ਲਾਰਿਆਂ ਤੋਂ ਅੱਕੇ ਕੰਪਿਊਟਰ ਅਧਿਆਪਕਾਂ ਵਲੋਂ ਸੰਗਰੂਰ ’ਚ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ

ਲਾਰਿਆਂ ਤੋਂ ਅੱਕੇ ਕੰਪਿਊਟਰ ਅਧਿਆਪਕਾਂ ਵਲੋਂ ਸੰਗਰੂਰ ’ਚ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ


ਗੁਰਦੀਪ ਸਿੰਘ ਲਾਲੀ
ਸੰਗਰੂਰ, 22 ਦਸੰਬਰ
ਪੰਜਾਬ ਸਰਕਾਰ ਦੀ ਡੰਗ ਟਪਾਊ ਅਤੇ ਲਾਰੇ ਲੱਪੇ ਦੀ ਨੀਤੀ ਤੋਂ ਨਿਰਾਸ਼ ਕੰਪਿਊਟਰ ਅਧਿਆਪਕਾਂ ਵਲੋਂ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪ੍ਰੋਗਰਾਮਾਂ ਵਿਚ ਘੁਸਪੈਠ ਕਰਕੇ ਕਾਲੀਆਂ ਝੰਡੀਆਂ ਨਾਲ ਵਿਰੋਧ ਦਰਜ ਕਰਵਾਇਆ ਜਾਵੇਗਾ ਅਤੇ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ। ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਕੰਪਿਊਟਰ ਅਧਿਆਪਕ ਅਰਥੀ ਚੁੱਕ ਕੇ ਰੋਸ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੁੱਜੇ ਅਤੇ ਸਰਕਾਰ ਦੀ ਅਰਥੀ ਫ਼ੂਕੀ ਗਈ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਦੀਸ਼ ਸ਼ਰਮਾ ਅਤੇ ਸੂਬਾ ਕਮੇਟੀ ਮੈਂਬਰ ਨਰਦੀਪ ਸ਼ਰਮਾ ਨੇ ਕਿਹਾ ਕਿ ਕੰਪਿਊਟਰ ਅਧਿਆਪਕ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਕੁੰਭਕਰਨੀ ਨੀਂਦ ਸੁੱਤੀ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜਗਾਉਣ ਲਈ ਸੜਕਾਂ ’ਤੇ ਉਤਰੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰੋਜਤ ਸਿੰਘ ਬੈਂਸ ਨੇ 15 ਸਤੰਬਰ 2022 ਅਖ਼ਬਾਰਾਂ, ਸੋਸ਼ਲ ਮੀਡੀਆ ਅਤੇ ਆਪਣੇ ਆਮ ਆਦਮੀ ਪਾਰਟੀ ਦੇ ਵੱਖ-ਵੱਖ ਮੰਚਾਂ ’ਤੇ 6ਵਾਂ ਤਨਖਾਹ ਕਮਿਸ਼ਨ ਲਾਗੂ ਕਰਨਾ ਅਤੇ ਪੰਜਾਬ ਸਿਵਲ ਸਰਵਿਸ ਨਿਯਮ ਪੂਰਨ ਰੂਪ ਵਿੱਚ ਕੰਪਿਊਟਰ ਤੇ ਲਾਗੂ ਕਰਨ ਦਾ ਐਲਾਨ ਕੀਤਾ ਸੀ ਜੋ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ ਜਿਸ ਕਾਰਨ ਕੰਪਿਊਟਰ ਅਧਿਆਪਕਾਂ ਵਿੱਚ ਸਰਕਾਰ ਪ੍ਰਤੀ ਰੋਹ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ। 90 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੀ ਨੌਕਰੀ ਦੌਰਾਨ ਮੌਤ ਹੋ ਚੁੱਕੀ ਹੈ, ਜਿਨ੍ਹਾਂ ਦੇ ਬਾਲ-ਬੱਚੇ ਅਤੇ ਬੁੱਢੇ ਮਾਂ-ਬਾਪ ਸੜਕਾਂ ’ਤੇ ਰੁਲਣ ਲਈ ਮਜਬੂਰ ਹੋ ਰਹੇ ਹਨ, ਕਿਉਂਕਿ ਸਰਕਾਰ ਨੇ ਪਰਿਵਾਰ ਦੇ ਮੈਂਬਰਾਂ ਨੂੰ ਤਰਸ ਦੇ ਅਧਾਰ ’ਤੇ ਨਾ ਨੌਕਰੀ ਦਿੱਤੀ ਹੈ ਅਤੇ ਨਾ ਹੀ ਆਰਥਿਕ ਮਦਦ ਕੀਤੀ ਹੈ। ਕੈਬਨਿਟ ਸਬ ਕਮੇਟੀ ਅਤੇ ਸਿੱਖਿਆ ਮੰਤਰੀ ਨੇ ਮੀਟਿੰਗਾਂ ਦੌਰਾਨ ਕੁੱਝ ਵੀ ਪੱਲ੍ਹੇ ਨਹੀਂ ਪਾਇਆ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮੰਗਾਂ ਦਾ ਹੱਲ ਨਾ ਹੋਇਆ ਤਾਂ 29 ਦਸੰਬਰ ਨੂੰ ਮੁਹਾਲੀ ਵਿਖੇ ਮੁੱਖ ਸਿੱਖਿਆ ਦਫ਼ਤਰ ਦਾ ਘਿਰਾਓ ਕਰਦਿਆਂ ਗੇਟ ਬੰਦ ਕਰਕੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮੁੱਖ ਮੰਤਰੀ ਦੇ ਪ੍ਰੋਗਰਾਮਾਂ ਵਿਚ ਘੁਸਪੈਠ ਕਰਕੇ ਕਾਲੀਆਂ ਝੰਡੀਆਂ ਨਾਲ ਵਿਰੋਧ ਦਰਜ ਕਰਵਾਇਆ ਜਾਵੇਗਾ ਅਤੇ ਕੈਬਨਿਟ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਭਰਾਤਰੀ ਜਥੇਬੰਦੀਆਂ ਡੀਟੀਐੱਫ ਦੇ ਆਗੂ ਰਘਵੀਰ ਸਿੰਘ ਭਵਾਨੀਗੜ੍ਹ, ਜੀਟੀਯੂ ਦੇ ਦੇਵੀ ਦਿਆਲ ਅਤੇ ਫ਼ਕੀਰ ਸਿੰਘ ਟਿੱਬਾ ਨੇ ਵੀ ਸੰਬੋਧਨ ਕੀਤਾ।

The post ਲਾਰਿਆਂ ਤੋਂ ਅੱਕੇ ਕੰਪਿਊਟਰ ਅਧਿਆਪਕਾਂ ਵਲੋਂ ਸੰਗਰੂਰ ’ਚ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ appeared first on punjabitribuneonline.com.



Source link