ਸਰਕਾਰ ਨੇ ਸਿਸਵਾਂ ਦੀ 125 ਏਕੜ ਸ਼ਾਮਲਾਟ ਜ਼ਮੀਨ ਤੋਂ ਕਬਜ਼ਾ ਛੁਡਵਾਇਆ


ਮਿਹਰ ਸਿੰਘ
ਕੁਰਾਲੀ, 25 ਜੁਲਾਈ

ਪੰਜਾਬ ਸਰਕਾਰ ਨੇ ਚੰਡੀਗੜ੍ਹ ਦੀ ਜੂਹ ‘ਚ ਵੱਸੇ ਪਿੰਡ ਸਿਸਵਾਂ ਦੀ 125 ਏਕੜ ਸ਼ਾਮਲਾਟ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਹਟਾਇਆ ਹੈ। ਇਸ ਜ਼ਮੀਨ ਦੀ ਕੀਮਤ ਕਈ ਕਰੋੜ ਰੁਪਏ ਦੱਸੀ ਜਾ ਰਹੀ ਹੈ, ਜਿਸ ‘ਤੇ 13 ਵਿਅਕਤੀਆਂ ਨੇ ਕਬਜ਼ਾ ਕੀਤਾ ਹੋਇਆ ਸੀ।

ਇਸ ਸਬੰਧੀ ਸਿਸਵਾਂ ਡੈਮ ‘ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਚਾਇਤ ਵਿਭਾਗ ਨੇ ਸਿਸਵਾਂ ਪਿੰਡ ਦੀ ਪੰਚਾਇਤੀ ਜ਼ਮੀਨ ਨੂੰ ਕਾਨੂੰਨੀ ਪ੍ਰਕਿਰਿਆ ਰਾਹੀਂ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਕੇ ਮਾਲ ਵਿਭਾਗ ਦੇ ਰਿਕਾਰਡ ਵਿੱਚ ਇੰਦਰਾਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਦੇ ਨਾਲ ਲੱਗਦੀ ਪਿੰਡ ਦੀ 125 ਏਕੜ ਜ਼ਮੀਨ ‘ਤੇ 13 ਵਿਅਕਤੀਆਂ ਨੇ ਕਬਜ਼ਾ ਕੀਤਾ ਹੋਇਆ ਸੀ। ਇਸ ਜ਼ਮੀਨ ਦੀ ਕੀਮਤ ਕਰੀਬ ਦੋ-ਢਾਈ ਕਰੋੜ ਰੁਪਏ ਪ੍ਰਤੀ ਏਕੜ ਬਣਦੀ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰ ਵੱਲੋਂ ਇਸ ਖੇਤਰ ਵਿੱਚ ਨਾਜਾਇਜ਼ ਕਬਜ਼ੇ ਹੇਠ ਅੱਠ ਹਜ਼ਾਰ ਏਕੜ ਜ਼ਮੀਨ ਨੂੰ ਛੁਡਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਹੁਣ ਤੱਕ 6225 ਏਕੜ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਲਿਆ ਹੈ।

‘ਸ਼ਹਿਰਾਂ ਨਾਲ ਲਗਦੀਆਂ ਸਰਕਾਰੀ ਜ਼ਮੀਨਾਂ ਤੋਂ ਕਬਜ਼ੇ ਹਟਾਏ ਜਾਣਗੇ ‘

ਟਾਂਡਾ (ਸੁਰਿੰਦਰ ਸਿੰਘ ਗੁਰਾਇਆ): ਪੇਂਡੂ ਵਿਕਾਸ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਦੀ ਮੁਹਿੰਮ ਠੰਢੀ ਨਹੀਂ ਪਈ ਬਲਕਿ ਝੋਨੇ ਦਾ ਸੀਜ਼ਨ ਹੋਣ ਕਾਰਨ ਕੁਝ ਸਮੇਂ ਲਈ ਰੋਕੀ ਗਈ ਹੈ, ਜੋ ਜ਼ਮੀਨਾਂ ਵਿਹਲੀਆਂ ਹੋਣ ਤੋਂ ਬਾਅਦ ਪਹਿਲਾਂ ਵਾਂਗ ਜਾਰੀ ਰਹੇਗੀ। ਉਹ ਅੱਜ ਇੱਥੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹੁਣ ਸੂਬੇ ਦੇ ਵੱਡੇ ਸ਼ਹਿਰਾਂ ਨਾਲ ਲੱਗਦੀਆਂ ਸਰਕਾਰੀ ਜ਼ਮੀਨਾਂ ਖਾਲੀ ਕਰਵਾਈਆਂ ਜਾਣਗੀਆਂ।

ਪੇਂਡੂ ਵਿਕਾਸ ਮੰਤਰੀ ਵੱਲੋਂ ਮਾਨਾਂਵਾਲਾ ਦਾ ਦੌਰਾ

ਅੰਮ੍ਰਿਤਸਰ (ਮਨਮੋਹਨ ਸਿੰਘ ਢਿੱਲੋਂ): ਪੇਂਡੂ ਵਿਕਾਸ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜੰਮੂ-ਕੱਟੜਾ ਐਕਸਪ੍ਰੈੱਸਵੇਅ ਵਿੱਚ ਆਉਂਦੀਆਂ ਖੇਤੀਬਾੜੀ ਜ਼ਮੀਨਾਂ ਨੂੰ ਕਮਰਸ਼ੀਅਲ ਦਿਖਾ ਕੇ ਕਥਿਤ ਮਿਲੀਭੁਗਤ ਨਾਲ ਹੋ ਰਹੀ ਖ਼ਰੀਦ-ਫਰੋਖਤ ਦੇ ਘੁਟਾਲੇ ਸਬੰਧੀ ਅੱਜ ਪਿੰਡ ਮਾਨਵਾਲਾਂ ਦਾ ਦੌਰਾ ਕੀਤਾ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਧਾਲੀਵਾਲ ਨੇ ਦੱਸਿਆ ਕਿ ਕੱਲ੍ਹ ਕੁਝ ਕਿਸਾਨ ਜ਼ਮੀਨਾਂ ਦੀ ਖ਼ਰੀਦ-ਫਰੋਖਤ ਤਹਿਤ ਮਿਲ ਰਹੇ ਮੁਆਵਜ਼ੇ ‘ਚ ਹੋ ਰਹੇ ਘੁਟਾਲੇ ਸਬੰਧੀ ਸ਼ਿਕਾਇਤ ਲੈ ਕੇ ਉਨ੍ਹਾਂ ਕੋਲ ਪਹੁੰਚੇ ਸਨ ਅਤੇ ਅੱਜ 24 ਘੰਟਿਆਂ ਦੇ ਅੰਦਰ ਮੌਕੇ ਦਾ ਦੌਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋ ਹਫ਼ਤਿਆਂ ਵਿੱਚ ਜਾਂਚ ਮੁਕੰਮਲ ਕੀਤੀ ਜਾਵੇਗੀ ਤੇ ਕਸੂਰਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।Source link