ਚੰਡੀਗੜ੍ਹ (ਟਨਸ): ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਗੰਨੇ ਦੇ ਮੁੱਲ ਵਿੱਚ 14 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ। ਇਸ ਵਾਧੇ ਤੋਂ ਬਾਅਦ ਹਰਿਆਣਾ ਵਿੱਚ ਗੰਨੇ ਦੀ ਕੀਮਤ 386 ਰੁਪਏ ਪ੍ਰਤੀ ਕੁਇੰਟਲ ਹੋ ਗਈ ਹੈ। ਇਸ ਵੇਲੇ ਗੰਨੇ ਦੀ ਕੀਮਤ 372 ਰੁਪਏ ਪ੍ਰਤੀ ਕੁਇੰਟਲ ਹੈ। ਇਹ ਜਾਣਕਾਰੀ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਚੰਡੀਗੜ੍ਹ ਵਿੱਚ ਦਿੱਤੀ। ਸ੍ਰੀ ਖੱਟਰ ਨੇ ਅਗਲੇ ਸਾਲ ਲਈ ਵੀ ਗੰਨੇ ਦੇ ਭਾਅ ਦਾ ਐਲਾਨ ਅੱਜ ਹੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਗਲੇ ਸਾਲ ਚੋਣ ਜ਼ਾਬਤਾ ਲੱਗਿਆ ਹੋਣ ਕਰ ਕੇ ਭਾਅ ਦਾ ਐਲਾਨ ਨਹੀਂ ਹੋ ਸਕੇਗਾ। ਹਰਿਆਣਾ ਦੇ ਮੁੱਖ ਮੰਤਰੀ ਨੇ ਅਗਲੇ ਸਾਲ ਵੀ ਗੰਨੇ ਦੇ ਭਾਅ ਵਿੱਚ 14 ਰੁਪਏ ਪ੍ਰਤੀ ਕੁਇੰਟਲ ਦਾ ਵਾਅਦਾ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਅਗਲੇ ਸਾਲ ਗੰਨੇ ਦਾ ਭਾਅ 400 ਰੁਪਏ ਪ੍ਰਤੀ ਕੁਇੰਟਲ ਹੋ ਜਾਵੇਗਾ। ਹਰਿਆਣਾ ਸਰਕਾਰ ਵੱਲੋਂ ਵਿੱਤੀ ਵਰ੍ਹੇ 2023-24 ਵਿੱਚ ਕੁੱਲ 962 ਲੱਖ ਕੁਇੰਟਲ ਗੰਨੇ ਦੀ ਪੈਦਾਵਾਰ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਦੇ ਐਲਾਨ ਨਾਲ ਹੀ ਹਰਿਆਣਾ ਵਿੱਚ ਗੰਨੇ ਦਾ ਭਾਅ ਪੰਜਾਬ ਦੇ ਮੁਕਾਬਲੇ 6 ਰੁਪਏ ਪ੍ਰਤੀ ਕੁਇੰਟਲ ਵੱਧ ਹੋ ਗਿਆ ਹੈ।
The post ਹਰਿਆਣਾ ਸਰਕਾਰ ਨੇ ਗੰਨੇ ਦੀ ਕੀਮਤ ਵਿੱਚ 14 ਰੁਪਏ ਕੁਇੰਟਲ ਦਾ ਵਾਧਾ ਕੀਤਾ appeared first on punjabitribuneonline.com.