ਦਿਲਬਾਗ ਸਿੰਘ ਗਿੱਲ
ਅਟਾਰੀ, 17 ਨਵੰਬਰ
ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਅੱਜ ਭਾਰਤ ਤੋਂ 2,700 ਲੱਗਪਗ ਸਿੱਖ ਸ਼ਰਧਾਲੂਆਂ ਦਾ ਜਥਾ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਸਾਂਝੀ ਜਾਚ ਚੌਕੀ ਅਟਾਰੀ-ਵਾਹਗਾ ਸਰਹੱਦ ਰਸਤੇ ਰਵਾਨਾ ਹੋਇਆ। ਭਾਰਤ-ਪਾਕਿਸਤਾਨ ਵਿਚਕਾਰ ਰੇਲ ਮਾਰਗ ਬੰਦ ਹੋਣ ਕਾਰਨ ਭਾਰਤ ਤੋਂ ਸਿੱਖ ਜਥਾ ਅਟਾਰੀ-ਵਾਹਗਾ ਸਰਹੱਦ ਦੇ ਸੜਕ ਰਸਤੇ ਪਾਕਿਸਤਾਨ ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਵੱਖ-ਵੱਖ ਗੁਰਧਾਮਾਂ ਦੀ ਯਾਤਰਾ ਕਰਨ ਅਤੇ ਗੁਰਪੁਰਬ ਮਨਾਉਣ ਲਈ ਭਾਰਤ ਤੋਂ ਸਿੱਖ ਜਥੇ ਰੇਲਵੇ ਸਟੇਸ਼ਨ ਅਟਾਰੀ ਤੋਂ ਪਾਕਿਸਤਾਨ ਸਰਕਾਰ ਵੱਲੋਂ ਭੇਜੀਆਂ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਪਾਕਿਸਤਾਨ ਜਾਂਦੇ ਸਨ। ਪਾਕਿਸਤਾਨ ਲਈ ਰਵਾਨਾ ਹੋਣ ਤੋਂ ਪਹਿਲਾਂ ਇੱਥੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਜਥੇ ਦੇ ਪਾਰਟੀ ਲੀਡਰ ਜਥੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਭਾਰਤੀ ਸਿੱਖ ਜਥਾ ਅਟਾਰੀ-ਵਾਹਗਾ ਸਰਹੱਦ ਤੋਂ ਸਿੱਧਾ ਨਨਕਾਣਾ ਸਾਹਿਬ ਜਾਵੇਗਾ ਅਤੇ 19 ਨਵੰਬਰ ਨੂੰ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ’ਚ ਸ਼ਮੂਲੀਅਤ ਮਗਰੋਂ 26 ਨਵੰਬਰ ਨੂੰ ਵਾਪਸ ਵਤਨ ਪਰਤੇਗਾ।

