ਅਜੈ ਮਲਹੋਤਰਾ/ਡਾ. ਹਿਮਾਂਸ਼ੂ ਸੂਦ
ਸ੍ਰੀ ਫ਼ਤਹਿਗੜ੍ਹ ਸਾਹਿਬ, 7 ਦਸੰਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਤੇ ਬੱਸੀ ਪਠਾਣਾਂ ਦੇ ਸਾਂਝ ਕੇਂਦਰਾਂ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ 10 ਦਸੰਬਰ 2023 ਤੋਂ ਬਾਅਦ ਲੋਕਾਂ ਨੂੰ ਸੁਚਾਰੂ ਤਰੀਕੇ ਨਾਲ ਘਰ ਬੈਠਿਆਂ ਕਈ ਅਹਿਮ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਨਾਲ ਸਰਕਾਰੀ ਸੇਵਾਵਾਂ ਤੱਕ ਉਨ੍ਹਾਂ ਦੀ ਸਿੱਧੀ ਤੇ ਆਸਾਨ ਪਹੁੰਚ ਬਣੇਗੀ।
ਸ੍ਰੀ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਜਨਮ ਤੇ ਮੌਤ, ਆਮਦਨ, ਰਿਹਾਇਸ਼, ਜਾਤ ਤੇ ਪੈਨਸ਼ਨ ਦਾ ਸਰਟੀਫਿਕੇਟ, ਬਿਜਲੀ ਬਿੱਲਾਂ ਦੀ ਅਦਾਇਗੀ ਤੇ ਹੋਰ ਸੇਵਾਵਾਂ ਸੂਬੇ ਭਰ ਵਿੱਚ ਘਰ-ਘਰ ਮੁਹੱਈਆ ਹੋਣਗੀਆਂ। ਇਸ ਸਬੰਧੀ ਹੈਲਪਲਾਈਨ ਨੰਬਰ 1076 ’ਤੇ ਫੋਨ ਕਰ ਕੇ ਬਿਨੈਕਾਰ ਆਪਣੀ ਸਹੂਲਤ ਮੁਤਾਬਕ ਸਮਾਂ ਦੇ ਕੇ ਇਹ ਸੇਵਾਵਾਂ ਲੈ ਸਕੇਗਾ। ਬਿਨੈਕਾਰ ਨੂੰ ਐੱਸਐੱਮਐੱਸ ਰਾਹੀਂ ਸਬੰਧਤ ਸੇਵਾ ਲੈਣ ਲਈ ਲੋੜੀਂਦੇ ਦਸਤਾਵੇਜ਼, ਫੀਸ ਤੇ ਹੋਰ ਸ਼ਰਤਾਂ ਬਾਰੇ ਦੱਸਿਆ ਜਾਵੇਗਾ ਅਤੇ ਮਿੱਥੇ ਸਮੇਂ ’ਤੇ ਵਿਸ਼ੇਸ਼ ਸਿਖਲਾਈ ਪ੍ਰਾਪਤ ਮੁਲਾਜ਼ਮ ਟੈਬਲੈੱਟ ਲੈ ਕੇ ਬਿਨੈਕਾਰ ਦੇ ਘਰ ਜਾਂ ਦਫ਼ਤਰ ਜਾਵੇਗਾ ਅਤੇ ਲੋੜੀਂਦੀ ਪ੍ਰਕਿਰਿਆ ਪੂਰੀ ਕਰ ਕੇ ਫੀਸ ਜਮ੍ਹਾਂ ਕਰੇਗਾ। ਬਿਨੈਕਾਰ ਨੂੰ ਇਸ ਸਬੰਧੀ ਪਹੁੰਚ ਰਸੀਦ ਦਿੱਤੀ ਜਾਵੇਗੀ, ਜਿਸ ਰਾਹੀਂ ਉਹ ਆਪਣੀ ਅਰਜ਼ੀ ’ਤੇ ਚੱਲ ਰਹੀ ਪ੍ਰਕਿਰਿਆ ਬਾਰੇ ਜਾਣ ਸਕੇਗਾ। ਫ਼ਤਹਿਗੜ੍ਹ ਸਾਹਿਬ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ। ਸੂਬਾ ਸਰਕਾਰ ਸ਼ਹੀਦੀ ਜੋੜ ਮੇਲ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ’ਤੇ ਇਸ ਦੀ ਨਿਗਰਾਨੀ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ 20 ਤੋਂ 30 ਦਸੰਬਰ ਤੱਕ ਸਰਕਾਰ ਵੱਲੋਂ ਕੋਈ ਖੁਸ਼ੀ ਦਾ ਸਮਾਗਮ ਨਹੀਂ ਕਰਵਾਇਆ ਜਾਵੇਗਾ।
ਮੁੱਖ ਮੰਤਰੀ ਅੱਜ ਨਰਸਾਂ ਨੂੰ ਵੰਡਣਗੇ ਨਿਯੁਕਤੀ ਪੱਤਰ
ਫ਼ਰੀਦਕੋਟ (ਜਸਵੰਤ ਜੱਸ): ਮੁੱਖ ਮੰਤਰੀ ਭਗਵੰਤ ਮਾਨ 8 ਦਸੰਬਰ ਨੂੰ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਨਵੀਆਂ ਭਰਤੀ ਕੀਤੀਆਂ 250 ਸਟਾਫ਼ ਨਰਸਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਮੌਕੇ ਉਹ ਹਸਪਤਾਲ ਦੇ ਜੱਚਾ-ਬੱਚਾ ਵਿਭਾਗ ਦੀ ਨਵੀਂ ਇਮਾਰਤ ਤੇ ਆਰਟੀਫਿਸ਼ੀਅਲ ਇੰਟੈਲੀਜੈਂਸੀ ਯੂਨਿਟ ਦਾ ਉਦਘਾਟਨ ਵੀ ਕਰਨਗੇ। ਮੁੱਖ ਮੰਤਰੀ ਵੱਲੋਂ ਫ਼ਰੀਦਕੋਟ ਲਈ ਬਣੇ ਵਾਟਰ ਵਰਕਸ ਦਾ ਉਦਘਾਟਨ ਵੀ ਕੀਤਾ ਜਾਵੇਗਾ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਸ ਮਗਰੋਂ ਸਾਦਿਕ ਰੋਡ ਤੋਂ ਤਲਵੰਡੀ ਰੋਡ ਤੱਕ 62 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਾਈਪਾਸ ਅਤੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਡੀਟੋਰੀਅਮ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ।
The post ਘਰ ਬੈਠਿਆਂ ਹੀ 10 ਦਸੰਬਰ ਤੋਂ ਮਿਲਣਗੀਆਂ 43 ਸੇਵਾਵਾਂ: ਮੁੱਖ ਮੰਤਰੀ appeared first on punjabitribuneonline.com.