* ਰੇਲ ਆਵਾਜਾਈ ਠੱਪ ਹੋਣ ਕਾਰਨ ਪੰਜਾਬ ਨੂੰ ਹੋ ਰਹੇ ਨੁਕਸਾਨ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ * ਅੰਦੋਲਨ ਖ਼ਤਮ ਜਾਂ ਮੁਲਤਵੀ ਕਰਨ ਬਾਰੇ ਭਲਕੇ ਅੰਤਿਮ ਫ਼ੈਸਲਾ ਲੈਣਗੀਆਂ ਜਥੇਬੰਦੀਆਂ * ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਅੱਜ * 23 ਨਵੰਬਰ ਨੂੰ ਮੁੱਖ ਮੰਤਰੀ ਨਾਲ ਵੀ ਮੀਟਿੰਗ ਤੈਅ
ਚੰਡੀਗੜ੍ਹ, 3 ਨਵੰਬਰ
ਪੰਜਾਬ ਵਿੱਚ ਪਿਛਲੇ ਡੇਢ ਮਹੀਨੇ ਤੋਂ ਜਾਰੀ ਕਿਸਾਨ ਅੰਦੋਲਨ ਕਾਰਨ ਸਰਕਾਰ ਦੀ ਸਥਿਤੀ ਬੇਹੱਦ ਕਸੂਤੀ ਬਣੀ ਹੋਈ ਹੈ। ਪੰਜਾਬ ਦੇ ਮੰਤਰੀਆਂ ਅਤੇ ਪੁਲੀਸ ਅਧਿਕਾਰੀਆਂ ਵੱਲੋਂ ਅੱਜ ਤੋਂ ਚੰਡੀਗੜ੍ਹ ’ਚ ਕਿਸਾਨ ਜਥੇਬੰਦੀਆਂ ਨਾਲ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਗਿਆ ਹੈ। ਫਿਰੋਜ਼ਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ 24 ਸਤੰਬਰ ਤੋਂ ਲਗਾਤਾਰ ਧਰਨੇ ’ਤੇ ਬੈਠੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਅੱਜ ਐਡਵੋਕੇਟ ਜਨਰਲ ਅਤੁਲ ਨੰਦਾ, ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿਘ ਬਾਜਵਾ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰਨਾਂ ਸਮੇਤ ਸੂਬੇ ਦੇ ਡੀਜੀਪੀ ਦਿਨਕਰ ਗੁਪਤਾ ਨੇ ਵੀ ਮੀਟਿੰਗ ਕੀਤੀ। ਇਨ੍ਹਾਂ ਮੀਟਿੰਗਾਂ ਦੌਰਾਨ ਰੇਲ ਆਵਾਜਾਈ ਠੱਪ ਹੋਣ ਕਾਰਨ ਪੰਜਾਬ ਨੂੰ ਹੋ ਰਹੇ ਨੁਕਸਾਨ ਸਬੰਧੀ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਕਿਸਾਨ ਆਗੂਆਂ ਨੂੰ ਦੱਸਿਆ ਗਿਆ ਹੈ ਕਿ ਕਣਕ ਦੀ ਬੀਜਾਈ ਲਈ ਲੋੜੀਂਦੀ ਮਾਤਰਾ ’ਚ ਯੂਰੀਆ ਖਾਦ ਵੀ ਉਪਲਬਧ ਨਹੀਂ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਰੇਲ ਪਟੜੀਆਂ ਤੋਂ ਧਰਨੇ ਚੁੱਕਣ ਸਬੰਧੀ ਆਖ਼ਰੀ ਫੈਸਲਾ 5 ਨਵੰਬਰ ਨੂੰ ਕਮੇਟੀ ਦੀ ਮੀਟਿੰਗ ਵਿੱਚ ਲੈਣ ਦਾ ਭਰੋਸਾ ਦਿਵਾਇਆ ਹੈ। ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਇਸ ਜਥੇਬੰਦੀ ਦੇ ਆਗੂ ਸਤਨਾਮ ਸਿੰਘ ਪੰਨੂ ਸਮੇਤ ਹੋਰਨਾਂ ਨਾਲ ਹੋਈ ਮੀਟਿੰਗ ਸਫ਼ਲ ਰਹੀ ਹੈ ਤੇ ਜਥੇਬੰਦੀ ਵੱਲੋਂ ਰੇਲ ਪਟੜੀਆਂ ਤੋਂ ਧਰਨੇ ਜਲਦੀ ਚੁੱਕੇ ਜਾਣ ਦੀ ਉਮੀਦ ਹੈ। ਸੂਬੇ ਦੀਆਂ 30 ਕਿਸਾਨ ਜਥੇਬੰਦੀਆਂ ਨੇ ਭਵਿੱਖ ਦੀ ਰਣਨੀਤੀ ਉਲੀਕਣ ਲਈ ਭਲਕੇ ਚੰਡੀਗੜ੍ਹ ’ਚ ਮੀਟਿੰਗ ਸੱਦ ਲਈ ਹੈ ਤੇ ਇਨ੍ਹਾਂ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਭਲਕੇ ਮੰਤਰੀਆਂ ਸਮੇਤ ਸਿਵਲ ਤੇ ਪੁਲੀਸ ਅਧਿਕਾਰੀਆਂ ਵੱਲੋਂ ਵੀ ਮੀਟਿੰਗ ਕੀਤੀ ਜਾਣੀ ਹੈ। ਸਰਕਾਰ ਦਾ ਦਾਅਵਾ ਹੈ ਕਿ ਕਿਸਾਨੀ ਅੰਦੋਲਨ ਦਾ ਹੱਲ ਨਿਕਲਣ ਦੇ ਆਸਾਰ ਬਣਦੇ ਜਾ ਰਹੇ ਹਨ। ਸੂਬੇ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਲੋਂ 5 ਨਵੰਬਰ ਦੇ ਦੇਸ਼ ਵਿਆਪੀ ਬੰਦ ਨੂੰ ਕਾਮਯਾਬ ਕਰਨ ਲਈ ਮੁਹਿੰਮ ਸ਼ੁਰੂ ਕਰਦਿਆਂ ਸਮੁੱਚੇ ਪੰਜਾਬ ’ਚ ਨਾਕਾਬੰਦੀ ਕਰਨ ਦਾ ਐਲਾਨ ਕੀਤਾ ਗਿਆ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ ਅਤੇ ਜਥੇਬੰਦੀ ਦੇ ਵਕੀਲ ਉੱਤੇ ਅਧਾਰਿਤ ਵਫ਼ਦ ਦੀਆਂ ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ, ਐਡਵੋਕੇਟ ਜਨਰਲ ਅਤੁਲ ਨੰਦਾ ਅਤੇ ਡੀਜੀਪੀ ਦਿਨਕਰ ਗੁਪਤਾ ਨਾਲ ਵੱਖੋ-ਵੱਖਰੀਆਂ ਮੀਟਿੰਗਾਂ ਹੋਈਆਂ। ਕਿਸਾਨ ਆਗੂਆਂ ਨਾਲ ਹੋਈਆਂ ਇਨ੍ਹਾਂ ਮੀਟਿੰਗਾਂ ਦੌਰਾਨ ਖੇਤੀ ਕਾਨੂੰਨਾਂ ਬਾਰੇ ਚੱਲ ਰਹੇ ਅੰਦੋਲਨ ਨੂੰ ਖ਼ਤਮ ਕਰਨ ਜਾਂ ਮੁਲਤਵੀ ਕਰਨ ਸਬੰਧੀ ਕੋਈ ਅੰਤਿਮ ਫ਼ੈਸਲਾ ਨਹੀਂ ਹੋਇਆ। ਮੰਤਰੀਆਂ ਤੇ ਅਧਿਕਾਰੀਆਂ ਨਾਲ ਹੋਈਆਂ ਤਾਜ਼ਾ ਮੀਟਿੰਗਾਂ ਦੌਰਾਨ ਇਹ ਗੱਲਬਾਤ ਜ਼ਰੂਰ ਹੋਈ ਕਿ ਜਥੇਬੰਦੀ ਸਰਕਾਰ ਦੀ ਬੇਨਤੀ ’ਤੇ ਗੌਰ ਕਰਕੇ 5 ਨਵੰਬਰ ਨੂੰ ਅੰਤਿਮ ਫ਼ੈਸਲਾ ਲਵੇਗੀ। ਮੀਟਿੰਗ ਦੌਰਾਨ ਇਹ ਵੀ ਤੈਅ ਹੋਇਆ ਕਿ ਇਸ ਤੋਂ ਪਹਿਲਾਂ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਬਾਰੇ ਸਾਰੇ ਦਸਤਾਵੇਜ਼ ਮੁਕੰਮਲ ਕਰਕੇ ਦਿੱਤੇ ਜਾਣਗੇ ਜਿਸ ਤੋਂ ਬਾਅਦ ਫੈਸਲਾ ਲਿਆ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ 30 ਕਿਸਾਨ-ਜਥੇਬੰਦੀਆਂ ਵੱਲੋਂ 34ਵੇਂ ਦਿਨ ਵੀ ਪੰਜਾਬ ਭਰ ’ਚ ਸੈਂਕੜੇ ਰੇਲਵੇ-ਪਲੇਟਫਾਰਮਾਂ, ਟੌਲ-ਪਲਾਜ਼ਿਆਂ, ਰਿਲਾਇੰਸ ਪੰਪਾਂ ’ਤੇ ਪੱਕੇ ਮੋਰਚੇ ਜਾਰੀ ਰਹੇ। ਭਲਕੇ ਕਿਸਾਨ ਭਵਨ ਚੰਡੀਗੜ੍ਹ ਵਿਚ 30 ਕਿਸਾਨ ਜਥੇਬੰਦੀਆਂ ਸਾਂਝੀ-ਮੀਟਿੰਗ ਕਰਦਿਆਂ ਸੰਘਰਸ਼ ਨੂੰ ਹੋਰ ਤਿੱਖਾ ਅਤੇ ਵਿਸ਼ਾਲ ਕਰਨ ਲਈ ਵਿਚਾਰ-ਵਟਾਂਦਰੇ ਕਰਨਗੀਆਂ। ਪੰਜਾਬ ਦੇ ਮੁੱਖ ਮੰਤਰੀ ਤੇ ਸੂਬੇ ਦੇ ਵੱਖ-ਵੱਖ ਰਾਜਨੀਤਕ ਦਲਾਂ ’ਤੇ ਆਧਾਰਿਤ ਵਫ਼ਦ ਨੂੰ ਰਾਸ਼ਟਰਪਤੀ ਵੱਲੋਂ ਮੁਲਾਕਾਤ ਲਈ ਸਮਾਂ ਨਾ ਦੇਣ ’ਤੇ ਵੀ ਜਥੇਬੰਦੀਆਂ ਨੇ ਸਖ਼ਤ ਰੋਸ ਜ਼ਾਹਿਰ ਕੀਤਾ ਹੈ। ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਵਰਕਿੰਗ ਗਰੁੱਪ ਤੋਂ ਮਿਲੀ ਜਾਣਕਾਰੀ ਅਨੁਸਾਰ 26-27 ਨਵੰਬਰ ਤੋਂ ਦਿੱਲੀ ਵਿਖੇ ਦੇਸ਼ ਭਰ ਦੀਆਂ 346 ਦੇ ਕਰੀਬ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾਣ ਵਾਲੇ ਵਿਸ਼ਾਲ ਇਕੱਠ ਲਈ ਰਾਮਲੀਲਾ ਗਰਾਊਂਡ ਪ੍ਰਬੰਧਕ ਕਮੇਟੀ ਅਤੇ ਦਿੱਲੀ ਮਿਉਂਸਿਪਲ ਕਾਰਪੋਰੇਸ਼ਨ ਦੀ ਪ੍ਰਵਾਨਗੀ ਮਿਲ ਗਈ ਹੈ। ਉਨ੍ਹਾਂ ਕਿਹਾ ਕਿ 5 ਨਵੰਬਰ ਦਾ ਦੇਸ਼ ਪੱਧਰੀ ਚੱਕਾ ਜਾਮ ਕੇਂਦਰ ਸਰਕਾਰ ਨੂੰ ਇਹ ਸਪੱਸ਼ਟ ਕਰ ਦੇਵੇਗਾ ਕਿ ਕਿਸਾਨ-ਅੰਦੋਲਨ ਮਹਿਜ਼ ਪੰਜਾਬ ਜਾਂ ਹਰਿਆਣਾ ਤੱਕ ਸੀਮਤ ਨਹੀਂ ਹੈ, ਸਗੋਂ ਇਸ ਦਾ ਪਸਾਰਾ ਦੇਸ਼ ਭਰ ’ਚ ਹੋ ਚੁੱਕਾ ਹੈ।
ਭਲਕੇ 10 ਜ਼ਿਲ੍ਹਿਆਂ ਵਿੱਚ ਕੌਮੀ ਅਤੇ ਰਾਜ ਮਾਰਗ ਜਾਮ ਕੀਤੇ ਜਾਣਗੇ
ਮੀਟਿੰਗ ਵਿੱਚ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਲਈ ਕਿਸਾਨ ਆਗੂਆਂ ਦੀ 23 ਨਵੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਹੋਵੇਗੀ। ਕਿਸਾਨ ਆਗੂਆਂ ਨੇ ਦੱਸਿਆ ਕਿ ਦੇਸ਼ ਵਿਆਪੀ ਅੰਦੋਲਨ ਤਹਿਤ 5 ਨਵੰਬਰ ਨੂੰ ਦੁਪਹਿਰੇ 12 ਵਜੇ ਤੋਂ ਸ਼ਾਮ 4 ਵਜੇ ਤੱਕ ਚੱਕਾ ਜਾਮ ਦੇ ਦਿੱਤੇ ਸੱਦੇ ਨੂੰ ਕਾਮਯਾਬ ਕਰਨ ਲਈ 10 ਜ਼ਿਲ੍ਹਿਆਂ ਵਿੱਚ 42 ਥਾਵਾਂ ਉੱਤੇ ਕੌਮੀ, ਰਾਜ ਮਾਰਗਾਂ ਨੂੰ ਜਾਮ ਕੀਤਾ ਜਾਵੇਗਾ।
Courtesy Punjabi TRibune