ਜੇਲ੍ਹ ’ਚੋਂ ਰਿਹਾਅ ਹੋ ਕੇ ਯੂਪੀ ਦੇ ਬਰਨਾਵਾ ਆਸ਼ਰਮ ਪੁੱਜਿਆ ਡੇਰਾ ਸਿਰਸਾ ਮੁਖੀ

ਜੇਲ੍ਹ ’ਚੋਂ ਰਿਹਾਅ ਹੋ ਕੇ ਯੂਪੀ ਦੇ ਬਰਨਾਵਾ ਆਸ਼ਰਮ ਪੁੱਜਿਆ ਡੇਰਾ ਸਿਰਸਾ ਮੁਖੀ


ਆਤਿਸ਼ ਗੁਪਤਾ

ਚੰਡੀਗੜ੍ਹ, 21 ਜਨਵਰੀ

ਜਬਰ-ਜਨਾਹ ਤੇ ਕਤਲ ਮਾਮਲੇ ਵਿੱਚ ਸੁਨਾਰੀਆ ਜੇਲ੍ਹ ‘ਚ ਸਜ਼ਾ ਭੁਗਤ ਰਿਹਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ 40 ਦਿਨਾਂ ਦੀ ਪੈਰੋਲ ਮਿਲਣ ਮਗਰੋਂ ਅੱਜ ਉਹ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਬਾਗਪਤ ਸਥਿਤ ਬਰਨਾਵਾ ਆਸ਼ਰਮ ‘ਚ ਪੁੱਜ ਗਿਆ ਹੈ। ਡੇਰਾ ਸਿਰਸਾ ਮੁਖੀ ਨਾਲ ਹਨੀਪ੍ਰੀਤ ਵੀ ਮੌਜੂਦ ਰਹੀ। ਪਿਛਲੇ 14 ਮਹੀਨਿਆਂ ਵਿੱਚ ਡੇਰਾ ਮੁਖੀ ਨੂੰ ਚੌਥੀ ਵਾਰ ਪੈਰੋਲ ਮਿਲੀ ਹੈ।

ਡੇਰਾ ਸਿਰਸਾ ਮੁਖੀ ਨੇ ਪੈਰੋਲ ‘ਤੇ ਬਾਹਰ ਆਉਣ ਤੋਂ ਬਾਅਦ ਸ਼ਾਮ ਨੂੰ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਡੇਰਾ ਪ੍ਰੇਮੀਆਂ ਨੂੰ ਸੁਨੇਹਾ ਦਿੱਤਾ। ਉਸ ਨੇ ਕਿਹਾ ਕਿ ਉਹ ਮੁੜ ਸਾਰਿਆਂ ਦੀ ਸੇਵਾ ਵਿੱਚ ਹਾਜ਼ਰ ਹੋਇਆ ਹੈ। ਉਸ ਨੇ ਦੱਸਿਆ ਕਿ ਉਹ ਯੂਪੀ ਆਸ਼ਰਮ ਵਿੱਚ ਪਹੁੰਚ ਚੁੱਕਾ ਹੈ। ਉਸ ਨੇ ਸਾਰੇ ਡੇਰਾ ਪ੍ਰੇਮੀਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ। ਉਸ ਨੇ ਕਿਹਾ ਕਿ ਸੇਵਾਦਾਰਾਂ ਵੱਲੋਂ ਜੋ ਪ੍ਰੋਗਰਾਮ ਤਿਆਰ ਕੀਤਾ ਜਾਵੇਗਾ, ਉਸ ਅਨੁਸਾਰ ਹੀ ਕੰਮ ਕੀਤਾ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡੇਰਾ ਮੁਖੀ ਆਉਣ ਵਾਲੇ ਦਿਨਾਂ ਵਿੱਚ ਸਿਰਸਾ ਵੀ ਆ ਸਕਦਾ ਹੈ।

ਸਿਰਸਾ (ਪ੍ਰਭੂ ਦਿਆਲ): ਡੇਰਾ ਮੁਖੀ ਦੇ ਜੇਲ੍ਹ ‘ਚੋਂ ਬਾਹਰ ਆਉਣ ‘ਤੇ ਡੇਰਾ ਪ੍ਰੇਮੀਆਂ ਵਿੱਚ ਜਿੱਥੇ ਖੁਸ਼ੀ ਦੀ ਲਹਿਰ ਹੈ, ਉਥੇ ਹੀ ਪੀੜਤ ਧਿਰ ਨੇ ਇਸ ‘ਤੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਨੇ ਡੇਰਾ ਮੁਖੀ ਨੂੰ ਵਾਰ ਵਾਰ ਪੈਰੋਲ ਦਿੱਤੇ ਜਾਣ ਸਬੰਧੀ ਸਰਕਾਰ ‘ਤੇ ਮਿਲੀਭੁਗਤ ਦਾ ਦੋਸ਼ ਲਾਉਂਦਿਆਂ ਸਵਾਲ ਚੁੱਕੇ ਹਨ। ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਕਿਹਾ ਹੈ ਕਿ ਸਰਕਾਰ ਦੀ ਮਿਲੀਭੁਗਤ ਨਾਲ ਡੇਰਾ ਮੁਖੀ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ। ਇਸ ਤੋਂ ਸਾਫ ਹੈ ਕਿ ਸਰਕਾਰ ਡੇਰਾ ਮੁਖੀ ਤੋਂ ਰਾਜਸੀ ਲਾਹ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਜਦੋਂ ਵੀ ਕਿਸੇ ਸੂਬੇ ਵਿੱਚ ਚੋਣਾਂ ਹੁੰਦੀਆਂ ਹਨ, ਉਸ ਤੋਂ ਪਹਿਲਾਂ ਡੇਰਾ ਮੁਖੀ ਨੂੰ ਪੈਰੋਲ ਦੇ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਹੈ ਕਿ ਉਹ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰ ਕੇ ਅਗਲੀ ਕਾਰਵਾਈ ਕਰਨਗੇ।

ਦਰਅਸਲ 25 ਅਗਸਤ 2017 ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਸਾਧਵੀ ਜਬਰ-ਜਨਾਹ ਦੇ ਮਾਮਲੇ ਵਿੱਖ ਦੋਸ਼ੀ ਕਰਾਰ ਦਿੰਦੇ ਹੋਏ 28 ਅਗਸਤ 2017 ਨੂੰ ਸਜ਼ਾ ਸੁਣਾਈ ਗਈ ਸੀ। ਇਸ ਤੋਂ ਬਾਅਦ ਉਸ ਨੂੰ ਪੱਤਰਕਾਰ ਰਾਮ ਚੰਦਰ ਛਤਰਪਤੀ ਅਤੇ ਰਣਜੀਤ ਕਤਲ ਮਾਮਲੇ ਵਿੱਚ ਸਜ਼ਾ ਸੁਣਾਈ ਗਈ। ਉਦੋਂ ਤੋਂ ਡੇਰਾ ਮੁਖੀ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕਟ ਰਿਹਾ ਹੈ। ਪਿਛਲੇ ਸਾਲ 15 ਅਕਤੂਬਰ ਰਾਮ ਰਹੀਮ ਨੂੰ 40 ਦਿਨ ਦੀ ਪੈਰੋਲ ਮਿਲੀ। ਇਸ ਦੌਰਾਨ ਡੇਰਾ ਮੁਖੀ ਆਸ਼ਰਮ ਵਿੱਚ ਰਿਹਾ ਤੇ ਆਨਲਾਈਨ ਡੇਰਾ ਪ੍ਰੇਮੀਆਂ ਨੂੰ ਸੰਬੋਧਨ ਕਰਦਾ ਰਿਹਾ। 25 ਨਵੰਬਰ ਨੂੰ ਡੇਰਾ ਮੁਖੀ ਦੀ ਪੈਰੋਲ ਸਮਾਪਤ ਹੋਈ ਤੇ ਉਹ ਮੁੜ ਜੇਲ੍ਹ ਗਿਆ। ਹੁਣ ਦੋ ਮਹੀਨਿਆਂ ਤੋਂ ਵੀ ਕੁਝ ਦਿਨ ਪਹਿਲਾਂ ਉਸ ਨੂੰ 40 ਦਿਨ ਦੀ ਫਿਰ ਪੈਰੋਲ ਮਿਲ ਗਈ ਹੈ।

ਪੈਰੋਲ ‘ਤੇ ਜਾਣਾ ਹਰ ਕੈਦੀ ਦਾ ਅਧਿਕਾਰ: ਖੱਟਰ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡੇਰਾ ਸਿਰਸਾ ਮੁਖੀ ਨੂੰ ਪੈਰੋਲ ਮਿਲਣ ਦੀ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਜੇ ਡੇਰਾ ਸਿਰਸਾ ਮੁਖੀ ਨੂੰ ਪੈਰੋਲ ਮਿਲੀ ਹੈ ਤਾਂ ਉਹ ਨਿਯਮਾਂ ਅਨੁਸਾਰ ਮਿਲੀ ਹੋਵੇਗੀ। ਪੈਰੋਲ ‘ਤੇ ਜਾਣਾ ਕੈਦੀ ਦਾ ਅਧਿਕਾਰ ਹੈ। ਹਰਿਆਣਾ ਸਰਕਾਰ ਨੇ ਕਦੇ ਵੀ ਅਜਿਹੇ ਮਾਮਲੇ ਵਿੱਚ ਦਖਲ ਨਹੀਂ ਦਿੱਤਾ ਹੈ ਅਤੇ ਨਾ ਹੀ ਦਿੱਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਵੱਲੋਂ ਡੇਰਾ ਮੁਖੀ ਦੀ ਪੈਰੋਲ ਦਾ ਵਿਰੋਧ

ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੇਰਾ ਸਿਰਸਾ ਮੁਖੀ ਨੂੰ ਇੱਕ ਵਾਰ ਫਿਰ ਪੈਰੋਲ ਦਿੱਤੇ ਜਾਣ ਦਾ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੇਕਰ ਕਤਲ ਅਤੇ ਜਬਰ-ਜਨਾਹ ਵਰਗੇ ਸੰਗੀਨ ਮਾਮਲਿਆਂ ਦੇ ਦੋਸ਼ੀ ਪੈਰੋਲ ‘ਤੇ ਛੱਡੇ ਜਾ ਸਕਦੇ ਹਨ ਤਾਂ ਕੌਮੀ ਹੱਕਾਂ ਅਤੇ ਹਿੱਤਾਂ ਲਈ ਸੰਘਰਸ਼ ਕਰਨ ਵਾਲੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਵਿੱਚ ਕੀ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਦੋਗਲੀ ਨੀਤੀ ਸਿੱਖਾਂ ਵਿੱਚ ਬੇਵਿਸਾਹੀ ਪੈਦਾ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਦੇਸ਼ ਵਿੱਚ ਹਰ ਕੌਮ ਅਤੇ ਧਰਮ ਦੇ ਲੋਕ ਵੱਸਦੇ ਹਨ ਪਰ ਦੁੱਖ ਇਸ ਗੱਲ ਦਾ ਹੈ ਕਿ ਇੱਥੇ ਸੰਵਿਧਾਨ ਦੀ ਉਲੰਘਣਾ ਕਰ ਕੇ ਘੱਟ ਗਿਣਤੀਆਂ ਪ੍ਰਤੀ ਵੱਖਰੀ ਨੀਤੀ ਤਹਿਤ ਕੰਮ ਕੀਤਾ ਜਾ ਰਿਹਾ ਹੈ। ਘੱਟ ਗਿਣਤੀ ਸਿੱਖਾਂ ਨੂੰ ਨਫ਼ਰਤ ਭਰੇ ਰਵੱਈਏ ਤਹਿਤ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਤਿੰਨ-ਤਿੰਨ ਦਹਾਕੇ ਦੀਆਂ ਸਜ਼ਾਵਾਂ ਮਗਰੋਂ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ ਪਰ ਡੇਰਾ ਮੁਖੀ ਨੂੰ ਸਾਲ ਵਿੱਚ ਚੌਥੀ ਵਾਰ ਪੈਰੋਲ ਦਿੱਤੀ ਗਈ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਘੱਟ ਗਿਣਤੀਆਂ ਪ੍ਰਤੀ ਪੱਖਪਾਤੀ ਰਵੱਈਆ ਨਾ ਅਪਣਾਉਣ ਅਤੇ ਸੰਵਿਧਾਨ ਦੇ ਦਾਇਰੇ ਤਹਿਤ ਹਰ ਧਰਮ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਯਕੀਨੀ ਬਣਾਉਣ। ਜੇ ਅਜਿਹਾ ਰਵੱਈਆ ਹੀ ਰਿਹਾ ਤਾਂ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਿੱਖਾਂ ਵਿੱਚ ਬੇਗਾਨਗੀ ਦਾ ਅਹਿਸਾਸ ਹੋਰ ਪ੍ਰਬਲ ਹੋਵੇਗਾ, ਜੋ ਦੇਸ਼ ਲਈ ਠੀਕ ਨਹੀਂ ਹੈ।



Source link