Punjab News: ਪੰਜਾਬ ਦੇ ਸਿਆਸੀ ਜਗਤ ਵਿੱਚ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ ਤੋਂ ਬਾਅਦ ਕਈ ਸਿਆਸੀ ਆਗੂਆਂ ਵੱਲੋਂ ਲਗਾਤਾਰ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਵਰਿੰਦਰ ਸਿੰਘ ਬਾਜਵਾ ਲੰਬਾ ਸਮਾਂ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਪ੍ਰਧਾਨ ਤੇ ਹੋਰਨਾਂ ਅਹੁਦਿਆਂ ’ਤੇ ਸੇਵਾ ਨਿਭਾ ਚੁੱਕੇ ਹਨ। ਬਾਜਵਾ ਦੇ ਦੇਹਾਂਤ ਨਾਲ ਅਕਾਲੀ ਦਲ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਸੁਖਬੀਰ ਬਾਦਲ ਨੇ ਦੁੱਖ ਪ੍ਰਗਟਾਵਾ ਕਰਦੇ ਲਿਖਿਆ
ਸਾਬਕਾ ਰਾਜ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਸ. ਵਰਿੰਦਰ ਸਿੰਘ ਬਾਜਵਾ ਜੀ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁੱਖ ਹੋਇਆ। ਸਤਿਕਾਰਯੋਗ ਵਰਿੰਦਰ ਸਿੰਘ ਜੀ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਦਾ ਇੱਕ ਅਹਿਮ ਹਿੱਸਾ ਸਨ, ਜਿਨ੍ਹਾਂ ਨੇ ਪਾਰਟੀ ਨੂੰ ਹਰ ਪੱਧਰ ‘ਤੇ ਤਕੜਾ ਕਰਨ ਲਈ ਦਹਾਕਿਆਂ ਤੱਕ ਅਣਥੱਕ ਮਿਹਨਤ ਕੀਤੀ। ਪੰਜਾਬ ਦੇ ਲੋਕਾਂ ਦੀ ਸੇਵਾ ਲਈ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ, ਸੁਯੋਗ ਅਗਵਾਈ, ਅਤੇ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਸਮਰਥਕਾਂ ਨਾਲ ਮੇਰੀ ਦਿਲੀ ਹਮਦਰਦੀ ਹੈ । ਵਾਹਿਗੁਰੂ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਬਖਸ਼ਣ ਅਤੇ ਉਨ੍ਹਾਂ ਦੇ ਅਜ਼ੀਜ਼ਾਂ ਨੂੰ ਇਸ ਅਸਹਿ ਭਾਣੇ ਨੂੰ ਸਹਿਣ ਕਰਨ ਦਾ ਬਲ਼ ਬਖਸ਼ਿਸ਼ ਕਰਨ।
ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ
ਇਸ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਵਰਿੰਦਰ ਸਿੰਘ ਬਾਜਵਾ ਲੋਕ ਭਲਾਈ ਦੇ ਸਮਾਜਿਕ ਕਾਰਜਾਂ ਲਈ ਹਮੇਸ਼ਾ ਯਤਨਸ਼ੀਲ ਰਹੇ। ਉਨ੍ਹਾਂ ਬਾਜਵਾ ਦੇ ਸਾਂਸਦ ਵਜੋਂ ਕਾਰਜਕਾਲ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸੰਸਦ ਅੰਦਰ ਲੋਕ ਮਸਲਿਆਂ ਦੀ ਗੱਲ ਕੀਤੀ। ਅਜਿਹੇ ਆਗੂ ਦਾ ਸੰਸਾਰ ਤੋਂ ਜਾਣਾ ਪਰਿਵਾਰ ਅਤੇ ਸਮਾਜ ਲਈ ਵੱਡਾ ਘਾਟਾ ਹੈ। ਉਨ੍ਹਾਂ ਵਰਿੰਦਰ ਸਿੰਘ ਬਾਜਵਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
