ਸ਼ਗਨ ਕਟਾਰੀਆ/ਮਨੋਜ ਸ਼ਰਮਾ
ਬਠਿੰਡਾ, 21 ਅਕਤੂਬਰ
ਜ਼ਿਲ੍ਹਾ ਪੱਧਰੀ ‘ਪੁਲੀਸ ਸਮ੍ਰਿਤੀ ਦਿਵਸ’ ਇੱਥੇ ਪੁਲੀਸ ਲਾਈਨ ਵਿੱਚ ਮਨਾਇਆ ਗਿਆ। ਇਸ ਮੌਕੇ ਡੀਸੀ ਸ਼ੌਕਤ ਅਹਿਮਦ ਪਰੇ ਅਤੇ ਸੀਜੇਐੱਮ ਮੁਹੇਸ਼ ਕੁਮਾਰ ਸ਼ਰਮਾ ਅਤੇ ਪ੍ਰਿੰਸੀਪਲ ਜੱਜ ਫੈਮਿਲੀ ਕੋਰਟ ਰਮਨ ਕੁਮਾਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਐੱਸਐੱਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਸ਼ਹੀਦੀ ਯਾਦਗਾਰੀ ਦਿਵਸ ਉਨ੍ਹਾਂ ਮਹਾਨ ਪੁਲੀਸ ਜਵਾਨਾਂ ਦੀ ਯਾਦ ਵਿੱਚ ਹਰ ਸਾਲ ਮਨਾਇਆ ਜਾਂਦਾ ਹੈ, ਜਨਿ੍ਹਾਂ ਨੇ 21 ਅਕਤੂਬਰ 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹਾਦਤਾਂ ਦਿੱਤੀਆਂ।
ਸਮਾਗਮ ਮੌਕੇ ਪੁਲੀਸ ਦੀ ਟੁਕੜੀ ਵੱਲੋਂ ਸ਼ਹੀਦਾਂ ਨੂੰ ‘ਗਾਰਡ ਆਫ਼ ਆਨਰ’ ਦਿੱਤਾ ਗਿਆ ਅਤੇ ਦੋ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਡੀਐੱਸਪੀ ਹਨਿਾ ਗੁਪਤਾ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ।
ਬਰਨਾਲਾ (ਰਵਿੰਦਰ ਰਵੀ): ਜ਼ਿਲ੍ਹਾ ਪੱਧਰੀ ਪੁਲੀਸ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਦੌਰਾਨ ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਪੁਲੀਸ ਨੇ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਲਈ ਹਮੇਸ਼ਾ ਅੱਗੇ ਹੋ ਕੇ ਕੁਰਬਾਨੀਆਂ ਦਿੱਤੀਆਂ ਹਨ। ਇਸ ਮੌਕੇ ਸੋਗ ਪਰੇਡ ਦੀ ਕਮਾਂਡ ਕਰਨ ਸ਼ਰਮਾ ਉੱਪ ਕਪਤਾਨ ਵੱਲੋਂ ਕੀਤੀ ਗਈ। ਜ਼ਿਲ੍ਹਾ ਤੇ ਸੈਸ਼ਨ ਜੱਜ ਬੀ.ਐੱਸ.ਤੇਜੀ, ਜ਼ਿਲ੍ਹਾ ਪੁਲੀਸ ਮੁੱਖੀ ਐੱਸਐੱਸਪੀ ਸੰਦੀਪ ਕੁਮਾਰ ਮਲਿਕ ਤੇ ਐੱਸ.ਪੀ. ਮੇਜਰ ਸਿੰਘ ਵੱਲੋਂ ਸ਼ਹੀਦ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜੱਜ ਮੁਨੀਸ਼ ਗਰਗ ਜੱਜ ਗੁਰਬੀਰ ਸਿੰਘ, ਏ.ਡੀ.ਸੀ. ਸਤਵੰਤ ਸਿੰਘ, ਏ.ਡੀ.ਸੀ. ਨਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਸੁਖਪਾਲ ਸਿੰਘ ਤੋਂ ਇਲਾਵਾ ਸਮੂਹ ਪੁਲੀਸ ਗਜ਼ਟਿਡ ਅਧਿਕਾਰੀ, ਜ਼ਿਲ੍ਹਾ ਸਿਵਲ ਪ੍ਰਸ਼ਾਸਨ, ਜੁਡੀਸ਼ਲ ਅਧਿਕਾਰੀ, ਸਮੂਹ ਮੁੱਖ ਅਫ਼ਸਰ ਥਾਣਾ, ਇੰਚਾਰਜ ਸੀ.ਆਈ.ਏ. ਸਟਾਫ਼, ਰਿਟਾਇਰਡ ਪੁਲੀਸ ਕਰਮਚਾਰੀ ਅਤੇ ਸ਼ਹੀਦ ਪੁਲੀਸ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।
ਮੋਗਾ (ਮਹਿੰਦਰ ਸਿੰਘ ਰੱਤੀਆਂ): ਇੱਥੇ ਆਈਟੀਆਈ ਸਥਿਤ ਪੁਲੀਸ ਲਾਈਨ ਵਿੱਚ ਸਮ੍ਰਿਤੀ ਪਰੇਡ ਦਿਵਸ ਮੌਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਅਤੇ ਆਪਣਾ ਫ਼ਰਜ਼ਾਂ ਦੀ ਪੂਰਤੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲੀਸ ਅਤੇ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਜੇ. ਐਲਨਚੇਜ਼ੀਅਨ ਨੇ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਸਮ੍ਰਿਤੀ ਪਰੇਡ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਪੰਜਾਬ ਪੁਲੀਸ ਨੇ ਸੁਰੱਖਿਆ ਬਲਾਂ ਨਾਲ ਮਿਲ ਕੇ ਦ੍ਰਿੜਤਾ ਨਾਲ ਪੰਜਾਬ ’ਚ ਕਾਲੇ ਦੌਰ ਸਮੇਂ ਅਤਿਵਾਦ ਖ਼ਿਲਾਫ਼ ਲੜਾਈ ਲੜੀ ਅਤੇ ਇਸ ਦੌਰਾਨ ਜ਼ਿਲ੍ਹੇ ਪੁਲੀਸ ਦੇ 39 ਜਵਾਨ ਸ਼ਹੀਦ ਹੋਏ ਸਨ।
ਮਾਨਸਾ (ਜੋਗਿੰਦਰ ਸਿੰਘ ਮਾਨ): ਪੁਲੀਸ ਲਾਈਨਜ਼ ਮਾਨਸਾ ਵਿੱਚ ਜ਼ਿਲ੍ਹਾ ਪੁਲੀਸ ਅਧਿਕਾਰੀਆਂ ਦੇ ਨਾਲ-ਨਾਲ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸਮਾਗਮ ਦੌਰਾਨ ਐੱਸ.ਐੱਸ.ਪੀ ਡਾ. ਨਾਨਕ ਸਿੰਘ ਅਤੇ ਜ਼ਿਲ੍ਹਾ ਕਮਾਂਡੈਂਟ ਹੋਮਗਾਰਡ ਰਛਪਾਲ ਸਿੰਘ ਨੇ ਵੀ ਸ਼ਿਰਕਤ ਕੀਤੀ। ਡੀ.ਐੱਸ.ਪੀ. ਜਸਵੀਰ ਸਿੰਘ ਗਿੱਲ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਦੇ ਨਾਮ ਪੜ੍ਹਕੇ ਸੁਣਾਏ। ਐੱਸ.ਐੱਸ.ਪੀ. ਡਾ. ਨਾਨਕ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਸਨਮਾਨ ਸਮਾਗਮ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ।
ਫ਼ਿਰੋਜ਼ਪੁਰ (ਸੰਜੀਵ ਹਾਂਡਾ): ਸ਼ਹੀਦ ਪੁਲੀਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਯਾਦ ਵਿੱਚ ਪੁਲੀਸ ਲਾਈਨ ਵਿੱਚ ਕੌਮੀ ਪੁਲੀਸ ਯਾਦਗਾਰੀ ਦਿਵਸ ਮਨਾਇਆ ਗਿਆ। ਇਸ ਮੌਕੇ ਐੱਸਐੱਸਪੀ ਦੀਪਕ ਹਿਲੌਰੀ, ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਗੁਰਮੀਤ ਸਿੰਘ ਟਿਵਾਣਾ ਅਤੇ ਐੱਸਪੀ (ਇਨਵੈਸਟੀਗੇਸ਼ਨ) ਰਣਧੀਰ ਕੁਮਾਰ ਸਮੇਤ ਕਈ ਅਧਿਕਾਰੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।
ਪਰੇਡ ਕਮਾਂਡਰ ਡੀਐੱਸਪੀ ਅੰਗਰੇਜ਼ ਸਿੰਘ ਦੀ ਅਗਵਾਈ ਹੇਠ ਪੁਲੀਸ ਦੀ ਇੱਕ ਟੁਕੜੀ ਵੱਲੋਂ ਸ਼ਹੀਦਾਂ ਦੇ ਸਮਾਰਕ ’ਤੇ ‘ਗਾਰਡ ਆਫ਼ ਆਨਰ’ ਦੇਣ ਉਪਰੰਤ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ। ਇਸ ਮੌਕੇ 50 ਦੇ ਕਰੀਬ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।
਼ਫ਼ਰੀਦਕੋਟ (ਜਸਵੰਤ ਜੱਸ): ਇੱਥੇ ਪੁਲੀਸ ਲਾਈਨ ਵਿੱਚ ਪੁਲੀਸ ਸ਼ਹੀਦੀ ਦਿਵਸ ਮੌਕੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਪੁਲੀਸ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਆਈ.ਜੀ. ਗੁਰਸ਼ਰਨ ਸਿੰਘ ਸੰਧੂ, ਸੈਸ਼ਨ ਜੱਜ ਨਵਜੋਤ ਕੌਰ, ਡਿਪਟੀ ਕਮਿਸ਼ਨਰ ਵਨਿੀਤ ਕੁਮਾਰ, ਜ਼ਿਲ੍ਹਾ ਪੁਲੀਸ ਮੁਖੀ ਹਰਜੀਤ ਸਿੰਘ ਪੁੱਜੇ। ਇਸ ਮੌਕੇ ਪੁਲੀਸ ਅਧਿਕਾਰੀ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।
The post ਸਮ੍ਰਿਤੀ ਪਰੇਡ ਦਿਵਸ ਮੌਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਟ appeared first on punjabitribuneonline.com.










