ਨਵੀਂ ਦਿੱਲੀ, 13 ਜਨਵਰੀ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਵਿਰੋਧੀ ਗਠਜੋੜ ‘ਇੰਡੀਆ’’ ਦਾ ਚੇਅਰਮੈਨ ਬਣਾਉਣ ’ਤੇ ਸਹਿਮਤੀ ਹੋ ਗਈ ਹੈ। ਗਠਜੋੜ ਨੇਤਾਵਾਂ ਨੇ ਮੁਲਾਕਾਤ ਕੀਤੀ ਅਤੇ ਗਠਜੋੜ ਦੇ ਵੱਖ-ਵੱਖ ਪਹਿਲੂਆਂ ਅਤੇ ਅਪਰੈਲ-ਮਈ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਚਰਚਾ ਕੀਤੀ। ਸੂਤਰਾਂ ਨੇ ਦੱਸਿਆ ਕਿ ਤ੍ਰਿਣਮੂਲ ਕਾਂਗਰਸ, ਊਧਵ ਠਾਕਰੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਅਤੇ ਸਮਾਜਵਾਦੀ ਪਾਰਟੀ ਦੇ ਆਗੂ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਸ੍ਰੀ ਖੜਗੇ ਦੀ ਗਠਜੋੜ ਦੇ ਚੇਅਰਮੈਨ ਵਜੋਂ ਨਿਯੁਕਤੀ ‘ਤੇ ਸਹਿਮਤੀ ਬਣ ਗਈ ਹੈ। ਨਿਯੁਕਤੀ ਬਾਰੇ ਐਲਾਨ ਛੇਤੀ ਕੀਤਾ ਜਾਵੇਗਾ। ਸੂਤਰਾਂ ਨੇ ਦੱਸਿਆ ਕਿ ਨੇਤਾਵਾਂ ਨੇ ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਪ੍ਰਧਾਨ ਨਿਤੀਸ਼ ਕੁਮਾਰ ਨੂੰ ਬਲਾਕ ਦਾ ਕਨਵੀਨਰ ਬਣਾਉਣ ਦਾ ਵੀ ਫੈਸਲਾ ਕੀਤਾ ਹੈ ਪਰ ਅੰਤਮ ਫੈਸਲਾ ਉਨ੍ਹਾਂ ਪਾਰਟੀਆਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਲਿਆ ਜਾਵੇਗਾ ਜਿਨ੍ਹਾਂ ਦੇ ਨੁਮਾਇੰਦੇ ਮੀਟਿੰਗ ਵਿੱਚ ਮੌਜੂਦ ਨਹੀਂ ਸਨ। ਆਗਾਮੀ ਲੋਕ ਸਭਾ ਚੋਣਾਂ ‘ਚ ਭਾਜਪਾ ਦਾ ਮੁਕਾਬਲਾ ਕਰਨ ਲਈ 28 ਵਿਰੋਧੀ ਪਾਰਟੀਆਂ ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ) ਦੇ ਬੈਨਰ ਹੇਠ ਇਕੱਠੇ ਹੋ ਗਈਆਂ ਹਨ।
The post ਖੜਗੇ ਨੂੰ ਵਿਰੋਧੀ ਗਠਜੋੜ ‘ਇੰਡੀਆ’ ਦਾ ਚੇਅਰਮੈਨ ਬਣਾਉਣ ’ਤੇ ਸਹਿਮਤੀ appeared first on punjabitribuneonline.com.