ਝੋਨੇ ਦੀ ਲਿਫਟਿੰਗ ਨਾ ਹੋਣ ’ਤੇ ਕਿਸਾਨਾਂ ਵੱਲੋਂ ਧਰਨੇ

ਝੋਨੇ ਦੀ ਲਿਫਟਿੰਗ ਨਾ ਹੋਣ ’ਤੇ ਕਿਸਾਨਾਂ ਵੱਲੋਂ ਧਰਨੇ


ਸਰਬਜੀਤ ਸਿੰਘ ਭੰਗੂ
ਪਟਿਆਲਾ, 17 ਅਕਤੂਬਰ
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਖਰੀਦੇ ਗਏ ਝੋਨੇ ਦੀ ਚੁਕਾਈ ਨਾ ਹੋਣ ਦੇ ਰੋਸ ਵਜੋਂ ਅੱਜ ਕਿਸਾਨ ਜਥੇਬੰਦੀਆਂ ਨੇ ਇੱਥੇ ਅੱਧੀ ਦਰਜਨ ਥਾਵਾਂ ’ਤੇ ਧਰਨਾ ਪ੍ਰਦਰਸ਼ਨ ਕਰਦਿਆਂ ਸੜਕੀ ਆਵਾਜਾਈ ਰੋਕੀ। ਇਸ ਦੌਰਾਨ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਮੱਖਣ ਸਿੰਘ ਦੌਣਕਲਾਂ ਦੀ ਅਗਵਾਈ ਹੇਠ ਪਟਿਆਲਾ ਰਾਜਪੁਰਾ ਰੋਡ ‘ਤੇ ਸਥਿਤ ਪਿੰਡ ਦੌਣ ਕਲਾਂ ਦੇ ਸਾਹਮਣੇ ਧਰਨਾ ਦੇ ਕੇ ਆਵਾਜਾਈ ਰੋਕੀ ਗਈ ਜਿਸ ਕਾਰਨ ਰਾਹਗੀਰਾਂ ਲਈ ਬਦਲਵੇਂ ਪ੍ਰਬੰਧ ਕਰਨੇ ਪਏ। ਇੱਥੇ ਇੱਕ ਰਾਹਗੀਰ ਵੱਲੋਂ ਜਬਰੀ ਵਾਹਨ ਲੰਘਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਸ ਦੇ ਵਾਹਨ ਦਾ ਅਗਲਾ ਸ਼ੀਸ਼ਾ ਟੁੱਟ ਗਿਆ ਜਿਸ ਕਾਰਨ ਇੱਥੇ ਹਾਲਾਤ ਤਣਾਅ ਵਾਲੇ ਬਣ ਗਏ। ਇਸ ਮੌਕੇ ਥਾਣਾ ਸਦਰ ਪਟਿਆਲਾ ਦੇ ਐਸਐਚਓ ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਨੇ ਮਸਲੇ ਦਾ ਹੱਲ ਕਰਵਾਇਆ ਤੇ ਉਨ੍ਹਾਂ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਤੈਅ ਕਰਵਾਈ ਗਈ। ਮੀਟਿੰਗ ਵਿਚ ਪੁੱਜੇ ਐਫਸੀਆਈ ਇੰਸਪੈਕਟਰ ਤਜਿੰਦਰ ਕੌਰ ਵੱਲੋਂ ਲਿਫਟਿੰਗ ਦਾ ਕੰਮ ਜਲਦੀ ਨਿਪਟਾਉਣ ਦੇ ਦਿੱਤੇ ਗਏ ਭਰੋਸੇ ਮਗਰੋਂ ਕਿਸਾਨਾਂ ਨੇ ਧਰਨਾ ਚੁੱਕ ਦਿੱਤਾ। ਦੂਜੇ ਬੰਨ੍ਹੇ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਜੋਰਾਵਰ ਸਿੰਘ ਬਲਬੇੜਾ ਦੀ ਅਗਵਾਈ ਹੇਠਾਂ ਰਾਜਪੁਰਾ ਰੋਡ ‘ਤੇ ਹੀ ਪੈਂਦੇ ਬਹਾਦਰਗੜ੍ਹ ਵਿਚਲੇ ਓਵਰ ਬ੍ਰਿਜ ਦੇ ਹੇਠਾਂ ਧਰਨਾ ਦਿੱਤਾ ਗਿਆ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦੀ ਫਸਲ ਦੀ ਸਮੇਂ ਸਿਰ ਚੁਕਾਈ ਨਹੀਂ ਕੀਤੀ ਜਾ ਰਹੀ।

The post ਝੋਨੇ ਦੀ ਲਿਫਟਿੰਗ ਨਾ ਹੋਣ ’ਤੇ ਕਿਸਾਨਾਂ ਵੱਲੋਂ ਧਰਨੇ appeared first on Punjabi Tribune.



Source link