ਪੱਤਰ ਪ੍ਰੇਰਕ
ਰਾਮਪੁਰਾ ਫੂਲ, 12 ਸਤੰਬਰ
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਪਿੰਡ ਜੈਨਪੁਰ ਦੇ ਮ੍ਰਿਤਕ ਕਿਸਾਨ ਸੁਖਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅੱਜ ਬਠਿੰਡਾ-ਚੰਡੀਗੜ੍ਹ ਮਾਰਗ ਜਾਮ ਕਰ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਆਗੂ ਨੇ ਕਿਹਾ ਕਿ ਭੂ-ਮਾਫ਼ੀਆ ਦੀ ਧੋਖਾਧੜੀ ਦਾ ਸ਼ਿਕਾਰ ਹੋਏ ਮ੍ਰਿਤਕ ਕਿਸਾਨ ਸੁਖਵਿੰਦਰ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਇਨਸਾਫ਼ ਨਾ ਦੇਣਾ ਅਤੇ ਪੁਲੀਸ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਅੱਗੇ ਇੱਕ ਮਹੀਨਾ ਸ਼ਾਂਤਮਈ ਧਰਨਾ ਲੱਗਿਆ ਹੋਣ ਤੋਂ ਬਾਅਦ ਵੀ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕਰਨਾ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਬਚਾਉਣ ਲਈ ਜਾਂਚ ਵਾਸਤੇ ਬਣੀ ਸਿੱਟ ਉੱਪਰ ਰੋਕ ਲਗਵਾਉਣ ਲਈ ਪ੍ਰਸ਼ਾਸਨ ਵੱਲੋਂ ਮਦਦ ਕਰਨ ਤੋਂ ਇਹ ਗੱਲ ਨੂੰ ਸਿੱਧ ਹੁੰਦੀ ਹੈ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਬਜਾਇ ਭੂ-ਮਾਫ਼ੀਆ ਨੂੰ ਬਚਾਉਣ ਲਈ ਹੀ ਕੰਮ ਕੀਤਾ ਜਾ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ। ਇਸ ਮੌਕੇ ਮਾਤਾ ਅਮਰਜੀਤ ਕੌਰ, ਬਲਰਾਜ ਸਿੰਘ, ਉਗਰ ਸਿੰਘ ਆਦਿ ਕਿਸਾਨ ਹਾਜ਼ਰ ਸਨ।
The post ਬਠਿੰਡਾ-ਚੰਡੀਗੜ੍ਹ ਮਾਰਗ ਜਾਮ ਕਰ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ appeared first on punjabitribuneonline.com.










