ਗੁਰਦੀਪ ਸਿੰਘ ਲਾਲੀ
ਸੰਗਰੂਰ, 18 ਨਵੰਬਰ
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੱਦੇ ’ਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਸੈਂਕੜੇ ਮੁਲਾਜ਼ਮਾਂ ਵਲੋਂ ਇਥੇ ਕਾਲੇ ਚੋਲੇ ਪਾ ਕੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫੀ ਦੇ ਵਿਰੋਧ ’ਚ ਨਾਅਰੇਬਾਜ਼ੀ ਕੀਤੀ ਗਈ। ਭਾਵੇਂ ਕਿ ਮੁਲਾਜ਼ਮਾਂ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਤੱਕ ਰੋਸ ਮਾਰਚ ਕਰਨਾ ਸੀ ਪਰ ਵਿੱਤ ਮੰਤਰੀ ਨਾਲ 28 ਨਵੰਬਰ ਦੀ ਮੀਟਿੰਗ ਤੈਅ ਹੋਣ ਕਾਰਨ ਰੋਸ ਮਾਰਚ ਮੁਲਤਵੀ ਕਰ ਦਿੱਤਾ ਗਿਆ। ਸਿਵਲ ਹਸਪਤਾਲ ਕੰਪਲੈਕਸ ਵਿਚ ਰੋਸ ਰੈਲੀ ਨੂੰ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ, ਕੋ-ਕਨਵੀਨਰ ਟਹਿਲ ਸਿੰਘ ਸਰਾਭਾ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਕਾਰਜਕਾਰੀ ਚੇਅਰਮੈਨ ਦਰਸ਼ਨ ਸਿੰਘ ਲੁਬਾਣਾ, ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਮੁੱਖ ਜਥੇਬੰਦਕ ਸਕੱਤਰ ਜਗਦੀਸ਼ ਸਿੰਘ ਚਾਹਲ ਅਤੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ ਸਮੇਤ ਅਨੇਕਾਂ ਸੂਬਾਈ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦੀ ਨੀਤੀ ਅਤੇ ਨੀਅਤ ਵਿਚ ਖੋਟ ਹੋਣ ਕਾਰਨ ਅੱਜ ਤੋਂ ਪੂਰਾ ਇੱਕ ਸਾਲ ਪਹਿਲਾਂ 18 ਨਵੰਬਰ 2022 ਦੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਬਿਲਕੁਲ ਅਧੂਰਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਸਾਲ ਬੀਤਣ ਦੇ ਬਾਵਜੂਦ 1 ਜਨਵਰੀ 2004 ਤੋਂ ਬਾਅਦ ਭਰਤੀ ਇੱਕ ਵੀ ਮੁਲਾਜ਼ਮ ਦਾ ਜੀਪੀਐੱਫ਼ ਖਾਤਾ ਨਹੀਂ ਖੋਲ੍ਹਿਆ ਗਿਆ। ਰਾਜਸਥਾਨ, ਛੱਤੀਸਗੜ੍ਹ, ਝਾਰਖੰਡ ਤੇ ਹਿਮਾਚਲ ਪ੍ਰਦੇਸ਼ ਸਰਕਾਰਾਂ ਵੱਲੋਂ ਨਵੀਂ ਪੈਨਸ਼ਨ ਸਕੀਮ ਅਧੀਨ ਐੱਨਪੀਐੱਸ ਦੀ ਕਟੌਤੀ ਬੰਦ ਕਰਕੇ ਜੀਪੀਐੱਫ਼. ਦੀ ਕਟੌਤੀ ਵੀ ਸ਼ੁਰੂ ਕਰ ਦਿੱਤੀ ਹੈ ਪਰ ਪੰਜਾਬ ਸਰਕਾਰ ਟਾਲ ਮਟੋਲ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਕੈਬਨਿਟ ਸਬ ਕਮੇਟੀ ’ਚ ਸ਼ਾਮਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਅਮਨ ਅਰੋੜਾ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਸਿਵਾਏ ਲਾਰਿਆਂ ਦੇ ਕੁਝ ਵੀ ਪੱਲੇ ਨਹੀਂ ਪਿਆ। ਜੇ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੰਦੀ ਹੈ ਤਾਂ ਪੰਜਾਬ ਦੇ ਮੁਲਾਜ਼ਮਾਂ ਦਾ ਜੀਪੀਐੱਫ 180 ਕਰੋੜ ਰੁਪਏ ਮਹੀਨਾ ਕਟੌਤੀ ਉਪਰੰਤ ਖਜ਼ਾਨੇ ਵਿੱਚ ਆਵੇਗਾ ਅਤੇ ਸਰਕਾਰ ਦਾ ਐੱਨਪੀਐੱਸ ਕਟੌਤੀ ਦਾ 14 ਫੀਸਦ ਸ਼ੇਅਰ 190 ਕਰੋੜ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਹੀ ਰਹੇਗਾ, ਜਿਸ ਨਾਲ ਪੰਜਾਬ ਸਰਕਾਰ ਨੂੰ 4000 ਕਰੋੜ ਸਾਲਾਨਾ ਦਾ ਮਾਲੀਆ ਇਕੱਠਾ ਹੋਵੇਗਾ। ਬੁਲਾਰਿਆਂ ਨੇ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਲਾਗੂ ਕੀਤੀ ਜਾਵੇ। ਰੈਲੀ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿੱਤ ਮੰਤਰੀ ਨਾਲ 28 ਨਵੰਬਰ ਨੂੰ ਮੀਟਿੰਗ ਤੈਅ ਕਰਾਉਣ ਦਾ ਲਿਖਤੀ ਪੱਤਰ ਸੌਂਪਿਆ। ਰੈਲੀ ਨੂੰ ਰਣਦੀਪ ਸਿੰਘ ਫਤਹਿਗੜ੍ਹ ਸਾਹਿਬ, ਕੰਵਲਜੀਤ ਸਿੰਘ ਰੋਪੜ, ਪ੍ਰੇਮ ਚਾਵਲਾ, ਗੁਰਪ੍ਰੀਤ ਮਾੜੀ ਮੇਘਾ, ਗੁਰਜੀਤ ਸਿੰਘ ਘੋੜੇਵਾਹ, ਸੁਰਿੰਦਰ ਸਿੰਘ ਬਰਾੜ, ਸਨੋਤਰਾ, ਬਲਰਾਜ ਸਿੰਘ ਭੰਗੂ, ਮੇਲਾ ਸਿੰਘ ਪੁੰਨਾਂਵਾਲ ਤੇ ਸੀਤਾ ਰਾਮ ਸ਼ਰਮਾ ਨੇ ਸੰਬੋਧਨ ਕੀਤਾ।
The post ਸੰਗਰੂਰ: ਪੁਰਾਣੀ ਪੈਨਸ਼ਨ ਬਹਾਲੀ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਮੁਲਾਜ਼ਮਾਂ ਵਲੋਂ ਕਾਲੇ ਚੋਲੇ ਪਾ ਕੇ ਸੂਬਾ ਪੱਧਰੀ ਰੋਸ ਰੈਲੀ appeared first on punjabitribuneonline.com.










