ਪਪਲਪ੍ਰੀਤ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ

ਪਪਲਪ੍ਰੀਤ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ


ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 11 ਅਪਰੈਲ

ਮੁੱਖ ਅੰਸ਼

  • ਸਾਥੀ ਅੰਮ੍ਰਿਤਪਾਲ ਸਬੰਧੀ ਕੋਈ ਵੀ ਜਾਣਕਾਰੀ ਹੋਣ ਤੋਂ ਕੀਤਾ ਇਨਕਾਰ

ਪੰਜਾਬ ਪੁਲੀਸ ਵੱਲੋਂ ਕੌਮੀ ਸੁਰੱਖਿਆ ਐਕਟ (ਐੱਨਐੱਸਏ) ਤਹਿਤ ਗ੍ਰਿਫ਼ਤਾਰ ਪਪਲਪ੍ਰੀਤ ਸਿੰਘ ਨੂੰ ਅੱਜ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ, ਜਿੱਥੇ ਪਹਿਲਾਂ ਹੀ ਅੱਠ ਸਿੱਖ ਨੌਜਵਾਨ ਐੱਨਐੱਸਏ ਤਹਿਤ ਬੰਦ ਹਨ।

ਪਪਲਪ੍ਰੀਤ ਸਿੰਘ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਨੇੜਲਾ ਸਾਥੀ ਹੈ। ਉਹ 18 ਮਾਰਚ ਤੋਂ ਅੰਮ੍ਰਿਤਪਾਲ ਸਿੰਘ ਦੇ ਨਾਲ ਰੂਪੋਸ਼ ਸੀ ਅਤੇ ਦੋਵਾਂ ਦੀਆਂ ਤਸਵੀਰਾਂ ਵੀ ਵਾਇਰਲ ਹੋਈਆਂ ਸਨ। ਪੰਜਾਬ ਪੁਲੀਸ ਨੇ ਉਸ ਨੂੰ ਬੀਤੇ ਕੱਲ੍ਹ ਇੱਥੇ ਕੱਥੂਨੰਗਲ ਨੇੜਿਓਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਇੱਥੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੰਜਾਬ ਪੁਲੀਸ ਦੀ ਟੀਮ ਅੱਜ ਤੜਕੇ ਉਸ ਨੂੰ ਹਵਾਈ ਜਹਾਜ਼ ਰਾਹੀਂ ਡਿਬਰੂਗੜ੍ਹ ਲਿਜਾਣ ਲਈ ਰਵਾਨਾ ਹੋਈ। ਉਨ੍ਹਾਂ ਨੇ ਇੱਥੋਂ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਉਡਾਣ ਭਰੀ।

ਇਸ ਦੌਰਾਨ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਪਪਲਪ੍ਰੀਤ ਨੇ ਦੱਸਿਆ ਕਿ ਅੰਮ੍ਰਿਤਪਾਲ ਤੇ ਉਹ 28 ਮਾਰਚ ਤਕ ਇਕੱਠੇ ਸਨ ਅਤੇ ਫਿਰ ਵੱਖ ਹੋ ਗਏ। ਅੰਮ੍ਰਿਤਪਾਲ ਦੀ ਮੌਜੂਦਾ ਸਥਿਤੀ ਬਾਰੇ ਉਸ ਨੂੰ ਕੋਈ ਜਾਣਕਾਰੀ ਨਹੀਂ ਹੈ। ਅੰਮ੍ਰਿਤਪਾਲ ਸਿੰਘ ਦੇ ਆਤਮ-ਸਮਰਪਣ ਬਾਰੇ ਪੁੱਛਣ ‘ਤੇ ਪਪਲਪ੍ਰੀਤ ਨੇ ਕਿਹਾ ਕਿ ਇਹ ਉਸ ‘ਤੇ ਨਿਰਭਰ ਹੈ, ਇਸ ਸਬੰਧੀ ਉਸ ਨਾਲ ਕੋਈ ਗੱਲ ਨਹੀਂ ਹੋਈ। ਪਪਲਪ੍ਰੀਤ ਸਿੰਘ (40) ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਮਰੜੀ ਦਾ ਵਸਨੀਕ ਹੈ। ਉਸ ਦੀ ਗ੍ਰਿਫਤਾਰੀ ਤੋਂ ਬਾਅਦ ਉਸ ਦੀ ਪਤਨੀ ਨੇ ਉਸ ਖ਼ਿਲਾਫ਼ ਕੌਮੀ ਸੁਰੱਖਿਆ ਐਕਟ ਤਹਿਤ ਕੇਸ ਦਰਜ ਕਰਨ ਦਾ ਵਿਰੋਧ ਕੀਤਾ ਸੀ ਅਤੇ ਦਾਅਵਾ ਕੀਤਾ ਸੀ ਕਿ ਉਸ ਨੇ ਦੇਸ਼ ਵਿਰੋਧੀ ਕੋਈ ਕੰਮ ਨਹੀਂ ਕੀਤਾ।

ਡਿਬਰੂਗੜ੍ਹ ਜੇਲ੍ਹ ਵਿੱਚ ਮੁਲਜ਼ਮਾਂ ਤੇ ਹੋਰਨਾਂ ਨੂੰ ਮਿਲੇ ਸ਼੍ਰੋਮਣੀ ਕਮੇਟੀ ਦੇ ਵਕੀਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਕੀਲਾਂ ਦੀ ਤਿੰਨ ਮੈਂਬਰੀ ਟੀਮ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨਾਂ ਨੂੰ ਮਿਲ ਕੇ ਆਈ ਹੈ। ਇਸ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਟੀਮ ਵੱਲੋਂ ਆਪਣੀ ਰਿਪੋਰਟ ਭਲਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸੌਂਪ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਤੋਂ ਮਨਜ਼ੂਰੀ ਲੈਣ ਮਗਰੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨਾਂ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਉਹ ਸਾਰੇ ਠੀਕ ਹਨ।

‘ਕਲਸੀ ਨੂੰ ਢੁਕਵੀਂ ਕਾਨੂੰਨੀ ਪ੍ਰਕਿਰਿਆ ਤਹਿਤ ਹਿਰਾਸਤ ‘ਚ ਲਿਆ’

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਅੱਜ ਦੱਸਿਆ ਕਿ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਤਹਿਤ ਹਿਰਾਸਤ ਵਿੱਚ ਲਿਆ ਗਿਆ ਅੰਮ੍ਰਿਤਪਾਲ ਸਿੰਘ ਦਾ ਨੇੜਲਾ ਸਾਥੀ ਦਲਜੀਤ ਸਿੰਘ ਕਲਸੀ ਵੱਖਰੇ ਖਾਲਿਸਤਾਨ ਲਈ ਕੱਟੜ ਵੱਖਵਾਦੀ ਵਿਚਾਰਧਾਰਾ ਦੇ ਪਾਸਾਰ ਵਿੱਚ ਮਦਦ ਕਰ ਰਿਹਾ ਸੀ ਅਤੇ ਦੇਸ਼ ਖ਼ਿਲਾਫ਼ ਜੰਗ ਛੇੜ ਰਿਹਾ ਸੀ। ਕਲਸੀ ਨੂੰ ਐੱਨਐੱਸਏ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ। ਹਾਈ ਕੋਰਟ ਵਿੱਚ ਪੇਸ਼ ਹਲਫ਼ਨਾਮੇ ਵਿੱੱਚ ਸਰਕਾਰ ਨੇ ਕਿਹਾ ਕਿ ਸਰਬਜੀਤ ਉਰਫ਼ ਦਲਜੀਤ ਸਿੰਘ ਕਲਸੀ ਨੂੰ ਐੱਨਐੱਸਏ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਸ ਨੂੰ ਗ਼ੈਰਕਾਨੂੰਨੀ ਤੌਰ ‘ਤੇ ਰੱਖਣ ਦਾ ਦੋਸ਼ ਬੇਬੁਨਿਆਦ ਹੈ ਅਤੇ ਇਸ ਵਿੱਚ ਕੋਈ ਸਚਾਈ ਨਹੀਂ ਹੈ। ਸਰਕਾਰ ਨੇ ਕਿਹਾ ਕਿ ਉਸ ਨੂੰ ਕਾਨੂੰਨ ਦੀ ਢੁਕਵੀਂ ਪ੍ਰਕਿਰਿਆ ਦਾ ਪਾਲਣ ਕਰਦਿਆਂ ਹਿਰਾਸਤ ਵਿੱਚ ਲਿਆ ਗਿਆ ਹੈ। ਅਦਾਲਤ ਕਲਸੀ ਦੀ ਪਤਨੀ ਤੇ ਹੋਰਾਂ ਦੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰ ਰਹੀ ਸੀ। ਪਟੀਸ਼ਨਰਾਂ ਵੱਲੋਂ ਦੋਸ਼ ਲਾਇਆ ਗਿਆ ਕਿ ਕਲਸੀ ਨੂੰ ਪੰਜਾਬ ਪੁਲੀਸ ਨੇ ਗ਼ੈਰਕਾਨੂੰਨੀ ਕੈਦ ਵਿੱਚ ਰੱਖਿਆ ਹੈ ਅਤੇ ਬਿਨਾਂ ਕਾਨੂੰਨੀ ਕਾਰਨ ਅਤੇ ਢੁਕਵੀਂ ਪ੍ਰਕਿਰਿਆ ਦੇ ਅਸਾਮ ਵਿੱਚ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਵਿੱਚ ਭੇਜ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਐੱਨਐੱਸਏ ਤਹਿਤ ਹੋਰ ਬੰਦੀਆਂ ਦੇ ਰਿਸ਼ਤੇਦਾਰਾਂ ਨੇ ਵੀ ਨਜ਼ਰਬੰਦੀ ਦੇ ਆਦੇਸ਼ਾਂ ਨੂੰ ਰੱਦ ਕਰਨ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ 18 ਮਾਰਚ ਨੂੰ ਸ਼ੁਰੂ ਹੋਈ ਪੁਲੀਸ ਕਾਰਵਾਈ ਦੌਰਾਨ ਇਨ੍ਹਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਕਲਸੀ ਦੀ ਪਤਨੀ ਵੱਲੋਂ ਪੇਸ਼ ਵਕੀਲ ਸਿਮਰਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੱਜ ਉਨ੍ਹਾਂ ਦੀ ਪਟੀਸ਼ਨ ‘ਤੇ ਆਪਣਾ ਜਵਾਬ ਦਾਖ਼ਲ ਕੀਤਾ ਹੈ, ਜਦਕਿ ਕੇਂਦਰ ਸਰਕਾਰ ਨੇ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਹੈ। ਅਗਲੀ ਸੁਣਵਾਈ 24 ਅਪਰੈਲ ਨੂੰ ਹੋਵੇਗੀ। -ਪੀਟੀਆਈ



Source link