Rajoana at his native village: ਭਰਾ ਦੇ ਭੋਗ ’ਚ ਸ਼ਮੂਲੀਅਤ ਲਈ ਪਿੰਡ ਰਾਜੋਆਣਾ ਪੁੱਜੇ  ਬਲਵੰਤ ਸਿੰਘ ਰਾਜੋਆਣਾ

Rajoana at his native village: ਭਰਾ ਦੇ ਭੋਗ ’ਚ ਸ਼ਮੂਲੀਅਤ ਲਈ ਪਿੰਡ ਰਾਜੋਆਣਾ ਪੁੱਜੇ  ਬਲਵੰਤ ਸਿੰਘ ਰਾਜੋਆਣਾ


ਸੰਤੋਖ ਗਿੱਲ

ਗੁਰੂਸਰ ਸੁਧਾਰ, 20 ਨਵੰਬਰ

ਬੇਅੰਤ ਸਿੰਘ ਕਤਲ ਕਾਂਡ ਦੇ ਸਬੰਧ ਵਿਚ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਬੁੱਧਵਾਰ ਨੂੰ ਆਪਣੇ ਮਰਹੂਮ ਭਰਾ ਕੁਲਵੰਤ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਆਪਣੇ ਜੱਦੀ ਪਿੰਡ ਰਾਜੋਆਣਾ ਪੁੱਜੇ। ਉਨ੍ਹਾਂ ਨੂੰ ਪੁਲੀਸ ਨੇ  ਭਾਰੀ ਸੁਰੱਖਿਆ ਬੰਦੋਬਸਤ ਹੇਠ ਕੇਂਦਰੀ ਜੇਲ੍ਹ ਪਟਿਆਲਾ ਤੋਂ ਇਥੇ ਲਿਆਂਦਾ ਹੈ, ਜਿਨ੍ਹਾਂ ਨੂੰ ਭਰਾ ਦੇ ਭੋਗ ਵਿਚ ਸ਼ਾਮਲ ਹੋਣ ਲਈ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਅੱਜ ਲਈ ਤਿੰਨ ਘੰਟੇ ਦੀ ਪੈਰੋਲ ਦਿੱਤੀ ਸੀ।
ਪਿੰਡ ਰਾਜੋਆਣਾ ਕਲਾਂ ਦੇ ਗੁਰਦੁਆਰਾ ਮੰਜੀ ਸਾਹਿਬ ਦੇ ਬਾਹਰ ਤਾਇਨਾਤ ਪੁਲੀਸ ਮੁਲਾਜ਼ਮ।
ਪਿੰਡ ਰਾਜੋਆਣਾ ਕਲਾਂ ਦੇ ਗੁਰਦੁਆਰਾ ਮੰਜੀ ਸਾਹਿਬ ਦੇ ਬਾਹਰ ਤਾਇਨਾਤ ਪੁਲੀਸ ਮੁਲਾਜ਼ਮ।
ਕੁਲਵੰਤ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਪਿੰਡ ਰਾਜੋਆਣਾ ਕਲਾਂ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਹੋ ਰਿਹਾ ਹੈ, ਜਿਸ ਦੇ ਬਾਹਰ ਵੀ ਪੁਲੀਸ ਨੇ ਭਾਰੀ ਸੁਰੱਖਿਆ ਇੰਤਜ਼ਾਮ ਕੀਤੇ ਹੋਏ ਹਨ।
ਇਸ ਮੌਕੇ ਆਪਣੇ ਸੰਬੋਧਨ ਦੌਰਾਨ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਪੰਥਕ ਸੰਸਥਾਵਾਂ ਨੂੰ ਮਜ਼ਬੂਤ ਕਰਨ ਦਾ ਸਿੱਖ ਪੰਥ ਨੂੰ ਸੱਦਾ ਦਿੱਤਾ। ਸ਼ਰਧਾਂਜਲੀ ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਹੋਰ  ਬਹੁਤ ਸਾਰੇ ਧਾਰਮਿਕ ਤੇ ਸਿਆਸੀ ਆਗੂਆਂ ਸਣੇ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਭਾਈ ਕੁਲਵੰਤ ਸਿੰਘ ਰਾਜੋਆਣਾ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਭਾਈ ਕੁਲਵੰਤ ਸਿੰਘ ਰਾਜੋਆਣਾ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ।
ਦੱਸਣਯੋਗ ਹੈ ਕਿ ਕੁਲਵੰਤ ਸਿੰਘ ਦੀ ਇਸੇ ਮਹੀਨੇ ਦੇ ਸ਼ੁਰੂ ਵਿਚ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਜਿਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਉਨ੍ਹਾਂ ਦੇ ਪਿੰਡ ਰਾਜੋਆਣਾ ਕਲਾਂ ਵਿਚ ਗੁਰੂ ਗ੍ਰੰਥ ਸਾਹਿਬ ਦਾ ਪਾਠ ਰੱਖਿਆ ਗਿਆ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸ਼ਰਧਾਂਜਲੀ ਭੇਟ ਕਰਦੇ ਹੋਏ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸ਼ਰਧਾਂਜਲੀ ਭੇਟ ਕਰਦੇ ਹੋਏ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ  ਨੇ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਬਲਵੰਤ ਸਿੰਘ ਰਾਜੋਆਣਾ ਨੂੰ  ਬੁੱਧਵਾਰ ਸਵੇਰੇ 11 ਤੋਂ ਬਾਅਦ ਦੁਪਹਿਰ 2 ਵਜੇ ਤੱਕ ਲੁਧਿਆਣਾ ਸਥਿਤ ਆਪਣੇ ਪਿੰਡ ਜਾ ਕੇ ਆਪਣੇ ਭਰਾ ਦੇ ਭੋਗ ਵਿਚ ਸ਼ਾਮਲ ਹੋਣ ਲਈ ਤਿੰਨ ਘੰਟੇ ਦੀ ਪੈਰੋਲ ਦੇ ਦਿੱਤੀ ਸੀ। ਗ਼ੌਰਤਲਬ ਹੈ ਕਿ ਰਾਜੋਆਣਾ ਇਸ ਵੇਲੇ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਹਨ।
ਇਹ ਵੀ ਪੜ੍ਹੋ:

Rajoana gets Parole: ਰਾਜੋਆਣਾ ਨੂੰ ਹਾਈ ਕੋਰਟ ਤੋਂ ਮਿਲੀ ਪੈਰੋਲ

Rajoana mercy petition: ਸੁਪਰੀਮ ਕੋਰਟ ਨੇ ਰਾਜੋਆਣਾ ਦੀ ਰਹਿਮ ਦੀ ਅਪੀਲ ਬਾਰੇ ਆਪਣੇ ਹੀ ਹੁਕਮਾਂ ’ਤੇ ਰੋਕ ਲਾਈ
ਰਾਜੋਆਣਾ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਉਨ੍ਹਾਂ ਨੂੰ ਭੋਗ ਵਿਚ ਸ਼ਾਮਲ ਹੋਣ ਦਾ ਮੌਕਾ ਦੇਣ ਦੀ ਅਪੀਲ ਕੀਤੀ ਸੀ। ਇਸ ਤੋਂ ਪਹਿਲਾਂ ਰਾਜੋਆਣਾ ਨੂੰ 2021 ਵਿਚ ਵੀ ਆਪਣੇ ਪਿਤਾ ਦੇ ਭੋਗ ਵਿਚ ਸ਼ਾਮਲ ਹੋਣ ਲਈ ਇਕ ਘੰਟੇ ਦੀ ਪੈਰੋਲ ਮਿਲੀ ਸੀ।
ਗ਼ੌਰਤਲਬ ਹੈ ਕਿ ਬੇਅੰਤ ਸਿੰਘ ਕਤਲ ਕਾਂਡ ਦੇ ਸਬੰਧ ਵਿਚ ਰਾਜੋਆਣਾ ਬੀਤੇ 28 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ ਅਤੇ ਉਨ੍ਹਾਂ ਨੂੰ ਇਸ ਮਾਮਲੇ ਵਿਚ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਸ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਬਾਰੇ ਦਾਇਰ ਪਟੀਸ਼ਨ ਉਤੇ ਸੁਪਰੀਮ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ।

The post Rajoana at his native village: ਭਰਾ ਦੇ ਭੋਗ ’ਚ ਸ਼ਮੂਲੀਅਤ ਲਈ ਪਿੰਡ ਰਾਜੋਆਣਾ ਪੁੱਜੇ  ਬਲਵੰਤ ਸਿੰਘ ਰਾਜੋਆਣਾ appeared first on Punjabi Tribune.



Source link