ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਮਈ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਐੱਸਸੀ ਵਿੰਗ ਦੇ ਸੂਬਾ ਪ੍ਰਧਾਨ ਲਾਲ ਚੰਦ ਕੱਟਰੂਚੱਕ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਰਹਿ ਰਹੇ ਗਰੀਬ ਪਰਿਵਾਰਾਂ ਨੂੰ ਦਸ-ਦਸ ਹਜ਼ਾਰ ਰੁਪਏ ਆਰਥਿਕ ਸਹਾਇਤਾ ਤੇ ਮਗਨਰੇਗਾ ਕਾਮਿਆਂ ਨੂੰ 600 ਰੁਪਏ ਦਿਹਾੜੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਆਪਣੇ ਚੋਣ ਵਾਅਦੇ ਮੁਤਾਬਿਕ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਬੱਚਿਆਂ ਨੂੰ ਐਲਾਨ ਕੀਤੀ 2500 ਰੁਪਏ ਪੈਨਸ਼ਨ ਤੁਰੰਤ ਲਾਗੂ ਕਰੇ। ਇਸ ਸਬੰਧੀ ‘ਆਪ’ ਆਗੂਆਂ ਨੇ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ। ਮੁੱਖ ਮੰਤਰੀ ਨੂੰ ਭੇਜੇ ਪੱਤਰ ਰਾਹੀਂ ਲਾਲ ਚੰਦ ਕੱਟਰੂਚੱਕ ਨੇ ਮੰਗ ਕੀਤੀ ਕਿ ਪੰਜਾਬ ਦੇ ਗਰੀਬ ਪਰਿਵਾਰਾਂ ਨੂੰ ਦੋ ਮਹੀਨਿਆਂ ਵਾਸਤੇ ਰਸੋਈ ਵਿੱਚ ਵਰਤੋਂ ਯੋਗ ਜ਼ਰੂਰੀ ਵਸਤਾਂ ਅਤੇ ਇਕ-ਇਕ ਗੈਸ ਸਿਲੰਡਰ ਮੁਫ਼ਤ ‘ਚ ਦਿੱਤਾ ਜਾਵੇ।









