਈ ਪ੍ਰਿਤਪਾਲ ਸਿੰਘ, ਸਿਪਾਹੀ ਕਰਮਬੀਰ ਸਿੰਘ ਅਤੇ ਰਿਪੋਰਟਰ ਮਲਹੋਤਰਾ ਖ਼ਿਲਾਫ਼ ਐੱਫਆਈਆਰ ਦਰਜ ਕਰ ਲਈ ਗਈ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
The post ਪਟਿਆਲਾ ’ਚ ਵਿਜੀਲੈਂਸ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਿਪਾਹੀ ਕਾਬੂ, ਸਬ ਇੰਸਪੈਕਟਰ ਅਤੇ ਪੱਤਰਕਾਰ ਖ਼ਿਲਾਫ਼ ਵੀ ਕੇਸ ਦਰਜ appeared first on punjabitribuneonline.com.