ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 17 ਦਸੰਬਰ
ਸਾਂਝਾ ਅਧਿਆਪਕ ਮੋਰਚਾ ਪੰਜਾਬ ਨੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਨੂੰ ਡਰਾਉਣ ਲਈ ਸਿੱਖਿਆ ਸਕੱਤਰ ਵੱਲੋਂ ਜਾਰੀ ਕੀਤੇ ਕੰਮ ਨਹੀਂ-ਤਨਖ਼ਾਹ ਨਹੀਂ ਦੇ ਧਮਕੀ ਭਰੇ ਪੱਤਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਨਕਲਾਬ ਦਾ ਨਾਅਰਾ ਲਗਾ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹੀਦਾਂ ਦੇ ਦਰਸਾਏ ਮਾਰਗ ਤੋਂ ਭਟਕ ਕੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਥਾਂ ਸੰਘਰਸ਼ਸ਼ੀਲ ਅਧਿਆਪਕਾਂ ਦੀ ਸੰਘੀ ਘੁੱਟਣ ਦੇ ਰਾਹ ਪੈ ਗਈ ਹੈ।
ਸਾਂਝਾ ਅਧਿਆਪਕ ਮੋਰਚਾ ਸੂਬਾ ਕੋ-ਆਰਡੀਨੇਟਰ ਕੁਲਦੀਪ ਸਿੰਘ ਦੌੜਕਾ ਨੇ ਦੱਸਿਆ ਕਿ ਸਿੱਖਿਆ ਸਕੱਤਰ ਦੇ ਧਮਕੀ ਪੱਤਰ ਦੇ ਵਾਇਰਲ ਹੋਣ ’ਤੇ ਜਥੇਬੰਦੀ ਦੀ ਐਮਰਜੈਂਸੀ ਵਰਚੁਅਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ 19 ਦਸੰਬਰ ਨੂੰ ਸਿੱਖਿਆ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਧਮਕੀ ਭਰੇ ਪੱਤਰ ਦਾ ਮੁੱਦਾ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਮੁਲਾਜ਼ਮਾਂ ਦਾ ਸੰਵਿਧਾਨਿਕ ਹੱਕ ਹੈ ਲੇਕਿਨ ਹੁਕਮਰਾਨ ਇਨਸਾਫ਼ ਦੇਣ ਦੀ ਥਾਂ ਅਧਿਆਪਕਾਂ ਦੀ ਜ਼ਬਾਨਬੰਦੀ ਕਰਨ ਲਈ ਕਾਲੇ ਕਾਨੂੰਨਾਂ ਦਾ ਆਸਰਾ ਲੈ ਰਹੇ ਹਨ। ਜਿਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ 19 ਦਸੰਬਰ ਨੂੰ ਸਿੱਖਿਆ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਕਿਸੇ ਸਿੱਟੇ ’ਤੇ ਨਾ ਪਹੁੰਚੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।
The post ਸੰਘਰਸ਼ਸ਼ੀਲ ਅਧਿਆਪਕਾਂ ਦੀ ਸੰਘੀ ਘੁੱਟਣ ਦੇ ਰਾਹ ਪਈ ‘ਆਪ’ ਸਰਕਾਰ appeared first on Punjabi Tribune.