ਚੰਡੀਗੜ੍ਹ ਕੋਰਟ ਵੱਲੋਂ ਅੱਤਵਾਦੀ ਗੋਲਡੀ ਬਰਾੜ ਨੂੰ ਭਗੌੜਾ ਕਰਾਰ, 30 ਦਿਨਾਂ ਵਿੱਚ ਪੇਸ਼ ਹੋਣ ਦੇ ਹੁਕਮ, ਗਾਇਕ ਸਿੱਧੂ ਮੂਸੇਵਾਲਾ ਕਤਲ ਦਾ ਮਾਸਟਰਮਾਈਂਡ ਵੀ ਇਹ ਗੈਂਗਸਟਰ

ਚੰਡੀਗੜ੍ਹ ਕੋਰਟ ਵੱਲੋਂ ਅੱਤਵਾਦੀ ਗੋਲਡੀ ਬਰਾੜ ਨੂੰ ਭਗੌੜਾ ਕਰਾਰ, 30 ਦਿਨਾਂ ਵਿੱਚ ਪੇਸ਼ ਹੋਣ ਦੇ ਹੁਕਮ, ਗਾਇਕ ਸਿੱਧੂ ਮੂਸੇਵਾਲਾ ਕਤਲ ਦਾ ਮਾਸਟਰਮਾਈਂਡ ਵੀ ਇਹ ਗੈਂਗਸਟਰ


ਰਾਸ਼ਟਰੀ ਜਾਂਚ ਏਜੰਸੀ (NIA) ਦੀ ਚੰਡੀਗੜ੍ਹ ਸਥਿਤ ਵਿਸ਼ੇਸ਼ ਅਦਾਲਤ ਨੇ ਅੱਤਵਾਦੀ ਸਤਵਿੰਦਰ ਸਿੰਘ ਉਰਫ਼ ਗੋਲਡੀ ਬਰਾੜ (Goldy Brar) ਨੂੰ ਭਗੌੜਾ ਘੋਸ਼ਿਤ ਕਰ ਦਿੱਤਾ ਹੈ। ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 84 ਤਹਿਤ ਕਾਰਵਾਈ ਕਰਦੇ ਹੋਏ ਵਿਸ਼ੇਸ਼ ਜੱਜ ਭਾਵਨਾ ਜੈਨ ਨੇ ਉਸਨੂੰ 30 ਦਿਨਾਂ ਦੇ ਅੰਦਰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਦਾ ਵੀ ਮਾਸਟਰਮਾਈਂਡ

ਗੋਲਡੀ ਬਰਾੜ ਖ਼ਿਲਾਫ਼ 20 ਜਨਵਰੀ 2024 ਨੂੰ ਚੰਡੀਗੜ੍ਹ ਵਿੱਚ ਇੱਕ ਕਾਰੋਬਾਰੀ ਦੇ ਅਗਵਾ ਦਾ ਮਾਮਲਾ ਦਰਜ ਹੋਇਆ ਸੀ, ਜਿਸਨੂੰ 8 ਮਾਰਚ 2024 ਨੂੰ ਐਨਆਈਏ ਨੇ ਆਪਣੇ ਹੱਥ ਵਿੱਚ ਲਿਆ। ਗੋਲਡੀ ਬਰਾੜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਦਾ ਵੀ ਮਾਸਟਰਮਾਈਂਡ ਵੀ ਹੈ। ਕੇਂਦਰ ਸਰਕਾਰ ਪਹਿਲਾਂ ਹੀ ਉਸਨੂੰ ਅੱਤਵਾਦੀ ਘੋਸ਼ਿਤ ਕਰ ਚੁੱਕੀ ਹੈ ਅਤੇ ਉਹ ਇਸ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਹੈ।

ਕੈਨੇਡਾ ਤੋਂ ਭਾਰਤ ਲਿਆਉਣ ਦੀਆਂ ਕੋਸ਼ਿਸ਼ਾਂ ਵੀ ਤੇਜ਼

ਇਸ ਕੇਸ ਵਿੱਚ ਗੋਲਡੀ ਬਰਾੜ ਖ਼ਿਲਾਫ਼ ਆਈਪੀਸੀ ਦੀਆਂ ਧਾਰਾ 120B (ਆਪਰਾਧਿਕ ਸਾਜ਼ਿਸ਼), 336 (ਲਾਪਰਵਾਹੀ ਨਾਲ ਜ਼ਿੰਦਗੀ ਨੂੰ ਖ਼ਤਰਾ), 384 (ਜਬਰਨ ਵਸੂਲੀ) ਅਤੇ 506 (ਆਪਰਾਧਿਕ ਧਮਕੀ) ਨਾਲ ਨਾਲ ਯੂਏਪੀਆ ਅਤੇ ਆਰਮਸ ਐਕਟ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ। ਨਿਰਧਾਰਤ ਸਮੇਂ ‘ਤੇ ਅਦਾਲਤ ਵਿੱਚ ਪੇਸ਼ ਨਾ ਹੋਣ ਦੀ ਸਥਿਤੀ ਵਿੱਚ ਉਸਦੀ ਸੰਪਤੀ ਜ਼ਬਤ ਕੀਤੀ ਜਾ ਸਕਦੀ ਹੈ। ਸੂਤਰਾਂ ਦੇ ਮੁਤਾਬਕ, ਉਸਨੂੰ ਕੈਨੇਡਾ ਤੋਂ ਭਾਰਤ ਲਿਆਉਣ ਦੀਆਂ ਕੋਸ਼ਿਸ਼ਾਂ ਵੀ ਤੇਜ਼ ਕਰ ਦਿੱਤੀਆਂ ਗਈਆਂ ਹਨ।

ਸਾਲ 2024 ਦੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੋੜੀਦਾਰ ਗੋਲਡੀ ਬਰਾੜ ਨੂੰ ਭਾਰਤ ਸਰਕਾਰ ਨੇ ਅੱਤਵਾਦੀ ਐਲਾਨ ਦਿੱਤਾ ਸੀ। ਗੈਂਗਸਟਰ ਗੋਲਡੀ ਬਰਾੜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ’ਚ ਵੀ ਵਾਂਟੇਡ ਹੈ। ਇਸ ਤੋਂ ਇਲਾਵਾ ਪੰਜਾਬ ’ਚ ਟਾਰਗੇਟ ਕਿਲਿੰਗ ਦਾ ਮੁਲਜ਼ਮ ਵੀ ਹੈ।

ਗੈਂਗਸਟਰਾਂ ਨਾਲ ਸਬੰਧਤ ਕਈ ਮਾਮਲਿਆਂ ਦੀ ਜਾਂਚ ਕਰਨ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ (NIA) ਨੇ ਅਜਿਹੇ 28 ਵੱਡੇ ਪੱਧਰ ਦੇ ਖ਼ੌਫ਼ਨਾਕ ਗੈਂਗਸਟਰਾਂ ਦੇ ਨਾਵਾਂ ਦੀ ਸੂਚੀ ਅਤੇ ਉਨ੍ਹਾਂ ਨਾਲ ਸਬੰਧਤ ਘਟਨਾਵਾਂ ਦਾ ਡਾਟਾ ਤਿਆਰ ਕਰਕੇ ਕੇਂਦਰੀ ਗ੍ਰਹਿ ਮੰਤਰਾਲੇ (MHA) ਨੂੰ ਭੇਜ ਦਿੱਤਾ ਹੈ। ਇਨ੍ਹਾਂ ਗੈਂਗਸਟਰਾਂ ਕਈ ਵੱਡੇ ਅਪਰਾਧਿਕ ਮਾਮਲਿਆਂ ਨੂੰ ਅੰਜਾਮ ਦੇਣ ‘ਚ ਸ਼ਾਮਲ ਹਨ ਅਤੇ ਇਸ ਦੇ ਨਾਲ ਹੀ ਉਹ ਵਿਦੇਸ਼ਾਂ ਵਿੱਚ ਰਹਿੰਦਿਆਂ ਭਾਰਤ ਵਿੱਚ ਟਾਰਗੇਟ ਕਿਲਿੰਗ, ਨਸ਼ਿਆਂ ਦੇ ਕਾਰੋਬਾਰ ਨੂੰ ਵਧਾਉਣ ਵਿੱਚ ਮਦਦ ਕਰਨ, ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਗੈਂਗਸਟਰਾਂ ਦੀ ਮਦਦ ਕਰਨ ਸਮੇਤ ਹੋਰ ਵੀ ਕਈ ਤਰ੍ਹਾਂ ਦੇ ਅਪਰਾਧਾਂ ਨੂੰ ਅੰਜਾਮ ਦਿੰਦੇ ਰਹਿੰਦੇ ਹਨ। ਉਨ੍ਹਾਂ ਗੈਂਗਸਟਰਾਂ ਦੇ ਨਾਵਾਂ ਦੀ ਸੂਚੀ ਭਾਰਤ ਸਰਕਾਰ ਅਧੀਨ ਕੇਂਦਰੀ ਗ੍ਰਹਿ ਮੰਤਰਾਲੇ (MHA) ਵੱਲੋਂ ਤਿਆਰ ਕੀਤੀ ਗਈ ਹੈ।

 

ਹੋਰ ਪੜ੍ਹੋ

ਹੋਰ ਪੜ੍ਹੋ



Source link