ਪਾਲ ਸਿੰਘ ਨੌਲੀ
ਜਲੰਧਰ, 25 ਜੂਨ
ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਿੱਖੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਕੁਰਸੀ ਬਚਾਉਣ ਖ਼ਾਤਰ ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਦੋ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਲਈ ਰਾਹ ਪੱਧਰਾ ਕੀਤਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕ ਰਕੇਸ਼ ਪਾਂਡੇ ਤੇ ਫਤਹਿਜੰਗ ਬਾਜਵਾ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਦੇਣ ਲਈ ਕਾਨੂੰਨ ਦੀ ਆੜ ਹੇਠ ਜਿਹੜਾ ਡਰਾਮਾ ਰਚਿਆ ਸੀ, ਉਸ ਤੋਂ ਲੋਕਾਂ ਨੇ ਪਰਦਾ ਚੁੱਕ ਦਿੱਤਾ ਹੈ। ਲੋਕਾਂ ਦੇ ਦਬਾਅ ਕਰ ਕੇ ਹੀ ਫਤਹਿਜੰਗ ਬਾਜਵਾ ਨੂੰ ਨੌਕਰੀ ਦੀ ਪੇਸ਼ਕਸ਼ ਠੁਕਰਾਉਣੀ ਪਈ।
ਐਮਰਜੈਂਸੀ ਵਿਰੋਧੀ ਦਿਵਸ ਮਨਾਉਂਦਿਆਂ ਸ੍ਰੀ ਕਾਲੀਆ ਨੇ ਦਾਅਵਾ ਕੀਤਾ ਕਿ ਜੇ ਇਨ੍ਹਾਂ ਕਾਂਗਰਸੀ ਆਗੂਆਂ ਦੇ ਪੁੱਤਰ ਯੋਗ ਹੁੰਦੇ ਤਾਂ ਤਰਸ ਦੇ ਆਧਾਰ ‘ਤੇ ਉਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਨੇ ਹੀ ਨੌਕਰੀ ਦੇ ਦੇਣੀ ਸੀ ਕਿਉਂਕਿ ਉਹ ਯੋਗ ਨਹੀਂ ਸਨ ਇਸ ਲਈ ਉਨ੍ਹਾਂ ਨੂੰ ਨੌਕਰੀ ਦਿੱਤੀ ਹੀ ਨਹੀਂ ਸੀ ਜਾ ਸਕਦੀ। ਦੇਸ਼ ਵਿੱਚ ਐਮਰਜੈਂਸੀ ਲਾਉਣ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ 25 ਜੂਨ ਦੀ ਰਾਤ ਨੂੰ ਜਿਸ ਤਰ੍ਹਾਂ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਲੋਕਤੰਤਰ ਦਾ ਕਤਲ ਕੀਤਾ ਸੀ, ਉਸ ਨੂੰ ਹਮੇਸ਼ਾ ਕਾਲੇ ਦਿਨ ਵਜੋਂ ਯਾਦ ਕੀਤਾ ਜਾਵੇਗਾ।
ਉਨ੍ਹਾਂ ਇਹ ਦੋਸ਼ ਵੀ ਲਾਇਆ ਕਿ ਕਾਂਗਰਸ ਵਿੱਚ ਲੋਕਤੰਤਰ ਨਾਂ ਦੀ ਕੋਈ ਚੀਜ਼ ਨਹੀਂ ਬਚੀ, ਕਾਂਗਰਸ ਦੀ ਪ੍ਰਧਾਨਗੀ ਮਾਂ-ਪੁੱਤਰ ਵਿੱਚ ਹੀ ਘੁੰਮ ਰਹੀ ਹੈ। ਕਾਂਗਰਸ ਦੇ ਸੀਨੀਅਰ ਆਗੂ ਇਸ ਦਾ ਵਿਰੋਧ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਲੋਕਤੰਤਰ ਦੀਆਂ ਪੂਰੀਆਂ ਕਦਰਾਂ-ਕੀਮਤਾਂ ਹਨ।









