ਕੰਪਿਊਟਰ ਅਧਿਆਪਕਾਂ ਨੇ ਫੂਕੀ ਸਰਕਾਰ ਦੀ ਅਰਥੀ

ਕੰਪਿਊਟਰ ਅਧਿਆਪਕਾਂ ਨੇ ਫੂਕੀ ਸਰਕਾਰ ਦੀ ਅਰਥੀ


ਗੁਰਦੀਪ ਸਿੰਘ ਲਾਲੀ
ਸੰਗਰੂਰ, 31 ਅਕਤੂਬਰ
ਕੰਪਿਊਟਰ ਅਧਿਆਪਕਾਂ ਵਲੋਂ ਭਰਾਤਰੀ ਜਥੇਬੰਦੀ ਡੀਟੀਐਫ਼ ਦੇ ਸਹਿਯੋਗ ਨਾਲ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੁਲੀਸ ’ਤੇ ਦੋ ਦਿਨ ਪਹਿਲਾਂ ਮੁੱਖ ਮੰਤਰੀ ਦੀ ਕੋਠੀ ਅੱਗੇ ਅਧਿਆਪਕਾਂ ’ਤੇ ਲਾਠੀਚਾਰਜ ਕਰਨ ਦਾ ਦੋਸ਼ ਲਾਇਆ। ਕੰਪਿਊਟਰ ਅਧਿਆਪਕਾਂ ਨੇ 11 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ ਕੀਤਾ।
ਕੰਪਿਊਟਰ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਕੰਪਿਊਟਰ ਅਧਿਆਪਕ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਇਕੱਠੇ ਹੋਏ ਅਤੇ ਪੰਜਾਬ ਸਰਕਾਰ ਦੀ ਅਰਥੀ ਫ਼ੂਕਦਿਆਂ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਦੀਸ ਸ਼ਰਮਾ, ਕੁਲਦੀਪ ਕੌਂਸਲ, ਨਰਦੀਪ ਸ਼ਰਮਾ, ਵਿਕਾਸ ਜਿੰਦਲ, ਡੀਟੀਐਫ਼ ਦੇ ਸੂਬਾ ਆਗੂ ਬਲਵੀਰ ਚੰਦ ਲੌਂਗੋਵਾਲ, ਜੀਟੀਯੂ ਦੇ ਆਗੂ ਦੇਵੀ ਦਿਆਲ, ਫਕੀਰ ਸਿੰਘ ਟਿੱਬਾ ਅਤੇ 6505 ਅਧਿਆਪਕ ਯੂਨੀਅਨ ਦੇ ਆਗੂ ਸੰਸਾਰ ਸਿੰਘ ਨੇ ਪੰਜਾਬ ਸਰਕਾਰ ਦੀ ਅਧਿਆਪਕ, ਮੁਲਾਜ਼ਮ ਅਤੇ ਪੈਨਸ਼ਨਰਜ਼ ਮਾਰੂ ਨੀਤੀ ਦੀ ਸਖਤ ਅਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਦੋ ਦਿਨ ਪਹਿਲਾਂ ਜਿਸ ਤਰਾਂ ਪੁਲੀਸ ਵਲੋਂ ਅਧਿਆਪਕਾਂ ਦੀ ਖਿੱਚ-ਧੂਹ ਕੀਤੀ ਅਤੇ ਲਾਠੀਚਾਰਜ ਕੀਤਾ ਗਿਆ, ਉਸ ਤੋਂ ਸਪੱਸ਼ਟ ਹੈ ਕਿ ਸਰਕਾਰ ਸੱਤਾ ਦੇ ਜ਼ੋਰ ਨਾਲ ਅਧਿਆਪਕਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਗੈਰ ਮਾਨਵੀ ਅਤੇ ਨਾਦਰਸ਼ਾਹੀ ਕਾਰਵਾਈ ਦੀ ਸਖਤ ਨਿਖੇਧੀ ਕਰਦੇ ਹਨ ਅਤੇ ਅਜਿਹਾ ਵਤੀਰਾ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਚਤਿਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ ਨਾਲ “6ਵਾਂ ਪੇਅ ਕਮਿਸ਼ਨ ਅਤੇ ਪੰਜਾਬ ਸਿਵਲ ਸਰਵਿਸ ਨਿਯਮ ਪੂਰਨ ਰੂਪ ਵਿੱਚ ਕੰਪਿਊਟਰ ਤੇ ਲਾਗੂ ਕਰਨ” ਵਾਅਦਾ ਪੂਰੀ ਨਹੀਂ ਕਰਦੀ ਤਾਂ 11 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਅਤੇ ਪੰਜਾਬ ਸਰਕਾਰ ਦੇ ਰਾਜਨੀਤਕ ਤੇ ਸਰਕਾਰੀ ਸਮਾਗਮਾਂ ਵਿੱਚ ਘੁਸਪੈਠ ਕਰਕੇ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਵਾਅਦੇ , ਗਰੰਟੀ ਪੱਤਰ ਅਤੇ ਨਿਯੁਕਤੀ ਪੱਤਰਾਂ ਨੂੰ ਲੋਕਾਂ ਸਾਹਮਣੇ ਉਜਾਗਰ ਕੀਤਾ ਜਾਵੇਗਾ।

The post ਕੰਪਿਊਟਰ ਅਧਿਆਪਕਾਂ ਨੇ ਫੂਕੀ ਸਰਕਾਰ ਦੀ ਅਰਥੀ appeared first on punjabitribuneonline.com.



Source link