ਪੱਤਰ ਪ੍ਰੇਰਕ
ਬੰਗਾ, 16 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਕਾਰਜਕਾਲ ਦੇ ਦੋ ਸਾਲ ਪੂਰੇ ਹੋਣ ’ਤੇ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਨਤਮਸਤਕ ਹੋਏ। ਉਹਨਾਂ ਪੰਜਾਬ ਨੂੰ ਹਰੇਕ ਖੇਤਰ ਵਿੱਚ ਮੋਹਰੀ ਸੂਬਾ ਬਣਾ ਕੇ ਮਹਾਨ ਸ਼ਹੀਦ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹੋਰ ਵੱਡੇ ਉਪਰਾਲੇ ਕਰਨ ਦਾ ਅਹਿਦ ਲਿਆ। ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀਆਂ ਦੋ ਸਾਲ ਦੀਆਂ ਪ੍ਰਾਪਤੀਆਂ ’ਚ ਨੌਜ਼ਵਾਨਾਂ ਨੂੰ ਨੌਕਰੀਆਂ ਦੇਣ, ਨਵੇਂ ਸਕੂਲ ਹਸਪਤਾਲ ਬਣਾਉਣ, ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ, ਬਿਜਲੀ ਮੁਫ਼ਤ ਕਰਨ ਆਦਿ ਦਾ ਗੁਣਗਾਣ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਦੇ ਪਿਤਾ ਸਵਰਗੀ ਕਿਸ਼ਨ ਸਿੰਘ ਦੀ ਸਮਾਧ ’ਤੇ ਸਰਧਾਂਜਲੀ ਭੇਟ ਕੀਤੀ। ਇਸ ਮੌਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ, ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਆਦਿ ਵੀ ਹਾਜ਼ਰ ਸਨ।
The post ਸਰਕਾਰ ਦੇ ਦੋ ਵਰ੍ਹੇ ਮੁਕੰਮਲ ਹੋਣ ’ਤੇ ਖਟਕੜ ਕਲਾਂ ਨਤਮਸਤਕ ਹੋਏ ਮੁੱਖ ਮੰਤਰੀ appeared first on Punjabi Tribune.