ਮੇਰੀ ਸਰਕਾਰ ਨੇ ਸਾਲ ’ਚ 300 ਭ੍ਰਿਸ਼ਟਾਚਾਰੀਆਂ ਨੂੰ ਜੇਲ੍ਹਾਂ ’ਚ ਡੱਕਿਆ ਤੇ ਅੱਗੇ ਵੀ ਕਾਰਵਾਈ ਜਾਰੀ ਰਹੇਗੀ: ਮਾਨ

ਮੇਰੀ ਸਰਕਾਰ ਨੇ ਸਾਲ ’ਚ 300 ਭ੍ਰਿਸ਼ਟਾਚਾਰੀਆਂ ਨੂੰ ਜੇਲ੍ਹਾਂ ’ਚ ਡੱਕਿਆ ਤੇ ਅੱਗੇ ਵੀ ਕਾਰਵਾਈ ਜਾਰੀ ਰਹੇਗੀ: ਮਾਨ


ਆਤਿਸ਼ ਗੁਪਤਾ

ਚੰਡੀਗੜ੍ਹ, 24 ਮਈ

ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਸਦਕਾ ਪੰਜਾਬ ਸਰਕਾਰ ਨੇ ਸਾਲ ਪਹਿਲਾਂ ਜਾਰੀ ਕੀਤੇ ‘ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ’ ਨੰਬਰ ‘ਤੇ ਆਈਆਂ ਸ਼ਿਕਾਇਤਾਂ ਦੇ ਆਧਾਰ ‘ਤੇ ਵੱਖ-ਵੱਖ ਵਿਭਾਗਾਂ ‘ਚ ਤਾਇਨਾਤ 300 ਤੋਂ ਵੱਧ ਭ੍ਰਿਸ਼ਟ ਅਧਿਕਾਰੀਆਂ ਨੂੰ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਹੈ। ਇਹ ਦਾਅਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਦੇ ਨਾਮ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਲ ਪਹਿਲਾਂ ‘ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ’ ਨੰਬਰ ਜਾਰੀ ਕੀਤਾ ਸੀ, ਜਿਸ ‘ਤੇ ਕੋਈ ਅਫਸਰ ਜਾਂ ਮੁਲਾਜ਼ਮ ਵੱਲੋਂ ਸਰਕਾਰੀ ਕੰਮ ਲਈ ਸਰਕਾਰੀ ਫੀਸ ਤੋਂ ਇਲਾਵਾ ਰੁਪਏ ਦੀ ਮੰਗ ਕੀਤੀ ਜਾਂਦੀ ਹੈ ਤਾਂ ਉਸ ਦੀ ਆਡੀਓ ਜਾਂ ਵੀਡੀਓ ਬਣਾ ਕੇ ਸ਼ਿਕਾਇਤ ਕੀਤੀ ਜਾਵੇ। ਉਸ ਅਧਿਕਾਰੀ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਹੀ 300 ਦੇ ਕਰੀਬ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਕੇ ਜੇਲ੍ਹਾਂ ਵਿੱਚ ਬੰਦ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲੇ ਦਿਨ ਹੀ ਲੋਕਾਂ ਦੀ ਕਮਾਈ ਦੇ ਇਕ-ਇਕ ਪੈਸੇ ਨੂੰ ਬਚਾਉਣ ਤੇ ਲੋਕਾਂ ਦੇ ਕੰਮਾ ‘ਤੇ ਲਗਾਉਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਵਿੱਖ ਵਿੱਚ ਵੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ। ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਜਿੱਥੇ 300 ਤੋਂ ਵੱਧ ਅਧਿਕਾਰੀਆਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਹੈ। ਉੱਥੇ ਹੀ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਡਾ. ਵਿਜੈ ਸਿੰਗਲਾ ਵਿਰੁੱਧ ਵੀ ਸ਼ਿਕਾਇਤ ਮਿਲਣ ‘ਤੇ ਉਨ੍ਹਾਂ ਵਿਰੁੱਧ ਕੇਸ ਦਰਜ ਕਰਕੇ ਕੈਬਨਿਟ ਵਿੱਚੋਂ ਬਾਹਰ ਕਰ ਦਿੱਤਾ ਸੀ।



Source link