ਨਵੀਂ ਦਿੱਲੀ, 13 ਅਪਰੈਲ
ਮੂਡੀਜ਼ ਇੰਵੈਸਟਰਜ਼ ਸਰਵਿਸਿਜ਼ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਕਾਰਨ ਭਾਰਤ ਵਿਚ ਕਈ ਸਮੱਸਿਆਵਾਂ ਆ ਸਕਦੀਆਂ ਹਨ ਪਰ ਭਾਰਤੀ ਅਰਥਵਿਵਸਥਾ ਦੀ ਵਾਧਾ ਦਰ ਦੋਹਰੇ ਅੰਕ ਵਿਚ ਰਹਿਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਵਾਇਰਸ ਦਾ ਪ੍ਰਕੋਪ ਵਧਣ ਕਾਰਨ ਆਰਥਿਕ ਗਤੀਵਿਧੀਆਂ ਪ੍ਰਭਾਵਿਤ ਹੋਣਗੀਆਂ। ਕਰੋਨਾ ਦੀ ਮੌਜੂਦਾ ਹਾਲਤ ਨਾਲ ਨਜਿੱਠਣ ਲਈ ਦੇਸ਼ ਵਿਆਪੀ ਲੌਕਡਾਊਨ ਦੀ ਥਾਂ ਛੋਟੇ ਛੋਟੇ ਕੰਟੇਨਮੈਂਟ ਜ਼ੋਨ ਬਣਾਉਣ ‘ਤੇ ਜ਼ੋਰ ਦਿੱਤਾ ਜਾਵੇਗਾ ਜਿਸ ਕਾਰਨ ਪਿਛਲੇ ਸਾਲ ਦੇ ਮੁਕਾਬਲੇ ਕੰਮ ਕਾਰ ਪ੍ਰਭਾਵਿਤ ਨਹੀਂ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਕਰੋਨਾ ਦੀ ਦੂਜੀ ਲਹਿਰ ਨਾਲ ਕੁਝ ਜੋਖ਼ਿਮ ਪੈਦਾ ਹੋਏ ਹਨ ਪਰ ਕਰੋਨਾ ਤੋਂ ਬਚਾਅ ਲਈ ਕੀਤੇ ਇੰਤਜ਼ਾਮਾਂ ਕਾਰਨ ਨਾਕਾਰਾਤਮਕ ਅਸਰ ਘੱਟ ਹੋਵੇਗਾ। ਇਸ ਤੋਂ ਪਹਿਲਾਂ ਮੂਡੀਜ਼ ਨੇ ਪੇਸ਼ੀਨਗੋਈ ਕੀਤੀ ਸੀ ਕਿ ਚਾਲੂ ਵਿੱਤੀ ਸਾਲ ਵਿਚ ਭਾਰਤ ਦੀ ਵਾਧਾ ਦਰ 13.7 ਫੀਸਦੀ ਰਹਿ ਸਕਦੀ ਹੈ।
-ਪੀਟੀਆਈ