ਪੱਤਰ ਪ੍ਰੇਰਕ
ਨਵੀਂ ਦਿੱਲੀ, 16 ਫਰਵਰੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਹੋਈ ਮੀਟਿੰਗ ਵਿੱਚ 19 ਫਰਵਰੀ ਨੂੰ ਦਿੱਲੀ ਵਿੱਚ ਪੰਥਕ ਕਨਵੈਨਸ਼ਨ ਸੱਦ ਕੇ ਕੌਮ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਇਕਜੁੱਟ ਹੋ ਕੇ ਫੈਸਲੇ ਲੈਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਮੀਟਿੰਗ ਵਿਚ ਕੌਮ ਨੂੰ ਦਰਪੇਸ਼ ਭੱਖਦੇ ਮਸਲਿਆਂ ’ਤੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਵੇਖਣ ਵਿੱਚ ਆ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਹੁਕਮਾਂ ਦੀ ਉਲੰਘਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਇਆ ਗਿਆ, ਉਸ ਤੋਂ ਸਮੁੱਚੇ ਸਿੱਖ ਜਗਤ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ 19 ਫਰਵਰੀ ਨੂੰ ਸ਼ਾਮ 4 ਵਜੇ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਕਨਵੈਨਸ਼ਨ ਹੋਵੇਗੀ। ਇਸ ਵਿੱਚ ਪੰਥ ਨੂੰ ਦਰਪੇਸ਼ ਚੁਣੌਤੀਆਂ ’ਤੇ ਚਰਚਾ ਕਰ ਕੇ ਅਗਲੇਰੀ ਰੂਪ ਰੇਖਾ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਪੰਥਕ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਨਵੈਨਸ਼ਨ ਵਿੱਚ ਪੰਜਾਂ ਤਖ਼ਤਾਂ ਦੇ ਸਿੰਘ ਸਾਹਿਬਾਨ, ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ ਤੇ ਦੇਸ਼ ਭਰ ਦੀਆਂ ਸਿੰਘ ਸਭਾਵਾਂ ਭਾਵੇਂ ਹੈਦਰਾਬਾਦ, ਕਲਕੱਤਾ, ਇੰਦੌਰ ਤੇ ਭਾਵੇਂ ਅਸਾਮ ਦੀਆਂ ਹੋਣ, ਉਨ੍ਹਾਂ ਨੂੰ ਸੱਦਾ ਦਿੱਤਾ ਹੈ।
The post ਦਿੱਲੀ ਗੁਰਦੁਆਰਾ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਕੌਮ ਨੂੰ ਇਕਜੁੱਟ ਹੋਣ ਦਾ ਸੱਦਾ appeared first on Punjabi Tribune.