ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 8 ਅਪਰੈਲ
ਕਰੋਨਾ ਦੇ ਵਧ ਰਹੇ ਪ੍ਰਭਾਵ ਦਾ ਪਰਛਾਵਾਂ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਮਾਗਮਾਂ ‘ਤੇ ਵੀ ਪੈ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਸੱਤ ਦਿਨ ਚੱਲਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਬਦਲਦਿਆਂ ਇਸ ਨੂੰ ਹੁਣ ਤਿੰਨ ਦਿਨ ਕਰਨ ਦਾ ਫੈਸਲਾ ਕੀਤਾ ਹੈ। ਇਹ ਸਮਾਗਮ ਖੁੱਲ੍ਹੇ ਪੰਡਾਲ ਵਿਚ ਕੀਤੇ ਜਾਣ ਦੀ ਥਾਂ ਹੁਣ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਹਾਲ ਵਿਖੇ ਹੀ ਕੀਤੇ ਜਾਣਗੇ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਗਠਿਤ ਕੀਤੀ ਗਈ ਕਮੇਟੀ ਦੀ ਮੀਟਿੰਗ ਸਾਬਕਾ ਪ੍ਰਧਾਨ ਪ੍ਰੋ.ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਹੇਠ ਬੀਤੇ ਕੱਲ੍ਹ ਹੋਈ।
ਪ੍ਰੋ.ਬਡੂੰਗਰ ਨੇ ਦੱਸਿਆ ਕਿ 400 ਸਾਲਾ ਪ੍ਰਕਾਸ਼ ਪੁਰਬ ਮੌਕੇ 29, 30 ਅਪਰੈਲ ਅਤੇ ਪਹਿਲੀ ਮਈ ਨੂੰ ਗੁਰਮਤਿ ਸਮਾਗਮ ਹੋਣਗੇ। ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ 29 ਅਪਰੈਲ ਨੂੰ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਜਿਸ ਦੇ ਭੋਗ ਪਹਿਲੀ ਮਈ ਨੂੰ ਪੈਣਗੇ। ਇਸ ਦੌਰਾਨ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਣਗੇ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਆਰੰਭ ਹੋਏ ਨਗਰ ਕੀਰਤਨ ਦੇ ਆਨੰਦਪੁਰ ਸਾਹਿਬ ਪੁੱਜਣ ‘ਤੇ ਭਾਈ ਜੈਤਾ ਜੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸੇ ਤਰ੍ਹਾਂ ਕਸ਼ਮੀਰੀ ਪੰਡਤਾਂ ਦੀ ਫਰਿਆਦ ਲੈ ਕੇ ਆਏ ਭਾਈ ਕਿਰਪਾ ਰਾਮ ਨੂੰ ਯਾਦ ਕਰਦਿਆਂ ਇਕ ਸਮਾਗਮ ਕਸ਼ਮੀਰ ਵਿਚ ਵੀ ਕਰਵਾਇਆ ਜਾਵੇਗਾ। ਸ਼ਤਾਬਦੀ ਨੂੰ ਸਮਰਪਿਤ ਪੂਰਾ ਸਾਲ ਸਕੂਲਾਂ, ਕਾਲਜਾਂ ‘ਚ ਸੈਮੀਨਾਰ, ਵਿਦਿਆਰਥੀਆਂ ਦੇ ਲੇਖਣੀ ਮੁਕਾਬਲੇ ਹੋਣਗੇ। ਇਸੇ ਦੌਰਾਨ ਵੱਖ-ਵੱਖ ਥਾਵਾਂ ‘ਤੇ ਸਹਿਣਸ਼ੀਲਤਾ ਅਤੇ ਮਨੁੱਖੀ ਅਧਿਕਾਰਾਂ ਨੂੰ ਸਮਰਪਿਤ ਮੈਰਾਥਨ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਵੀ ਸਿੱਖ ਕਾਨਫਰੰਸ ਕਰਵਾਉਣ ਦੇ ਯਤਨ ਕੀਤੇ ਜਾਣਗੇ। ਗੁਰੂ ਸਾਹਿਬ ਦੇ ਜੀਵਨ, ਇਤਿਹਾਸ ਤੋਂ ਜਾਣੂ ਕਰਵਾਉਣ ਲਈ ਕਿਤਾਬਾਂ ਛਾਪੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਾਲ ਭਰ ਚੱਲਣ ਵਾਲੇ ਸਮਾਗਮ ਭਾਈ ਜੈਤਾ ਜੀ, ਭਾਈ ਮੱਖਣ ਸ਼ਾਹ ਲੁਬਾਣਾ, ਭਾਈ ਲਖੀ ਸ਼ਾਹ ਵਣਜਾਰਾ ਅਤੇ ਹੋਰ ਸਿੱਖਾਂ ਨੂੰ ਸਮਰਪਿਤ ਕਰਵਾਏ ਜਾਣਗੇ।
ਪਾਕਿਸਤਾਨ ‘ਚ ਘੱਟ ਗਿਣਤੀ ਕੌਮਾਂ ਲਈ ਸੁਰੱਖਿਆ ਮੰਗੀ
ਫਤਹਿਗੜ੍ਹ ਸਾਹਿਬ (ਅਜੇ ਮਲਹੋਤਰਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਘੱਟ ਗਿਣਤੀ ਕੌਮਾਂ ‘ਤੇ ਹੋ ਰਹੇ ਅੱਤਿਆਚਾਰਾਂ ਨੂੰ ਬੰਦ ਕਰਵਾਏ ਤੇ ਸਿੱਖ ਕੌਮ ਨੂੰ ਸੁਰੱਖਿਆ ਪ੍ਰਦਾਨ ਕੀਤੀ ਜਾਵੇ। ਇਹ ਪ੍ਰਗਟਾਵਾ ਉਨ੍ਹਾਂ ਫ਼ਤਹਿਗੜ੍ਹ ਸਾਹਿਬ ਦੇ ਮਾਤਾ ਗੁਜਰੀ ਕਾਲਜ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਅਤੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੀ ਟਰੱਸਟ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦਾ ਪੰਜਾਬ ਸਰਕਾਰ ਵੱਲ ਲਗਪਗ 43 ਕਰੋੜ ਰੁਪਿਆ ਬਕਾਇਆ ਹੈ ਤੇ ਸ਼੍ਰੋਮਣੀ ਕਮੇਟੀ ਨੇ ਵਾਰ ਵਾਰ ਪੰਜਾਬ ਸਰਕਾਰ ਨੂੰ ਅਪੀਲ ਵੀ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੀ ਬਕਾਇਆ ਰਕਮ ਨੂੰ ਤੁਰੰਤ ਰਿਲੀਜ਼ ਕੀਤਾ ਜਾਵੇ ਕਿਉਂਕਿ ਸ਼੍ਰੋਮਣੀ ਕਮੇਟੀ ਸਟਾਫ ਨੂੰ ਤਨਖਾਹਾਂ ਦੇਣੀਆਂ ਵੀ ਔਖੀਆਂ ਹੋਈਆਂ ਪਈਆਂ ਹਨ।