ਸਾਲਾਨਾ ਜਨਰਲ ਇਜਲਾਸ: ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਅੱਜ

ਸਾਲਾਨਾ ਜਨਰਲ ਇਜਲਾਸ: ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਅੱਜ


ਜਗਤਾਰ ਸਿੰਘ ਲਾਂਬਾ
ਅੰਮ੍ਰਤਿਸਰ, 7 ਨਵੰਬਰ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 8 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਵਿਰੋਧੀ ਧਿਰਾਂ ਦੇ ਉਮੀਦਵਾਰ ਬਾਬਾ ਬਲਬੀਰ ਸਿੰਘ ਘੁੰਨਸ ਵਿਚਾਲੇ ਮੁਕਾਬਲਾ ਹੋਵੇਗਾ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪਾਰਟੀ ਉਮੀਦਵਾਰ ਐਲਾਨਿਆ ਗਿਆ ਜਦਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਬੀਬੀ ਜਗੀਰ ਕੌਰ ਨੇ ਵਿਰੋਧੀ ਧਿਰਾਂ ਵੱਲੋਂ ਪ੍ਰਧਾਨ ਦੇ ਉਮੀਦਵਾਰ ਲਈ ਸੰਤ ਬਲਬੀਰ ਸਿੰਘ ਘੁੰਨਸ ਦਾ ਨਾਮ ਐਲਾਨਿਆ। ਦੋਵਾਂ ਧਿਰਾਂ ਵੱਲੋਂ ਆਪੋ ਆਪਣੇ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਮਗਰੋਂ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਣ ਵਾਲੇ ਜਨਰਲ ਇਜਲਾਸ ਵਿੱਚ ਦੋਵਾਂ ਵਿਚਾਲੇ ਸਿੱਧਾ ਮੁਕਾਬਲਾ ਹੋਵੇਗਾ। ਇਸ ਮੌਕੇ ਪਰਚੀ ਪ੍ਰਣਾਲੀ ਰਾਹੀਂ ਵੋਟਾਂ ਪਾਈਆਂ ਜਾਣਗੀਆਂ ਤੇ ਵੋਟਾਂ ਦੀ ਗਿਣਤੀ ਤੋਂ ਬਾਅਦ ਜੇਤੂ ਦਾ ਐਲਾਨ ਹੋਵੇਗਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਨ। ਉਹ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਅਹੁਦੇ ’ਤੇ ਵੀ ਰਹਿ ਚੁੱਕੇ ਹਨ ਅਤੇ ਪੇਸ਼ੇ ਵਜੋਂ ਵਕੀਲ ਹਨ। ਦੂਜੇ ਪਾਸੇ ਬਲਬੀਰ ਸਿੰਘ ਘੁੰਨਸ ਵੀ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਰਹੇ ਹਨ ਅਤੇ ਲੰਮੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਹਨ।
ਜਨਰਲ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਣੇ ਸੀਨੀਅਰ ਮੀਤ ਪ੍ਰਧਾਨ , ਜੂਨੀਅਰ ਮੀਤ ਪ੍ਰਧਾਨ ਅਤੇ ਜਨਰਲ ਸਕੱਤਰ ਸਮੇਤ ਅੰਤ੍ਰਿਗ ਕਮੇਟੀ ਦੇ ਮੈਂਬਰਾ ਦੀ ਚੋਣ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਵਿਚ ਪੰਜ ਤਖਤਾਂ ਦੇ ਜਥੇਦਾਰਾਂ ਨੂੰ ਛੱਡ ਕੇ ਕੁੱਲ 185 ਮੈਂਬਰ ਹਨ, ਜਿਨ੍ਹਾਂ ਵਿੱਚੋਂ 29 ਮੈਂਬਰਾਂ ਦੀ ਮੌਤ ਹੋ ਚੁੱਕੀ ਹੈ ਅਤੇ 3 ਮੈਂਬਰ ਅਸਤੀਫ਼ਾ ਦੇ ਚੁੱਕੇ ਹਨ। ਸਦਨ ਵਿੱਚ ਇਸ ਵੇਲੇ ਕੁੱਲ 153 ਮੈਂਬਰ ਹਨ, ਜੋ ਵੋਟਾਂ ਪਾਉਣਗੇ। ਇਸ ਦੌਰਾਨ ਹਰਿਆਣਾ ਵਿਚ ਵੱਖਰੀ ਕਮੇਟੀ ਬਣਨ ਮਗਰੋਂ ਉਥੋਂ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਹਾਜ਼ਰੀ ਬਾਰੇ ਵੀ ਫਿਲਹਾਲ ਦੁਚਤਿੀ ਵਾਲੀ ਸਥਤਿੀ ਹੈ। ਅੱਜ ਬਾਅਦ ਦੁਪਹਿਰ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ। ਮੀਟਿੰਗ ਮਗਰੋਂ ਸ੍ਰੀ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਹੈ।
ਪਟਿਆਲਾ (ਖੇਤਰੀ ਪ੍ਰਤੀਨਿਧ): ਰਾਜਪੁਰਾ ਹਲਕੇ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, 11 ਸਾਲ ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਰਹੇ ਹਨ। ਸ਼੍ਰੋਮਣੀ ਕਮੇਟੀ ਦੀ ਚੋਣ ਸਿਰ ’ਤੇ ਹੋਣ ਕਾਰਨ ਰਾਜਸੀ ਹਲਕਿਆਂ, ਖਾਸ ਕਰਕੇ ਅਕਾਲੀ ਸਫ਼ਾਂ ’ਚ ਸ੍ਰੀ ਗੜ੍ਹੀ ਨੂੰ ਵੀ ਸ਼੍ਰੋਮਣੀ ਕਮੇਟੀ ’ਚ ਕੋਈ ਅਹਿਮ ਅਹੁਦਾ ਦਿੱਤੇ ਜਾਣ ਦੀ ਚਰਚਾ ਹੈ।

ਬਾਦਲ ਵਿਰੋਧੀ ਧਿਰਾਂ ਵੱਲੋਂ ਆਪਣੇ ਏਜੰਡੇ ਦਾ ਐਲਾਨ

ਅੰਮ੍ਰਤਿਸਰ (ਟਨਸ): ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਸਣੇ ਹੋਰ ਵਿਰੋਧੀ ਧਿਰਾਂ ਦੇ ਨੁਮਾਇੰਦਿਆਂ ਨੇ ਅੱਜ ਹੋਣ ਵਾਲੀ ਚੋਣ ਅਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਏਜੰਡੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਪੰਥਕ ਧਿਰਾਂ ਦੀ ਤਰਜੀਹ ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਮੁੜ ਬਹਾਲ ਕਰਨਾ ਹੋਵੇਗੀ। ਉਹ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਵੱਖਰੀ, ਆਜ਼ਾਦ ਅਤੇ ਨਿਆਰੀ ਹਸਤੀ ਨੂੰ ਕਾਇਮ ਰੱਖਣਗੇ, ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਪਰਿਵਾਰ ਦੇ ਗਲਬੇ ਵਿੱਚੋਂ ਕੱਢ ਕੇ ਇਸ ਨੂੰ ਪੰਜਾਬ ਦੀ ਪ੍ਰਤੀਨਿਧ ਜਥੇਬੰਦੀ ਬਣਾਇਆ ਜਾਵੇਗਾ, ਬੇਅਦਬੀਆਂ ਅਤੇ ਗੋਲੀਕਾਂਡ ਦੇ ਸ਼ਹੀਦਾਂ ਨੂੰ ਨਿਆ ਦਿਵਾਇਆ ਜਾਵੇਗਾ, ਸ੍ਰੀ ਦਰਬਾਰ ਸਾਹਿਬ ਵਿੱਚ ਗੁਰਬਾਣੀ ਪ੍ਰਸਾਰਨ ’ਤੇ ਇੱਕ ਪਰਿਵਾਰ ਦੇ ਬਣੇ ਏਕਾਅਧਿਕਾਰ ਨੂੰ ਖਤਮ ਕੀਤਾ ਜਾਵੇਗਾ। ਇਸ ਮੌਕੇ ਬਾਬਾ ਬਲਬੀਰ ਸਿੰਘ ਘੁੰਨਸ ਨੇ ਦਾਅਵਾ ਕੀਤਾ ਕਿ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਕਈ ਮੈਂਬਰਾਂ ਨੇ ਵੀ ਉਨ੍ਹਾਂ ਦੇ ਹੱਕ ਵਿੱਚ ਵੋਟ ਪਾਉਣ ਦਾ ਭਰੋਸਾ ਦਿੱਤਾ।

The post ਸਾਲਾਨਾ ਜਨਰਲ ਇਜਲਾਸ: ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਅੱਜ appeared first on punjabitribuneonline.com.



Source link