ਗੁਰਦੀਪ ਸਿੰਘ ਲਾਲੀ
ਸੰਗਰੂਰ, 2 ਨਵੰਬਰ
ਪੰਜਾਬ ਰੋਡਵੇਜ਼/ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੀ ਅਗਵਾਈ ਹੇਠ ਪੀਆਰਟੀਸੀ ਮੁਲਾਜ਼ਮਾਂ ਨੇ ਇਥੇ ਡਿਪੂ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਅਤੇ ਮੈਨੇਜਮੈਂਟ ਨੂੰ ਚਤਿਾਵਨੀ ਦਿੰਦਿਆਂ ਕਿਹਾ ਕਿ ਜੇਕਰ ਤਨਖਾਹਾਂ ਵਿਚ ਕੀਤਾ 5 ਫੀਸਦੀ ਦਾ ਵਾਧਾ ਲਾਗੂ ਨਾ ਕੀਤਾ ਗਿਆ ਤਾਂ 9 ਨਵੰਬਰ ਨੂੰ ਪੀਆਰਟੀਸੀ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਕਾਲੀ ਦੀਵਾਲੀ ਮਨਾਈ ਜਾਵੇਗੀ।
ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਵੱਲੋਂ ਸਥਾਨਕ ਡਿਪੂ ਅੱਗੇ ਰੋਸ ਧਰਨਾ ਅਤੇ ਰੋਸ ਪ੍ਰਦਰਸ਼ਨ ਮੌਕੇ ਸੰਸਥਾਪਕ ਜਤਿੰਦਰ ਸਿੰਘ ਦੀਦਾਰਗੜ੍ਹ ਅਤੇ ਡਿਪੂ ਪ੍ਰਧਾਨ ਹਰਪ੍ਰੀਤ ਸਿੰਘ ਗਰੇਵਾਲ ਨੇ ਕਿਹਾ ਕਿ ਪਿਛਲੀ ਸਰਕਾਰ ਵਲੋਂ 15 ਸਤੰਬਰ 2021 ਦੀ ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਦੇ ਕਰਮਚਾਰੀਆਂ ਨੂੰ 5 ਫੀਸਦਾ ਵਾਧਾ ਕਰਦਿਆਂ ਸਾਲ ਲਈ ਦਿੱਤਾ ਸੀ ਪਰ ‘ਆਪ’ ਸਰਕਾਰ ਨੇ ਇਸ ਵਾਧੇ ਨੂੰ ਰੋਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਨੇਜਮੈਂਟ ਮੀਟਿੰਗ ਵਿੱਚ ਹਾਮੀ ਭਰ ਦਿੰਦੀ ਹੈ ਅਤੇ ਬਾਅਦ ਵਿੱਚ ਮੁੱਕਰ ਜਾਂਦੀ ਹੈ। ਉਨ੍ਹਾਂ ਦੱਸਿਆ ਕਿ 20 ਸਤੰਬਰ 2023 ਨੂੰ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਵਲੋਂ 5 ਫੀਸਦੀ ਦਾ ਵਾਧਾ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਜੋ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੇ ਵਾਧਾ 1 ਅਕਤੂਬਰ 2022 ਨੂੰ ਦੇਣਾ ਬਣਦਾ ਸੀ ਪਰ ਨਹੀਂ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਨੂੰ ਜਾਣਬੁੱਝ ਕੇ ਲਟਕਾਇਆ ਜਾਂਦਾ ਹੈ ਜਦੋਂ ਕਿ ਮੁਲਾਜ਼ਮ ਦਿਨ-ਰਾਤ ਮਿਹਨਤ ਨਾਲ ਬਹੁਤ ਹੀ ਘੱਟ ਤਨਖਾਹ ’ਤੇ ਕੰਮ ਕਰਦੇ ਹਨ ਜਿਨ੍ਹਾਂ ਦਾ ਭੁਗਤਾਨ ਵੀ ਸਮੇਂ ਸਿਰ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਜੇਕਰ ਤਨਖਾਹ ਵਿਚ 5 ਫੀਸਦੀ ਵਾਧਾ ਲਾਗੂ ਨਾ ਕੀਤਾ ਗਿਆ ਤਾਂ 9 ਨਵੰਬਰ ਨੂੰ ਪੰਜਾਬ ਭਰ ਵਿਚ ਚੱਕਾ ਜਾਮ ਕੀਤਾ ਜਾਵੇਗੀ ਅਤੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਦਾ ਘਿਰਾਓ ਵਰਗੇ ਸੰਘਰਸ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਮੈਨੇਜਮੈਂਟ ਮੁਲਾਜ਼ਮਾਂ ਨੂੰ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਕਰ ਰਹੀ ਹੈ।
The post ਪੀਆਰਟੀਸੀ ਠੇਕਾ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ appeared first on punjabitribuneonline.com.