ਹਰਿਆਣਾ ’ਚ ਭਾਜਪਾ ਤੇ ਜਜਪਾ ਆਗੂਆਂ ਦਾ ਭਵਿੱਖ ਦਾਅ ’ਤੇ


ਆਤਿਸ਼ ਗੁਪਤਾ

ਚੰਡੀਗੜ੍ਹ, 2 ਮਾਰਚ

ਖੇਤੀ ਕਾਨੂੰਨਾਂ ਖ਼ਿਲਾਫ਼ ਕੌਮੀ ਰਾਜਧਾਨੀ ਵਿੱਚ ਚੱਲ ਰਹੇ ਕਿਸਾਨ ਸੰਘਰਸ਼ ਵਿੱਚ ਦੇਸ਼ ਭਰ ਤੋਂ ਹਰ ਤਬਕੇ ਦੇ ਲੋਕ ‘ਕਰੋ ਜਾਂ ਮਰੋ’ ਦੀ ਲੜਾਈ ਲੜ ਰਹੇ ਹਨ, ਜਿਸ ਵਿੱਚ ਹਰਿਆਣਾ ਦੇ ਬਜ਼ੁਰਗ, ਨੌਜਵਾਨ, ਔਰਤਾਂ ਅਤੇ ਬੱਚੇ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ। ਕਿਸਾਨ ਆਗੂਆਂ ਵੱਲੋਂ ਹਰਿਆਣਾ ਵਿੱਚ ਭਾਜਪਾ ਤੇ ਜੇਜੇਪੀ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਕੜੀ ‘ਚ ਦੋਵਾਂ ਪਾਰਟੀਆਂ ਦੇ ਆਗੂਆਂ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਦਾਖਲਿਆਂ ‘ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਇਨ੍ਹਾਂ ਦੇ ਸਮਾਗਮਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ‘ਚ ਵਧਦੇ ਰੋਹ ਕਰਕੇ ਸੂਬੇ ਵਿੱਚ ਕਈ ਸਿਆਸੀ ਆਗੂਆਂ ਦਾ ਭਵਿੱਖ ਦਾਅ ‘ਤੇ ਲੱਗਾ ਹੋਇਆ ਹੈ। ਸਾਲ 2019 ਦੀਆਂ ਸੂਬਾਈ ਚੋਣਾਂ ਵਿੱਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੀ ਜੇਜੇਪੀ ਦੇ ਆਗੂਆਂ ਦਾ ਭਵਿੱਖ ਕਿਸਾਨ ਅੰਦੋਲਨ ਦੇ ਚਲਦਿਆਂ ਦਾਅ ‘ਤੇ ਲੱਗਿਆ ਹੋਇਆ ਹੈ। ਪਾਰਟੀ ਸੱਤਾ ਦੇ ਲਾਲਚ ਵਿੱਚ ਭਾਜਪਾ ਨਾਲ ਗੱਠਜੋੜ ਸਰਕਾਰ ਛੱਡਣ ਲਈ ਤਿਆਰ ਨਹੀਂ ਹੈ। ਦੂਜੇ ਪਾਸੇ ਕਿਸਾਨ ਆਗੂਆਂ ਵਿੱਚ ਜੇਜੇਪੀ ਦੇ ਖ਼ਿਲਾਫ਼ ਗੁੱਸਾ ਵਧਦਾ ਜਾ ਰਿਹਾ ਹੈ। ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦਾ ਆਪਣੇ ਵਿਧਾਨ ਸਭਾ ਹਲਕੇ ਵਿੱਚ ਹੀ ਵਿਰੋਧ ਹੋ ਚੁੱਕਾ ਹੈ। ਉਧਰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਵੀ ਕਰਨਾਲ, ਅੰਬਾਲਾ ਅਤੇ ਪੰਚਕੂਲਾ ਵਿੱਚ ਵਿੱਚ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਕਿਸਾਨਾਂ ਵੱਲੋਂ ਪਹਿਲੇ ਦਿਨ ਤੋਂ ਭਾਜਪਾ ਅਤੇ ਜੇਜੇਪੀ ਦਾ ਵਿਰੋਧ ਕੀਤਾ ਜਾ ਰਿਹਾ ਸੀ, ਜੇਕਰ ਉਦੋਂ ਜੇਜੇਪੀ ਆਗੂ ਭਾਜਪਾ ਤੋਂ ਵੱਖ ਹੋ ਜਾਂਦੇ ਤਾਂ ਉਹ ਆਪਣੀ ਸਾਖ਼ ਹੋਰ ਮਜ਼ਬੂਤ ਕਰਨ ਵਿੱਚ ਕਾਮਯਾਬ ਹੋ ਸਕਦੇ ਸਨ। ਹਰਿਆਣਾ ਵਿੱਚ ਚਰਖੀ ਦਾਦਰੀ ਤੋਂ ਆਜ਼ਾਦ ਵਿਧਾਇਕ ਸੋਮਵੀਰ ਸਾਂਗਵਾਨ ਅਤੇ ਮਹਿਮ ਤੋਂ ਆਜ਼ਾਦ ਵਿਧਾਇਕ ਬਲਰਾਜ ਕੁੰਡੂ ਪਹਿਲਾਂ ਹੀ ਭਾਜਪਾ ਤੋਂ ਆਪਣੀ ਹਮਾਇਤ ਵਾਪਸ ਲੈ ਚੁੱਕੇ ਹਨ ਜਦੋਂਕਿ ਕਾਂਗਰਸ ਵੀ ਕਿਸਾਨਾਂ ਦੀ ਹਮਾਇਤ ਵਿੱਚ ਕਿਸਾਨ ਸੰਮੇਲਨ ਕਰ ਰਹੀ ਹੈ। ਬੀਕੇਯੂ (ਹਰਿਆਣਾ) ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਸਾਨ ਮਹਾਪੰਚਾਇਤਾਂ ਨੂੰ ਸੰਬੋਧਨ ਕਰਦਿਆਂ ਕਿਸਾਨਾਂ ਦੀ ਹਮਾਇਤ ਨਾ ਕਰਨ ਵਾਲੀ ਰਾਜਸੀ ਪਾਰਟੀਆਂ ਦੇ ਆਗੂਆਂ ਨੂੰ ਵੋਟ ਨਾ ਦੇਣ ਦਾ ਸੱਦਾ ਦਿੱਤਾ ਹੈ। ਹਰਿਆਣਾ ਦੇ ਕਿਸਾਨ ਆਗੂਆਂ ਵੱਲੋਂ ਖੇਤੀ ਮੰਤਰੀ ਜੇ.ਪੀ. ਦਲਾਲ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਸਾਲ 2019 ਦੀਆਂ ਅਸੈਂਬਲੀ ਚੋਣਾਂ ਵਿੱਚ ਭਾਜਪਾ ਨੂੰ ਕੁੱਲ 90 ਸੀਟਾਂ ਵਿੱਚੋਂ 40 ਸੀਟਾਂ ਤੇ ਕਾਂਗਰਸ ਪਾਰਟੀ ਨੂੰ 31 ਸੀਟਾਂ ਮਿਲੀਆਂ ਸਨ। ਦੁਸ਼ਯੰਤ ਚੌਟਾਲਾ ਦੀ ਅਗਵਾਈ ਹੇਠ ਨਵੀਂ ਪਾਰਟੀ ਵਜੋਂ ਉਭਰ ਕੇ ਆਈ ਜੇਜੇਪੀ ਨੇ ਪਹਿਲੀ ਵਾਰ ਵਿੱਚ 10 ਸੀਟਾਂ ‘ਤੇ ਜਿੱਤ ਹਾਸਲ ਕੀਤੀ ਸੀ।Source link