ਗੁਰਦੀਪ ਸਿੰਘ ਲਾਲੀ
ਸੰਗਰੂਰ, 17 ਮਾਰਚ
ਜ਼ਿਲ੍ਹਾ ਟਰੈਫ਼ਿਕ ਪੁਲੀਸ ਵੱਲੋਂ ਵਾਹਨਾਂ ਦੀ ਜਾਂਚ ਲਈ ਨਾਕਾਬੰਦੀ ਕਰਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੋ ਪਹੀਆ ਵਾਹਨਾਂ ਦੇ ਚਲਾਨ ਕੱਟੇ ਗਏ ਅਤੇ ਵਿਸ਼ੇਸ਼ ਕਰਕੇ ਬੁਲੇਟ ਮੋਟਰਸਾਈਕਲ ’ਤੇ ਪਟਾਕੇ ਪਾਉਣ ਵਾਲਿਆਂ ਨੂੰ ਆੜੇ ਹੱਥੀਂ ਲਿਆ। ਪਟਾਕੇ ਪਾਉਣ ਵਾਲਿਆਂ ’ਤੇ ਵਿਸ਼ੇਸ਼ ਨਜ਼ਰ ਰੱਖ ਕੇ ਸਿਕੰਜਾ ਕੱਸਿਆ। ਅੱਜ ਸਵੇਰੇ ਹੀ ਬੁਲੇਟ ਮੋਟਰਸਾਈਕਲ ’ਤੇ ਪ੍ਰੀਖਿਆ ਦੇਣ ਆਉਂਦੇ ਕੁੱਝ ਵਿਦਿਆਰਥੀਆਂ ਦੀ ਪਟਾਕੇ ਪਾਉਂਦਿਆਂ ਦੀ ਵੀਡੀਓ ਵਾਇਰਲ ਹੋਈ ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਬਾਅਦ ਟਰੈਫਿਕ ਪੁਲੀਸ ਵਲੋਂ ਕਾਰਵਾਈ ਕੀਤੀ ਗਈ। ਜ਼ਿਲ੍ਹਾ ਟਰੈਫ਼ਿਕ ਪੁਲੀਸ ਦੇ ਇੰਚਾਰਜ ਪਵਨ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਕਰੀਬ 30 ਈ-ਚਲਾਨ ਕੱਟੇ ਗਏ ਅਤੇ 2 ਲੱਖ 23 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਟਰੈਫ਼ਿਕ ਪੁਲੀਸ ਦੀ ਟੀਮ ਵਿਚ ਉਨ੍ਹਾਂ ਸਮੇਤ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਤੇ ਰਾਮ ਸਿੰਘ ਅਤੇ ਪੀਐੱਚਜੀ ਮਨਜੀਤ ਸਿੰਘ ਸ਼ਾਮਲ ਸਨ।
ਉਨ੍ਹਾਂ ਦੱਸਿਆ ਕਿ ਸ਼ਹਿਰ ਅੰਦਰ ਆਵਾਜਾਈ ਨਿਯਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਲਈ ਉਨ੍ਹਾਂ ਦੀ ਟੀਮ ਵੱਲੋਂ ਨਾਕਾਬੰਦੀ ਕਰਦਿਆਂ ਵਹੀਕਲਾਂ ਦੀ ਜਾਂਚ ਕੀਤੀ ਗਈ ਅਤੇ ਬੁਲੇਟ ਮੋਟਰਸਾਈਕਲਾਂ ਦੇ ਪਟਾਕੇ ਪਾਉਣ ਵਾਲਿਆਂ ਦੇ ਚਲਾਨ ਕੱਟੇ ਗਏ। ਉਨ੍ਹਾਂ ਕਿਹਾ ਕਿ ਮੋਟਰਸਾਈਕਲਾਂ ਤੇ ਤੀਹਰੀ ਸਵਾਰੀ ਕਰਨ ਵਾਲੇ ਚਾਲਕਾਂ ਦੇ ਵੀ ਚਲਾਨ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਵਾਹਨ ਚਾਲਕ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਤੇ ਆਪਣੇ ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ। ਟਰੈਫਿਕ ਇੰਚਾਰਜ ਨੇ ਕਿਹਾ ਕਿ ਆਵਾਜਾਈ ਨਿਯਮਾਂ ਦਾ ਪਾਲਣ ਨਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਭਵਿੱਖ ਵਿਚ ਵੀ ਜਾਰੀ ਰਹੇਗੀ।
The post ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ appeared first on Punjabi Tribune.