ਪੰਜਾਬ ਵਿਚ ਮਹਿਲਾਵਾਂ ਨੂੰ ਛੇਤੀ ਦੇਵਾਂਗੇ 1100 ਰੁਪਏ ਮਹੀਨਾ: ਭਗਵੰਤ ਮਾਨ

ਪੰਜਾਬ ਵਿਚ ਮਹਿਲਾਵਾਂ ਨੂੰ ਛੇਤੀ ਦੇਵਾਂਗੇ 1100 ਰੁਪਏ ਮਹੀਨਾ: ਭਗਵੰਤ ਮਾਨ


ਮਹਿੰਦਰ ਸਿੰਘ ਰੱਤੀਆਂ
ਮੋਗਾ, 19 ਜਨਵਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ 1100 ਰੁਪਏ ਮਾਸਿਕ ਦੇਣ ਲਈ ਚਾਰਾਜੋਈ ਜਾਰੀ ਹੈ ਤੇ ਅਗਾਮੀ ਬਜਟ ਵਿਚ ਇਸ ਲਈ ਲੋੜੀਂਦੇ ਫੰਡ ਰੱਖੇ ਜਾਣਗੇ। ਮੁੱਖ ਮੰਤਰੀ ਨੇ ਦਿੱਲੀ ਵਿਚ ਲਗਾਤਾਰ ਚੌਥੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦਾ ਵੀ ਦਾਅਵਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਇਮਾਰਤ ਦੇ ਵਿਸਤਾਰ ਕਾਰਜ ਦਾ ਨੀਂਹ ਪੱਥਰ ਰੱਖਣ ਮਗਰੋਂ ‘ਵਿਮੈੱਨ ਇੰਮਪਾਵਰਮੈਂਟ ਸਮਿੱਟ-2025’ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਧਰਨਾਕਾਰੀ ਕਿਸਾਨਾਂ ਨੂੰ ਦਿੱਤੇ ਗੱਲਬਾਤ ਦੇ ਸੱਦੇ ਦਾ ਵੀ ਸਵਾਗਤ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਸਕੱਤਰੇਤ ’ਚ ਚਾਰ ਬਲਾਕ ਹਨ ਜਿਨ੍ਹਾਂ ’ਚੋਂ ਬਲਾਕ ਬੀ ’ਚ ਮੰਜ਼ਿਲਾਂ ਦੀ ਉਸਾਰੀ ਦਾ ਕੰਮ ਸੁਰੂ ਹੋ ਗਿਆ ਹੈ, ਜੋ ਇਸ ਸਾਲ ਅਗਸਤ ਤੱਕ ਲਗਪਗ ਅੱਠ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ। ਕੁੱਲ 48 ਕਮਰੇ ਬਣਾਏ ਜਾਣਗੇ ਅਤੇ 13 ਵਿਅਕਤੀਆਂ ਦੀ ਸਮਰੱਥਾ ਵਾਲੀ ਨਵੀਂ ਲਿਫਟ ਲੱਗੇਗੀ ਅਤੇ ਸੀਸੀਟੀਵੀ ਕੈਮਰਿਆਂ ਦਾ ਪ੍ਰਬੰਧ ਹੋਵੇਗਾ। ਇਹ ਅਤਿ-ਆਧੁਨਿਕ ਇਮਾਰਤ ਫਾਇਰ ਡਿਟੈਕਸ਼ਨ/ਐਮਰਜੈਂਸੀ ਨਿਕਾਸੀ ਅਤੇ ਪਬਲਿਕ ਐਡਰੈਸ ਸਿਸਟਮ ਨਾਲ ਵੀ ਲੈਸ ਹੋਵੇਗੀ। ਨਵਿਆਉਣਯੋਗ ਊਰਜਾ ਦੀ ਢੁਕਵੀਂ ਵਰਤੋਂ ਲਈ ਇਮਾਰਤ ਵਿੱਚ 95 ਕਿਲੋਵਾਟ ਸੋਲਰ ਪਾਵਰ ਜਨਰੇਸ਼ਨ ਸਿਸਟਮ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਬਿਹਤਰ ਸੇਵਾ ਲਈ ਅਜਿਹੇ ਉਪਰਾਲਿਆਂ ਵੱਲ ਕੋਈ ਧਿਆਨ ਨਹੀਂ ਦਿੱਤਾ।
ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਵਿਚ 70 ਸੀਟਾਂ ਹਾਸਲ ਕਰਕੇ ਚੌਥੀ ਵਾਰ ‘ਆਪ’ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਔਰਤਾਂ ਦੇ ਖਾਤਿਆਂ ’ਚ ਜਲ਼ਦੀ 1100 ਰੁਪਏ ਪਾਉਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਹ ਰਾਸ਼ੀ ਮਹਿਲਾਵਾਂ ਨੂੰ ਦੇਣ ਲਈ ਬਜਟ ਵਿਚ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ‘ਆਪ’ ਦਿਖਾਵੇ ਦੀ ਰਾਜਨੀਤੀ ਨਹੀਂ ਕਰਦੀ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ 14 ਫ਼ਰਵਰੀ ਨੂੰ ਚੰਡੀਗੜ੍ਹ ਵਿਚ ਦਿੱਤੇ ਗੱਲਬਾਤ ਦੇ ਸੱਦੇ ਬਾਰੇ ਕਿਹਾ ਕਿ ਗੱਲਬਾਤ ਰਾਹੀਂ ਸਮੱਸਿਆ ਦਾ ਹੱਲ ਨਿਕਲਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਹਾਲਾਂਕਿ ਇਹ ਨਹੀਂ ਦੱਸਿਆ ਕਿ ਉਹ ਮੀਟਿੰਗ ਵਿੱਚ ਸ਼ਾਮਲ ਹੋਣਗੇ ਜਾਂ ਨਹੀਂ।
ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ, ਡਾ.ਅਮਦਨਦੀਪ ਕੌਰ ਅਰੋੜਾ, ਦਵਿੰਦਰਜੀਤ ਸਿੰਘ ਲਾਡੀ ਢੋਸ, ਅੰਮ੍ਰਿਤਪਾਲ ਸਿੰਘ ਸੁਖਾਨੰਦ, ਮਨਜੀਤ ਸਿੰਘ ਬਿਲਾਸਪੁਰ, ਬਲਜੀਤ ਸਿੰਘ ਚਾਨੀ ਮੇਅਰ, ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਜੀਤ ਸਿੰਘ, ਨਗਰ ਸੁਧਾਰ ਟਰਸਟ ਚੇਅਰਮੈਨ ਦੀਪਕ ਅਰੋੜਾ ਤੇ ਹੋਰ ਸਿਵਲ ਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।

The post ਪੰਜਾਬ ਵਿਚ ਮਹਿਲਾਵਾਂ ਨੂੰ ਛੇਤੀ ਦੇਵਾਂਗੇ 1100 ਰੁਪਏ ਮਹੀਨਾ: ਭਗਵੰਤ ਮਾਨ appeared first on Punjabi Tribune.



Source link