ਸ਼ਹਿਰ ਵਿੱਚ 1500 ਤੋਂ ਵੱਧ ਸੁਰੱਖਿਆ ਮੁਲਾਜ਼ਮ ਤਾਇਨਾਤ

ਸ਼ਹਿਰ ਵਿੱਚ 1500 ਤੋਂ ਵੱਧ ਸੁਰੱਖਿਆ ਮੁਲਾਜ਼ਮ ਤਾਇਨਾਤ


ਆਤਿਸ਼ ਗੁਪਤਾ
ਚੰਡੀਗੜ੍ਹ, 25 ਜਨਵਰੀ
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸੈਕਟਰ-17 ਦੇ ਪਰੇਡ ਗਰਾਊਂਡ ਵਿੱਚ ਗਣਤੰਤਰ ਦਿਵਸ ਦੇ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਵਾਰ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਕਾਰਜਕਾਰੀ ਸਲਾਹਕਾਰ ਨਿਤਿਨ ਕੁਮਾਰ ਯਾਦਵ ਕੌਮੀ ਝੰਡਾ ਲਹਿਰਾਉਣਗੇ। ਗਣਤੰਤਰ ਦਿਵਸ ਮੌਕੇ ਵਧੀਆਂ ਸੇਵਾਵਾਂ ਨਿਭਾਉਣ ਵਾਲੇ 25 ਪੁਲੀਸ ਮੁਲਾਜ਼ਮਾਂ ਅਤੇ 31 ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਸੈਨਿਕ ਟੁਕੜੀਆਂ ਮਾਰਚ ਪਾਸਟ ਕਰਨਗੀਆਂ। ਉਸ ਤੋਂ ਬਾਅਦ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਗਣਤੰਤਰ ਦਿਵਸ ’ਤੇ ਸੱਭਿਆਚਾਰਕ ਸਮਾਗਮ ਦੀ ਪੇਸ਼ਕਾਰੀ ਕੀਤੀ ਜਾਵੇਗੀ।
ਗਣਤੰਤਰ ਦਿਵਸ ’ਤੇ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਲਈ 1500 ਤੋਂ ਵੱਧ ਪੁਲੀਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਚੰਡੀਗੜ੍ਹ ਪੁਲੀਸ ਵੱਲੋਂ 24 ਘੰਟੇ ਸ਼ਹਿਰ ਵਿੱਚ ਚੱਪੇ-ਚੱਪੇ ’ਤੇ ਗਸ਼ਤ ਕੀਤੀ ਜਾ ਰਹੀ ਹੈ। ਇਸ ਦੌਰਾਨ ਸ਼ਹਿਰ ਵਿੱਚ ਦਾਖਲ ਹੋਣ ਵਾਲੇ ਵਿਅਕਤੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਸ਼ੱਕੀ ਵਿਅਕਤੀਆਂ ਦੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਹੈ। ਅੱਜ ਗਣਤੰਤਰ ਦਿਵਸ ਕਰਕੇ ਅਰਧ ਸੈਨਿਕ ਬੱਲਾਂ ਦੀਆਂ ਵੱਖ-ਵੱਖ ਟੁਕੜੀਆਂ ਵੱਲੋਂ ਰਾਮਦਰਬਾਰ, ਬਾਪੂ ਧਾਮ ਕਲੋਨੀ, ਮਨੀਮਾਜਰਾ, ਧਨਾਸ ਅਤੇ ਹੋਰਨਾਂ ਇਲਾਕਿਆਂ ਵਿੱਚ ਫਲੈਗ ਮਾਰਚ ਕੀਤੇ ਗਏ। ਚੰਡੀਗੜ੍ਹ ਪੁਲੀਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਵਿੱਚ ਸ਼ੱਕੀ ਵਿਅਕਤੀ ਜਾਂ ਵਸਤੂ ਦਿਖਾਈ ਦੇਣ ’ਤੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ ਜਾਵੇ।
ਐਸ.ਏ.ਐਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਲਕੇ ਸ਼ੁੱਕਰਵਾਰ ਨੂੰ ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸੌਰਿਆ ਚੱਕਰ ਵਿਜੇਤਾ) ਸਰਕਾਰੀ ਕਾਲਜ ਫੇਜ਼-6 ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮਨਾਇਆ ਜਾਵੇਗਾ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਿਭਾਉਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਹੱਡ ਚੀਰਵੀਂ ਠੰਢ ਦੇ ਬਾਵਜੂਦ ਸਮਾਗਮ ਦੌਰਾਨ ਵੱਖ-ਵੱਖ ਪੇਸ਼ਕਾਰੀਆਂ ਦੇਣ ਵਾਲੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਨੇ ਠੰਢ ਦਾ ਮੁਕਾਬਲਾ ਕਰਨ ਲਈ ਸਮਾਗਮ ਵਿੱਚ ਹਿੱਸਾ ਲੈਣ ਵਾਲੇ 575 ਵਿਦਿਆਰਥੀਆਂ ਨੂੰ ਬਾਡੀ ਵਾਰਮਰ ਵੀ ਵੰਡੇ। ਉਨ੍ਹਾਂ ਦੱਸਿਆ ਕਿ ਦਰਜਨ ਸਕੂਲਾਂ ਦੇ 600 ਤੋਂ ਵੱਧ ਵਿਦਿਆਰਥੀ ਦੇਸ਼ ਭਗਤੀ ਅਤੇ ਰਾਸ਼ਟਰੀ ਜੋਸ਼ ਨਾਲ ਭਰਪੂਰ ਸ਼ਾਨਦਾਰ ਪ੍ਰਦਰਸ਼ਨ ਕਰਨਗੇ। ਇਸ ਮੌਕੇ ਆਜ਼ਾਦੀ ਘੁਲਾਟੀਏ ਅਤੇ ਸ਼ਲਾਘਾਯੋਗ ਸੇਵਾਵਾਂ ਬਦਲੇ ਅਧਿਕਾਰੀਆਂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਧਰ, ਗਣਤੰਤਰ ਦਿਵਸ ਦੇ ਮੱਦੇਨਜ਼ਰ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਜ਼ਿਲ੍ਹਾ ਪੁਲੀਸ ਪੂਰੀ ਤਰ੍ਹਾਂ ਚੌਕਸ ਹੈ। ਅੱਜ ਮੁਹਾਲੀ ਪੁਲੀਸ ਵੱਲੋਂ ਯੂਟੀ ਪੁਲੀਸ ਨਾਲ ਮਿਲ ਕੇ ਚੰਡੀਗੜ੍ਹ ਅਤੇ ਮੁਹਾਲੀ ਨੂੰ ਜੋੜਨ ਵਾਲੀਆਂ ਸੜਕਾਂ ਸਮੇਤ ਸਮੂਹ ਐਂਟਰੀ ਪੁਆਇੰਟਾਂ ’ਤੇ ਨਾਕਾਬੰਦੀ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ ਗਈ। ਮੁਹਾਲੀ ਦੇ ਡੀਐਸਪੀ (ਸਿਟੀ2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਸ ਦੌਰਾਨ ਜਿੱਥੇ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਗਈ, ਉੱਥੇ ਕਈ ਵਾਹਨਾਂ ਦੇ ਚਲਾਨ ਵੀ ਕੀਤੇ ਗਏ। ਉਨ੍ਹਾਂ ਦੱਸਿਆ ਕਿ ਐੱਸਐੱਸਪੀ ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫੇਜ਼-9 ਤੋਂ ਚੰਡੀਗੜ੍ਹ ਦੇ ਸੈਕਟਰ-51 ਵੱਲ ਜਾਂਦੀ ਸੜਕ, ਮੁਹਾਲੀ ਤੇ ਬੁੜੈਲ ਜੇਲ੍ਹ ਦੇ ਐਂਟਰੀ ਪੁਆਇੰਟ ’ਤੇ ਨਾਕਾਬੰਦੀ ਦੌਰਾਨ ਤਿੰਨ ਦਰਜਨ ਵਾਹਨਾਂ ਦੇ ਚਲਾਨ ਕੀਤੇ ਗਏ।

ਆਈਟੀਬੀਪੀ ਜਵਾਨਾਂ ਵੱਲੋਂ ਡੌਗ ਸ਼ੋਅ ਦਾ ਪ੍ਰਦਰਸ਼ਨ

ਚੰਡੀਗੜ੍ਹ (ਟਨਸ): ਗਣਤੰਤਰ ਦਿਵਸ ਤੋਂ ਇੱਕ ਦਿਨ ਪਹਿਲਾਂ ਇੰਡੋ ਤਿੱਬਤੀਅਨ ਬਾਰਡਰ ਪੁਲੀਸ (ਆਈਟੀਬੀਪੀ) ਦੇ ਜਵਾਨਾਂ ਵੱਲੋਂ ਏਲਾਂਤੇ ਮਾਲ ਵਿੱਚ ਬੈਂਡ ਤੇ ਡੌਗ ਸ਼ੋਅ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਈਟੀਬੀਪੀ ਦੇ ਜਵਾਨਾਂ ਦੇ ਸ਼ਾਨਦਾਰ ਪ੍ਰਦਰਸ਼ਨ ਅਤੇ ਡੌਗ ਸ਼ੋਅ ਕਰ ਕੇ ਦਰਸ਼ਕਾਂ ਦਾ ਮਨ ਮੋਹ ਲਿਆ। ਡਾਗ ਸ਼ੋਅ ਵਿੱਚ ਆਈ.ਟੀ.ਬੀ.ਪੀ. ਦੀ ਦੇਖ-ਰੇਖ ਹੇਠ ਸਨੀਫ਼ਰ ਡੋਗਸ ਅਤੇ ਟਰੈਕਰ ਡੋਗਸ ਨੇ ਕਰਤਬ ਦਿਖਾਏ। ਇਸ ਨੂੰ ਦੇਖ ਕੇ ਏਲਾਂਤੇ ਮਾਲ ’ਚ ਖਰੀਦਦਾਰੀ ਕਰਨ ਆਏ ਸੈਲਾਨੀ ਕਾਫੀ ਉਤਸ਼ਾਹਿਤ ਨਜ਼ਰ ਆਏ। ਆਈਟੀਬੀਪੀ ਦੇ ਜਵਾਨਾਂ ਨੇ ਬੈਂਡ ਸ਼ੋਅ ਵਿੱਚ ਵੱਖ-ਵੱਖ ਦੇਸ਼ ਭਗਤੀ ਦੀਆਂ ਧੁਨਾਂ ਵਜਾਉਂਦੇ ਹੋਏ ਡਾਂਸ ਵੀ ਕੀਤਾ। ਇਸ ਮੌਕੇ ਆਈ.ਟੀ.ਬੀ.ਪੀ ਦੇ ਜਵਾਨਾਂ ਨੇ ਲੱਦਾਖੀ ਡਾਂਸ ਪੇਸ਼ ਕੀਤਾ। ਆਈਟੀਬੀਪੀ ਦੇ ਜਵਾਨਾਂ ਨੇ ਏਲਾਂਤੇ ਮਾਲ ਵਿਖੇ ਪਹਿਲੀ ਅਤੇ ਦੂਜੀ ਵਿਸ਼ਵ ਯੁਧ ਵਿੱਚ ਵਰਤੇ ਗਏ ਹਥਿਆਰਾਂ ਦਾ ਪ੍ਰਦਰਸ਼ਨੀ ਵੀ ਲਗਾਇਆ, ਜਿਸ ਨੂੰ ਦੇਖ ਕੇ ਦਰਸ਼ਕਾਂ ਨੇ ਆਈਟੀਬੀਪੀ ਦੇ ਜਵਾਨਾਂ ਤੋਂ ਉਤਸੁਕਤਾ ਨਾਲ ਜਾਣਕਾਰੀ ਹਾਸਲ ਕੀਤੀ।

The post ਸ਼ਹਿਰ ਵਿੱਚ 1500 ਤੋਂ ਵੱਧ ਸੁਰੱਖਿਆ ਮੁਲਾਜ਼ਮ ਤਾਇਨਾਤ appeared first on Punjabi Tribune.



Source link