ਮੁਲਾਜ਼ਮਾਂ ਵੱਲੋਂ ਵਿਧਾਇਕਾ ਭਰਾਜ ਦੀ ਕੋਠੀ ਮੂਹਰੇ ਪ੍ਰਦਰਸ਼ਨ

ਮੁਲਾਜ਼ਮਾਂ ਵੱਲੋਂ ਵਿਧਾਇਕਾ ਭਰਾਜ ਦੀ ਕੋਠੀ ਮੂਹਰੇ ਪ੍ਰਦਰਸ਼ਨ


ਗੁਰਦੀਪ ਸਿੰਘ ਲਾਲੀ
ਸੰਗਰੂਰ, 9 ਨਵੰਬਰ
ਦੀਵਾਲੀ ਮੌਕੇ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਡੀਏ ਨਾ ਦੇਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨ, ਕੱਚੇ ਮੁਲਾਜ਼ਮ ਪੱਕੇ ਨਾ ਕਰਨ ਅਤੇ ਪੈਨਸ਼ਨਰਾਂ ਲਈ ਦੋ 2.59 ਫੀਸਦੀ ਗੁਣਾਂਕ ਲਾਗੂ ਨਾ ਕਰਨ ਤੋਂ ਖਫ਼ਾ ਮੁਲਾਜ਼ਮਾਂ ਵਲੋਂ ਇਥੇ ਵਿਧਾਇਕਾ ਨਰਿੰਦਰ ਕੌਰ ਭਰਾਜ ਦੀ ਕੋਠੀ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਦਿਆਂ ਰੋਸ ਮੁਜ਼ਾਹਰਾ ਕੀਤਾ ਗਿਆ। ਪੰਜਾਬ, ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ’ਤੇ ਇਕੱਠੇ ਹੋਏ ਮੁਲਾਜ਼ਮਾਂ ਦੀ ਅਗਵਾਈ ਆਸ਼ਾ ਵਰਕਰਜ਼ ਅਤੇ ਫੈਸਟੀਲੇਟਰਜ਼ ਯੂਨੀਅਨ ਦੀ ਸੂਬਾ ਪ੍ਰਧਾਨ ਰਾਣੋ ਖੇੜੀ ਗਿੱਲਾਂ, ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਸੂਬਾ ਆਗੂ ਮਾਲਵਿੰਦਰ ਸਿੰਘ ਸੰਧੂ, ਜ਼ਿਲ੍ਹਾ ਆਗੂ ਬਲਦੇਵ ਸਿੰਘ ਬਡਰੁੱਖਾਂ, ਜੰਗਲਾਤ ਵਰਕਰਜ਼ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਗਾਗਾ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਮੁੱਖ ਬੁਲਾਰੇ ਫ਼ਕੀਰ ਸਿੰਘ ਟਿੱਬਾ ਵਲੋਂ ਕੀਤੀ ਗਈ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰਜ਼ ’ਤੇ ਲਗਾਤਾਰ ਮੁਲਾਜ਼ਮਾਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਇਸ ਦੌਰਾਨ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵੱਲੋਂ ਪੰਜਾਬ ਸੁਬਾਰਡੀਨੇਟ ਸਰਵਿਸਜਿ਼ ਫੈਡਰੇਸ਼ਨ ਅਤੇ ਆਲ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸਾਂਝੇ ਫਰੰਟ ਦੇ ਫੈਸਲੇ ਅਨੁਸਾਰ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੰਜਾਬ ਸਰਕਾਰ ਦੇ ਵਾਅਦਿਆਂ ਦੀ ਪੰਡ ਫ਼ੂਕਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ’ਤੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਦੀ ਲਗਾਤਾਰ ਅਣਦੇਖੀ ਕਰਨ ਦਾ ਦੋਸ਼ ਲਾਇਆ ਅਤੇ ਲੋਕ ਸਭਾ ਚੋਣਾਂ ਦੌਰਾਨ ਸਰਕਾਰ ਦੇ ਨਾਂਹ-ਪੱਖੀ ਰਵੱਈਏ ਦਾ ਜਵਾਬ ਦੇਣ ਦੀ ਚਤਿਾਵਨੀ ਦਿੱਤੀ।

‘ਕਾਲ਼ੀ’ ਦੀਵਾਲੀ ਮਨਾਈ

ਪਟਿਆਲਾ (ਸਰਬਜੀਤ ਸਿੰਘ ਭੰਗੂ): ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕ ਕੇ ਅੱਜ ਸੰਕੇਤਕ ਤੌਰ ’ਤੇ ਕਾਲ਼ੀ ਦੀਵਾਲ਼ੀ ਮਨਾਈ। ਇਸ ਦੌਰਾਨ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਪਿੱਟ-ਸਿਆਪਾ ਵੀ ਕੀਤਾ ਗਿਆ। ਇਸ ਦੀ ਅਗਵਾਈ ਕਰਦਿਆਂ ਸੂਬਾਈ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਤੇ ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਸਮੇਤ ਹੋਰ ਮੁਲਾਜ਼ਮਾਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਮੰਤਰੀ ਮੰਡਲ ਦੀ 6 ਨਵੰਬਰ ਨੂੰ ਹੋਈ ਮੀਟਿੰਗ ਦੌਰਾਨ ਪੰਜਾਬ ਦੇ 7 ਲੱਖ ਤੋਂ ਵੱਧ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਥੀ ਸਾਜਿਸ਼ ਤਹਤਿ ਨਿਰਾਸ਼ ਕੀਤਾ ਗਿਆ।

ਅਮਨ ਅਰੋੜਾ ਦੀ ਕੋਠੀ ਅੱਗੇ ਪ੍ਰਦਰਸ਼ਨ ਅੱਜ

ਸੁਨਾਮ ਊਧਮ ਸਿੰਘ ਵਾਲਾ (ਪੱਤਰ ਪ੍ਰੇਰਕ); ਦਿ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਨੇ 10 ਨਵੰਬਰ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਣ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਛਾਜਲੀ ਦੀ ਪ੍ਰਧਾਨਗੀ ਹੇਠ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਹੋਈ ਮੀਟਿੰਗ ਵਿਚ ਜਥੇਬੰਦੀ ਦੇ ਜਨਰਲ ਸਕੱਤਰ ਜੀਤ ਸਿੰਘ ਬੰਗਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਜਾਣ ਬੁੱਝ ਕੇ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ।

The post ਮੁਲਾਜ਼ਮਾਂ ਵੱਲੋਂ ਵਿਧਾਇਕਾ ਭਰਾਜ ਦੀ ਕੋਠੀ ਮੂਹਰੇ ਪ੍ਰਦਰਸ਼ਨ appeared first on punjabitribuneonline.com.



Source link