ਨਵੀਂ ਦਿੱਲੀ, 18 ਮਈ
ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸਰਕਾਰ ਨੇ 1989 ਬੈਚ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐੱਸ) ਅਧਿਕਾਰੀ ਪੀਕੇ ਗੁਪਤਾ ਨੂੰ ਦਿੱਲੀ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕਰਨ ਲਈ ਕੇਂਦਰ ਤੋਂ ਮਨਜ਼ੂਰੀ ਮੰਗੀ ਹੈ। ਗੁਪਤਾ ਇਸ ਸਮੇਂ ਦਿੱਲੀ ਸਰਕਾਰ ਦੇ ਆਮ ਪ੍ਰਸ਼ਾਸਨ ਵਿਭਾਗ (ਜੀਏਡੀ) ਵਿੱਚ ਵਧੀਕ ਮੁੱਖ ਸਕੱਤਰ ਹਨ। ਦਿੱਲੀ ਦੇ ਮੌਜੂਦਾ ਮੁੱਖ ਸਕੱਤਰ ਨਰੇਸ਼ ਕੁਮਾਰ ਇਸ ਸਾਲ ਦੇ ਅੰਤ ਵਿੱਚ ਸੇਵਾਮੁਕਤ ਹੋਣ ਵਾਲੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਪਤਾ ਦੀ ਨਿਯੁਕਤੀ ਸਬੰਧੀ ਪ੍ਰਸਤਾਵ ਕੇਂਦਰ ਸਰਕਾਰ ਦੀ ਮਨਜ਼ੂਰੀ ਲਈ ਲੈਫਟੀਨੈਂਟ ਗਵਰਨਰ ਵੀਕੇ ਸਕਸੈਨਾ ਨੂੰ ਭੇਜ ਦਿੱਤਾ ਹੈ। ਇਹ ਕਦਮ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਤੋਂ ਬਾਅਦ ਆਇਆ ਹੈ, ਜਿਸ ਨੇ ਦਿੱਲੀ ਸਰਕਾਰ ਨੂੰ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਅਤੇ ਸੇਵਾ ਨਾਲ ਸਬੰਧਤ ਹੋਰ ਮਾਮਲਿਆਂ ਬਾਰੇ ਫੈਸਲੇ ਲੈਣ ਦਾ ਅਧਿਕਾਰ ਦਿੱਤਾ ਹੈ।